ਅੰਮ੍ਰਿਤਸਰ (ਸਰਬਜੀਤ, ਪਰਾਸ਼ਰ) - ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾਅ ਰਿਹਾ ਪਰ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸੋਚੀ-ਸਮਝੀ ਸਾਜ਼ਿਸ਼ ਹੈ।
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰਾਂ ਦੀ ਨਾਕਾਮੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ ਪਰ ਅੱਜ ਤੱਕ ਸਰਕਾਰਾਂ ਉਸ ਸਾਜ਼ਿਸ਼ ਦਾ ਪਤਾ ਲਗਾਉਣ ਵਿਚ ਵੀ ਨਾਕਾਮ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਹੈ, ਜਿਸ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਸ ਦੀ ਹਿਰਾਸਤ ਵਿਚ ਹੈ, ਜੇਕਰ ਅਜੇ ਵੀ ਇਸ ਘਟਨਾ ਦੇ ਸਾਜ਼ਿਸ਼ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪੱਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ।
ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਗੁਮਰਾਹਕੁੰਨ ਲੋਕ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਾ ਹੋਣ, ਇਸ ਲਈ ਬਾਜ਼ਾਰਾਂ ਅਤੇ ਧਾਰਮਿਕ ਸਥਾਨਾਂ ’ਤੇ ਹੋਰ ਚੌਕਸ ਹੋ ਕੇ ਸੇਵਾ ਨਿਭਾਈ ਜਾਵੇ।
ਬਿਕਰਮ ਮਜੀਠੀਆ ਦੀ ਜ਼ਮਾਨਤ ਮਾਮਲੇ 'ਚ ਬਹਿਸ ਹੋਈ ਮੁਕੰਮਲ, 15 ਜੂਨ ਨੂੰ ਅਦਾਲਤ ਸੁਣਾਏਗੀ ਫੈਸਲਾ
NEXT STORY