ਅੰਮ੍ਰਿਤਸਰ (ਛੀਨਾ) : ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਅਬੋਹਰ ਵਿਖੇ 27 ਸਤੰਬਰ 2026 ਨੂੰ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਅਜੈ ਕੁਮਾਰ ਦੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਪੁਲਸ ਮਹਾਨਿਰਦੇਸ਼ਕ (ਡੀ.ਜੀ.ਪੀ.) ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਮਾਮਲੇ ਦੀ ਨਿਰਪੱਖ ਜਾਂਚ, ਪੀੜਤ ਪਰਿਵਾਰ ਦੀ ਸੁਰੱਖਿਆ ਅਤੇ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਹੈ। ਹਰਦੀਪ ਸਿੰਘ ਗਿੱਲ ਵੱਲੋਂ ਜਾਰੀ ਪੱਤਰ ਅਨੁਸਾਰ ਅਬੋਹਰ ਦੇ ਸੰਤ ਨਗਰ ਸਥਿਤ ਭਗਵਾਨ ਵਾਲਮੀਕਿ ਮੰਦਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿਚ ਅਜੈ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਾਲਮੀਕਿ/ਸਫ਼ਾਈ ਕਰਮਚਾਰੀ ਭਾਈਚਾਰੇ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਿਤਾ ਵੀ ਸਫ਼ਾਈ ਕਰਮਚਾਰੀ ਹਨ। ਪੱਤਰ ਵਿਚ ਪਰਿਵਾਰ ਵੱਲੋਂ ਜਾਂਚ ਦੀ ਪ੍ਰਗਤੀ ਬਾਰੇ ਪ੍ਰਗਟਾਈ ਗਈ ਚਿੰਤਾ ਅਤੇ ਨਿਰਪੱਖ ਜਾਂਚ ਦੀ ਮੰਗ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਹਰਦੀਪ ਸਿੰਘ ਗਿੱਲ ਨੇ ਸੁਝਾਅ ਦਿੱਤਾ ਹੈ ਕਿ ਮਾਮਲੇ ਦੀ ਸਮੀਖਿਆ ਅਜਿਹੇ ਸੀਨੀਅਰ ਪੁਲਸ ਅਧਿਕਾਰੀ ਤੋਂ ਕਰਵਾਈ ਜਾਵੇ, ਜੋ ਮੌਜੂਦਾ ਜਾਂਚ ਨਾਲ ਸਿੱਧੇ ਤੌਰ ’ਤੇ ਜੁੜਿਆ ਨਾ ਹੋਵੇ। ਇਸ ਦੇ ਨਾਲ ਹੀ ਮ੍ਰਿਤਕ ਦੀ ਮੌਤ ਤੋਂ ਪਹਿਲਾਂ ਦਰਜ ਕੀਤੇ ਗਏ ਬਿਆਨਾਂ, ਸੀ.ਸੀ.ਟੀ.ਵੀ. ਫੁਟੇਜ, ਫੋਰੈਂਸਿਕ ਸਬੂਤਾਂ, ਕਾਲ ਰਿਕਾਰਡਾਂ ਅਤੇ ਹੋਰ ਸੰਬੰਧਿਤ ਸਬੂਤਾਂ ਦੀ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਉਪਲਬਧ ਸਬੂਤਾਂ ਦੇ ਆਧਾਰ ’ਤੇ ਅਪਰਾਧ ਵਿਚ ਸ਼ਾਮਲ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਫ਼ਰਾਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੀ ਕਾਨੂੰਨ ਅਨੁਸਾਰ ਲੋੜੀਂਦੇ ਕਦਮ ਚੁੱਕੇ ਜਾਣ।
ਹਰਦੀਪ ਗਿੱਲ ਨੇ ਪੀੜਤ ਪਰਿਵਾਰ ਅਤੇ ਗਵਾਹਾਂ ਦੀ ਸੁਰੱਖਿਆ ਨੂੰ ਵੀ ਅਹਿਮ ਦੱਸਿਆ ਹੈ। ਕਿਸੇ ਵੀ ਸੰਭਾਵੀ ਖ਼ਤਰੇ ਜਾਂ ਧਮਕੀ ਦੀ ਸਥਿਤੀ ਵਿਚ ਲਾਗੂ ਕਾਨੂੰਨ ਅਤੇ ਗਵਾਹ ਸੁਰੱਖਿਆ ਯੋਜਨਾ, 2018 ਦੇ ਤਹਿਤ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਜਾਂਚ ਦੀ ਪ੍ਰਗਤੀ ਦੀ ਨਿਗਰਾਨੀ ਕਰਨ, ਮਾਮਲੇ ਦੀ ਜਾਂਚ ਜਲਦੀ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਅਤੇ ਪੀੜਤ ਪਰਿਵਾਰ ਦੀ ਯੋਗਤਾ ਅਨੁਸਾਰ ਮੁਆਵਜ਼ਾ, ਕਾਨੂੰਨੀ ਸਹਾਇਤਾ ਅਤੇ ਹੋਰ ਮਨਜ਼ੂਰਸ਼ੁਦਾ ਰਾਹਤ ਮੁਹੱਈਆ ਕਰਵਾਉਣ ਬਾਰੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਨੇ ਸੰਬੰਧਿਤ ਅਧਿਕਾਰੀਆਂ ਤੋਂ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਮੰਗੀ ਹੈ, ਤਾਂ ਜੋ ਜਾਂਚ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਅਗਲੀ ਕਾਰਵਾਈ ਦੀ ਨਿਗਰਾਨੀ ਕੀਤੀ ਜਾ ਸਕੇ।
ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, 4-5 ਅਣਪਛਾਤੇ ਹਮਲਾਵਰਾਂ ਵੱਲੋਂ ਵਿਅਕਤੀ ਦਾ ਕਤਲ
NEXT STORY