ਲੁਧਿਆਣਾ (ਰਿੰਕੂ) : ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਉਮੀਦ ਤੋਂ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਤੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦਹਾਈ ਦਾ ਅੰਕੜਾ ਵੀ ਨਹੀਂ ਛੂਹ ਪਾਏਗੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਿਨ ਵਿੱਚ ਹੀ ਭਗਵੰਤ ਮਾਨ ਦੇ ਦੁਬਾਰਾ ਮੁੱਖ ਮੰਤਰੀ ਬਣਨ ਦੇ ਸੁਪਨੇ ਦੇਖ ਰਹੇ ਹਨ, ਜਦੋਂ ਕਿ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਪਹਿਲਾਂ ਹੀ ਤੰਗ ਆ ਚੁੱਕੇ ਹਨ ਅਤੇ ਜਿੰਨੀ ਜਲਦੀ ਹੋ ਸਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।
ਵੜਿੰਗ ਨੇ ਇੱਕ ਵਾਰ ਫਿਰ ਦੁਹਰਾਇਆ ਕਿ ‘ਆਪ’ ਲੀਡਰਸ਼ਿਪ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਉਣ ਦੇ ਖਿਆਲੀ ਪੁਲਾਓ ਪਕਾ ਰਹੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਮੇਰੇ ਤੋਂ ਲਿਖਵਾ ਲਓ ਕਿ ਸਰਕਾਰ ਬਣਾਉਣ ਦੀ ਗੱਲ ਤਾਂ ਦੂਰ, ਇਸ ਵਾਰ ‘ਆਪ’ ਦਹਾਈ ਦਾ ਅੰਕੜਾ ਵੀ ਨਹੀਂ ਛੂਹ ਸਕੇਗੀ ਅਤੇ ਹੋ ਸਕਦਾ ਹੈ ਕਿ ਚੋਣ ਲੜਨ ਲਈ ਉਸ ਨੂੰ ਲੋੜੀਂਦੇ ਉਮੀਦਵਾਰ ਵੀ ਨਾ ਮਿਲਣ। ਇਨ੍ਹਾਂ ਦੇ ਅੱਧੇ ਤੋਂ ਵੱਧ ਮੌਜੂਦਾ ਵਿਧਾਇਕ ਡੁੱਬਦੇ ਜਹਾਜ਼ ਵਿੱਚੋਂ ਛਾਲ ਮਾਰਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਲੀਡਰਸ਼ਿਪ ਇਹ ਸੋਚਦੀ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਮੂਰਖ ਬਣਾ ਲਵੇਗੀ, ਤਾਂ ਇਹ ਉਸ ਦੀ ਬਹੁਤ ਵੱਡੀ ਭੁੱਲ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਲੋਕਾਂ ਨੂੰ ਹਰ ਸਮੇਂ ਮੂਰਖ ਨਹੀਂ ਬਣਾ ਸਕਦੇ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ‘ਆਪ’ 'ਤੇ ਪੰਜਾਬ ਦੀਆਂ ਔਰਤਾਂ ਨਾਲ 1,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਲੈ ਕੇ ਧੋਖਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਿਵੇਂ ਕਿ ਕੇਜਰੀਵਾਲ ਨੇ ਖ਼ੁਦ ਦਾਅਵਾ ਕੀਤਾ ਹੈ ਕਿ ਚੋਣਾਂ ਇਸ ਸਾਲ ਨਵੰਬਰ ਵਿੱਚ ਹੋ ਸਕਦੀਆਂ ਹਨ, ਉਸ ਹਿਸਾਬ ਨਾਲ ‘ਆਪ’ ਹੁਣ ਪੰਜਾਬ ਦੀਆਂ ਔਰਤਾਂ ਨੂੰ ਸਿਰਫ਼ 3,000 ਰੁਪਏ ਦੇਵੇਗੀ, ਜਦੋਂ ਕਿ ਉਨ੍ਹਾਂ ਨੂੰ 60,000 ਰੁਪਏ ਮਿਲ ਜਾਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਇਹ ਸਭ ਤੋਂ ਵੱਡਾ ਧੋਖਾ ਹੈ ਅਤੇ ‘ਆਪ’ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਇਸ ਗੱਲ 'ਤੇ ਹੈਰਾਨੀ ਪ੍ਰਗਟਾਈ ਕਿ ਕੇਜਰੀਵਾਲ ਇਹ ਐਲਾਨ ਕਿਵੇਂ ਕਰ ਸਕਦੇ ਹਨ ਕਿ ਪੰਜਾਬ ਵਿੱਚ ਚੋਣਾਂ ਤਿੰਨ ਮਹੀਨੇ ਪਹਿਲਾਂ, ਯਾਨੀ ਇਸੇ ਸਾਲ ਨਵੰਬਰ ਵਿੱਚ ਕਰਵਾਈਆਂ ਜਾਣਗੀਆਂ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਹੀਂ ਆਉਣੀ ਚਾਹੀਦੀ ਸੀ? ਉਨ੍ਹਾਂ ਇਹ ਵੀ ਪੁੱਛਿਆ ਕਿ ਕੀ ਕੇਜਰੀਵਾਲ ਦਾ ਚੋਣ ਕਮਿਸ਼ਨ ਨਾਲ ਕੋਈ “ਸਿੱਧਾ ਸੰਪਰਕ” ਹੈ, ਜਿਵੇਂ ਕਿ ਉਨ੍ਹਾਂ ਦੀ ‘ਏ-ਟੀਮ’ ਭਾਜਪਾ ਬਾਰੇ ਕਿਹਾ ਜਾਂਦਾ ਹੈ।
ਰਾਜ਼ੀਨਾਮਾ ਕਰਨ ਆਏ ਪਤੀ-ਪਤਨੀ ਦੇ ਰਿਸ਼ਤੇਦਾਰਾਂ ਵਿਚਾਲੇ ਹੱਥੋਪਾਈ, ਪਾੜੇ ਕੱਪੜੇ
NEXT STORY