ਤਰਨਤਾਰਨ/ਖਾਲੜਾ (ਰਾਜੂ, ਰਾਜੀਵ, ਬੱਬੂ, ਵਾਲੀਆ)-ਜ਼ਿਲਾ ਤਰਨਤਾਰਨ ਦੇ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਵਿੱਢੀ ਹੋਈ ਮੁਹਿੰਮ ਤਹਿਤ ਤਰਨਤਾਰਨ ਪੁਲਸ ਨੇ ਭਾਰੀ ਮਾਤਰਾ 'ਚ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਹਾਲਾਂਕਿ ਇਨ੍ਹਾਂ ਦਾ ਇਕ ਸਾਥੀ ਪੁਲਸ ਨੂੰ ਚਕਮਾ ਦੇ ਕੇ ਭੱਜਣ 'ਚ ਕਾਮਯਾਬ ਹੋ ਗਿਆ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ. ਪੀ. (ਆਈ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਪੁਲ ਡਰੇਨ ਰਾਜੋਕੇ 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਪਲਟੀਨਾ ਮੋਟਰਸਾਈਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਕਤ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਪਿੱਛੇ ਮੁੜਨ ਸਮੇਂ ਟਾਇਰ ਸਲਿੱਪ ਹੋਣ ਕਾਰਣ ਡਿੱਗ ਗਏ, ਜਿਨ੍ਹਾਂ 'ਚੋਂ ਦੋ ਵਿਅਕਤੀਆਂ ਨੂੰ ਪੁਲਸ ਪਾਰਟੀ ਨੇ ਕਾਬੂ ਕਰ ਲਿਆ ਜਦ ਕਿ ਇਕ ਮੌਕੇ ਤੋਂ ਭੱਜ ਗਿਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਦਿਲਬਾਗ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਕਾਲੇ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਠੱਠਾ ਵਜੋਂ ਹੋਈ। ਪੁਲਸ ਵੱਲੋਂ ਤਲਾਸ਼ੀ ਲੈਣ 'ਤੇ ਦਿਲਬਾਗ ਸਿੰਘ ਦੇ ਕੋਲੋਂ 180 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ ਜਦਕਿ ਮੋਟਰਸਾਈਕਲ ਦੀ ਡਿੱਕੀ 'ਚੋਂ 170 ਗ੍ਰਾਮ ਹੈਰੋਇਨ ਬਰਾਮਦ ਹੋਈ।
ਐੱਸ. ਪੀ. ਵਾਲੀਆ ਨੇ ਦੱਸਿਆ ਕਿ ਫਰਾਰ ਮੁਲਜ਼ਮ ਦੀ ਪਛਾਣ ਮਹਿੰਗਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਛੋਟਾ ਕਿਰਤੋਵਾਲ ਵਜੋਂ ਹੋਈ ਹੈ ਅਤੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਦ ਕਿ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਪੰਜਾਬ ਕੈਬਨਿਟ ਨੇ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਨੂੰ ਮਨਜ਼ੂਰੀ ਦਿੱਤੀ
NEXT STORY