ਗੁਰਦਾਸਪੁਰ (ਦੀਪਕ) : ਕੇਂਦਰ 'ਚ ਸੱਤਾ ਦਾ ਮੋਹ ਤਿਆਗ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਅਤੇ ਸਦਨ 'ਚ ਕਾਲੇ ਚੋਲੇ ਪਾ ਕੇ ਆਉਣ ਦੀ ਬਜਾਏ ਆਪਣੇ ਸੂਬੇ ਦੇ ਹਿੱਤਾਂ ਲਈ ਕੇਂਦਰ ਦੀ ਮੋਦੀ ਸਰਕਾਰ 'ਤੇ ਦਬਾਅ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਇਹ ਗੱਲ ਅੱਜ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਇਕ ਪ੍ਰੈੱਸ ਬਿਅਨ 'ਚ ਆਖੀ। ਜਾਖੜ ਨੇ ਕਿਹਾ ਕਿ ਇਕ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਸੀਮਤ ਵਿੱਤੀ ਸਾਧਨਾਂ ਦੇ ਬਾਵਜੂਦ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਨਾਲ-ਨਾਲ ਸੂਬੇ ਨੂੰ ਆਰਥਿਕ ਤੌਰ 'ਤੇ ਪੈਰਾਂ ਸਿਰ ਕਰਨ ਲਈ ਯਤਨਸ਼ੀਲ ਹੈ ਤੇ ਦੂਜੇ ਪਾਸੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਸਰਕਾਰ ਕਿਸਾਨ ਹਿੱਤ ਲਈ ਕੁਝ ਨਹੀਂ ਕਰ ਰਹੀ।
ਅਜਿਹੇ 'ਚ ਕੇਂਦਰ 'ਚ ਮੋਦੀ ਸਰਕਾਰ ਦੇ ਭਾਗੀਦਾਰ ਅਕਾਲੀ ਦਲ ਨੂੰ ਸੱਚ ਤੇ ਹੱਕ 'ਚ ਖੜ੍ਹਨ ਦੀ ਸਲਾਹ ਦਿੰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਜਦ ਉਨ੍ਹਾਂ ਦੀ ਸੂਬੇ 'ਚ 10 ਸਾਲ ਤਕ ਸਰਕਾਰ ਰਹੀ ਤਾਂ ਉਨ੍ਹਾਂ ਨੇ ਕਿੰਨੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਸਨ ਅਤੇ ਹੁਣ ਜਦ ਕੇਂਦਰ ਦੀ ਮੋਦੀ ਸਰਕਾਰ 'ਚ ਅਕਾਲੀ ਦਲ ਬਰਾਬਰ ਦਾ ਭਾਈਵਾਲ ਹੈ ਤਾਂ ਉਸ ਐੱਨ.ਡੀ.ਏ. ਸਰਕਾਰ ਦੀ ਕਿਸਾਨ ਹਿੱਤ 'ਚ ਕੀ ਪ੍ਰਾਪਤੀ ਰਹੀ ਹੈ।
ਜਾਖੜ ਨੇ ਅਕਾਲੀ ਦਲ ਦੇ ਆਗੂਆਂ ਨੂੰ ਕਿਹਾ ਕਿ ਉਸ ਦੇ ਵਿਧਾਇਕ ਵਿਧਾਨ ਸਭਾ 'ਚ ਤਾਂ ਕਾਲੇ ਚੋਲੇ ਪਾ ਕੇ ਆਉਣਾ ਚਾਹੁੰਦੇ ਹਨ ਪਰ ਉਸ ਦੇ ਸੰਸਦ ਮੈਂਬਰ ਵੀ ਕਦੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਦਹਾਲੀ ਬਾਰੇ ਦੱਸਣ ਲਈ ਸੰਸਦ 'ਚ ਕਾਲੇ ਚੋਲੇ ਪਾ ਕੇ ਜਾਣ ਦੀ ਹਿੰਮਤ ਵਿਖਾਉਣ। ਜਾਖੜ ਨੇ ਲੋਕ ਸਭਾ 'ਚ ਪੁੱਛੇ ਇਕ ਸਵਾਲ ਦੇ ਜਵਾਬ 'ਚ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲੇ ਦੇ ਰਾਜ ਮੰਤਰੀ ਪੁਰਸ਼ੋਤਮ ਰੁਪਾਲਾ ਵੱਲੋਂ ਦਿੱਤੇ ਜਵਾਬ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ 'ਚ ਕਿਸਾਨ ਆਤਮਹੱਤਿਆਵਾਂ ਕਰ ਰਹੇ ਹਨ। ਦੇਸ਼ ਦੇ ਕਿਸਾਨਾਂ ਦੀ ਹਾਲਤ ਤਰਸਯੋਗ ਹੈ। ਅਜਿਹੇ 'ਚ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੇ ਪਰਜਾ ਪਾਲਕ ਕਿਸਾਨ ਨੂੰ ਇਸ ਸੰਕਟ 'ਚੋਂ ਕੱਢਣ ਲਈ ਕੋਈ ਨੀਤੀ ਲੈ ਕੇ ਆਵੇ।
ਉਨ੍ਹਾਂ ਕਿਹਾ ਕਿ ਐੱਨ. ਡੀ. ਏ. ਸਰਕਾਰ ਜਾਣਬੁੱਝ ਕੇ ਆਪਣੇ ਭਾਈਵਾਲਾਂ ਰਾਹੀਂ ਸਦਨ ਦੀ ਕਾਰਵਾਈ ਠੱਪ ਕਰਵਾ ਰਹੀ ਹੈ ਤਾਂ ਜੋ ਵਿਰੋਧੀ ਧਿਰ ਸਦਨ 'ਚ ਸਰਕਾਰ ਦੀ ਜਵਾਬਦੇਹੀ ਤੈਅ ਨਾ ਕਰ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਨੂੰ ਵੀ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਆਸਤ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ 'ਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਉਹ ਕਿਸਾਨੀ ਕਰਜ਼ੇ ਮੁਆਫੀ ਲਈ ਸੂਬਿਆਂ ਦੀ ਮਦਦ ਕਰਨੀ ਚਾਹੀਦੀ ਹੈ।
ਗੈਸ ਸਿਲੰਡਰ ਫਟਣ ਨਾਲ ਘਰ ਨੂੰ ਲੱਗੀ ਅੱਗ
NEXT STORY