ਬਟਾਲਾ (ਬੇਰੀ, ਸਾਹਿਲ)-ਬਟਾਲਾ ਸ਼ਹਿਰ ’ਚ ਗੋਲੀ ਚੱਲਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅਜਿਹਾ ਹੀ ਇਕ ਤਾਜ਼ਾ ਮਾਮਲਾ ਬਟਾਲਾ ਦੇ ਭੀੜ-ਭਾੜ ਵਾਲੇ ਇਲਾਕੇ ਸਿਟੀ ਰੋਡ ’ਚ ਦੇਖਣ ਨੂੰ ਮਿਲਿਆ, ਜਦ ਇਕ ਮੋਟਰਸਾਈਕਲ ’ਤੇ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਨਰੇਸ਼ ਜਿਊਲਰਜ਼ ਦੀ ਦੁਕਾਨ ’ਤੇ ਗੋਲੀ ਚਲਾਈ ਗਈ।
ਇਸ ਸਬੰਧੀ ਦੁਕਾਨ ਦੇ ਮਾਲਕ ਨਰੇਸ਼ ਲੂਥਰਾ ਪੁੱਤਰ ਜਸਪਾਲ ਲੂਥਰਾ ਵਾਸੀ ਪਹਾੜੀ ਗੇਟ ਬਟਾਲਾ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਉਨ੍ਹਾਂ ਨੂੰ ਕੁਝ ਵਿਅਕਤੀਆਂ ਵੱਲੋਂ ਫਿਰੌਤੀ ਲਈ ਫੋਨ ਕੀਤਾ ਜਾ ਰਿਹਾ ਸੀ ਅਤੇ ਬੀਤੇ ਦਿਨੀ ਉਨ੍ਹਾਂ ਦੇ ਬੇਟੇ ਦੇ ਬੱਸ ਸਟੈਂਡ ਦੇ ਨਜ਼ਦੀਕ ਦਫਤਰ ’ਤੇ ਵੀ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਕੁਝ ਦਿਨਾਂ ਬਾਅਦ ਪੁਲਸ ਨੇ ਉਕਤ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਸੀ।
ਉਨ੍ਹਾਂ ਨੂੰ ਸ਼ੱਕ ਹੈ ਕਿ ਆਪਣੇ ਸਾਥੀਆਂ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਉਕਤ ਵਿਅਕਤੀਆਂ ਵੱਲੋਂ ਦੁਬਾਰਾ ਅੱਜ ਉਨ੍ਹਾਂ ਦੇ ਦਫਤਰ ’ਚ ਇਕ ਰੌਂਦ ਫਾਇਰ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਦੁਕਾਨ ਦਾ ਸ਼ੀਸ਼ਾ ਚਕਨਾਚੂਰ ਹੋ ਗਿਆ ਅਤੇ ਇਸ ਘਟਨਾ ’ਚ ਉਨ੍ਹਾਂ ਦੀ ਜਾਨ ਵਾਲ-ਵਾਲ ਬਚੀ ਹੈ। ਉਨ੍ਹਾਂ ਕਿਹਾ ਕਿ ਉਕਤ ਘਟਨਾ ਨੂੰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਅੰਜਾਮ ਦਿੱਤਾ ਹੈ ਅਤੇ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਸ ਗੋਲੀ ਚਲਾਉਣ ਵਾਲੇ ਨੌਜਵਾਨਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰੇ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਿਟੀ ਆਜ਼ਾਦ ਦਵਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਐੱਸ. ਐੱਚ. ਓ. ਜਸਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਘਟਨਾ ਸਥਲ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਆਜ਼ਾਦ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ਤੋਂ ਗੋਲੀ ਦਾ ਖੋਲ ਬਰਾਮਦ ਕਰ ਲਿਆ ਹੈ ਅਤੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ।
ਇਮਰਾਨ ਖਾਨ ਨੇ ਪਾਲੀਗ੍ਰਾਫ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ
NEXT STORY