ਗੁਰਦਾਸਪੁਰ ( ਹਰਮਨ) - ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿੱਕਰੀ ਅਤੇ ਭੰਡਾਰਨ ਤੇ ਲਗਾਈ ਪਾਬੰਦੀ ਬਾਰੇ ਆੜ੍ਹਤੀ ਅਤੇ ਸ਼ੈਲਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਸ਼੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ, ਗੁਰਦਾਸਪੁਰ ਜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਸੁਖਜਿੰਦਰ ਸਿੰਘ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ, ਸ੍ਰੀ ਜਸਪਾਲ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ, ਡਾ ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ (ਬੀਜ) ,ਸ੍ਰੀ ਵਿਜੇ ਕੁਮਾਰ ਸਕੱਤਰ ਮਾਰਕੀਟ ਕਮੇਟੀ,ਪਾਲ ਸਿੰਘ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ,ਮੋਹਨ ਸਿੰਘ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਗੌਰਵ ਕੁਮਾਰ, ਮਨਜੀਤ ਸਿੰਘ, ਰਜਤ ਮਿੱਤਲ ਸਮੇਤ ਹੋਰ ਆੜ੍ਹਤੀ ਅਤੇ ਸ਼ੈਲਰ ਮਾਲਕ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੱਕਣ ਵਿਚ ਵੱਧ ਸਮਾਂ ਲੈਣ ਵਾਲੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਲਗਾਈ ਪਾਬੰਦੀ ਕਾਰਨ ਕੋਈ ਵੀ ਬੀਜ ਵਿਕਰੇਤਾ ਗੈਰ ਪ੍ਰਮਾਣਿਤ ਕਿਸਮਾਂ ਦੇ ਬੀਜ ਦੀ ਵਿੱਕਰੀ ਨਾਂ ਕਰਨ, ਜੇਕਰ ਕੋਈ ਵੀ ਬੀਜ ਵਿਕਰੇਤਾ ਪਾਬੰਦੀਸ਼ੁਦਾ ਕਿਸਮਾਂ ਦੀ ਵਿੱਕਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਖੇਤੀ ਕਾਰਨ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਇਸ ਗਿਰਾਵਟ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੱਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੂਸਾ 44 ਕਿਸਮਾਂ ਦੀ ਬਿਜਾਈ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਮਾਂ ਤੋਂ ਇਲਾਵਾ ਝੋਨੇ ਦੀਆਂ ਦੋਗਲੀਆਂ ਕਿਸਮਾਂ ਦੀ ਬਿਜਾਈ ਤੇ ਵੀ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾਂ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਬੰਦੀ ਸ਼ੁਦਾ ਕਿਸਮਾਂ ਦੀ ਵਿੱਕਰੀ ਰੋਕਣ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਤੇ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਦੁਕਾਨਦਾਰ ਪਾਬੰਦੀ ਸ਼ੁਦਾ ਕਿਸਮਾਂ ਦੀ ਵਿੱਕਰੀ ਨਾਂ ਕਰੇ ਅਤੇ ਕਿਸਾਨਾਂ ਨੂੰ ਬੀਜ ਦੀ ਵਿੱਕਰੀ ਉਪਰੰਤ ਬਿੱਲ ਜ਼ਰੂਰ ਦੇਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਚਾਹੀਦਾ ਹੈ ਕਿ ਬੀਜ ਦੀ ਖ਼ਰੀਦ ਕਰਨ ਸਮੇਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿਚ ਮੁੱਖ ਖੇਤੀਬਾੜੀ ਅਫ਼ਸਰ ਦੇ ਧਿਆਨ ਵਿੱਚ ਲਿਆਂਦਾ ਜਾਵੇ ।
ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸਮਾਂ 5 ਜੂਨ ਤੋਂ ਨਿਰਧਾਰਿਤ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਬੀਜ ਵਿਕਰੇਤਾ ਬਿੱਲ ਦੇਣ ਤੋਂ ਬਗੈਰ ਬੀਜ ਦੀ ਵਿੱਕਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਵਿਚ ਲਾਇਸੰਸ ਮੁਅੱਤਲ ਵੀ ਕੀਤਾ ਜਾ ਸਕਦਾ। ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ , ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਵਾਨਿਤ ਪੀਆਰ 126, 127, 128, 129, 130, 131 ਅਤੇ 132 ਕਿਸਮਾਂ ਦੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਮੰਡੀਆਂ ਵਿਚ ਹੋਰਡਿੰਗ ਲਗਾਏ ਜਾਣ।
ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਅਣਅਧਿਕਾਰਤ ਕਿਸਮਾਂ ਦੀ ਵਿੱਕਰੀ ਰੋਕਣ ਲਈ ਸਮੂਹ ਬੀਜ ਵਿਕ੍ਰੇਤਾਵਾਂ ਦੀ ਮੀਟਿੰਗ ਕਰਕੇ ਪੰਜਾਬ ਸਰਕਾਰ ਦੇ ਫ਼ੈਸਲੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਹੁਣ ਬਲਾਕ ਪੱਧਰ ਤੇ ਬੀਜ ਵਿਕ੍ਰੇਤਾਵਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਮੂਹ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਪੂਸਾ 44 ਸਮੇਤ ਹਾਈਬ੍ਰਿਡ ਬੀਜਾਂ ਦੀ ਵਿੱਕਰੀ ਨਾਂ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੀਆਰ 126 ਸਮੇਤ ਘੱਟ ਸਮੇਂ ਵਾਲੀਆ ਕਿਸਮਾਂ ਦੇ ਬੀਜ ਹੀ ਕਿਸਾਨਾਂ ਨੂੰ ਉਪਲਬਧ ਕਰਵਾਏ ਜਾਣਗੇ ਤੇ ਬੀਜ ਡੀਲਰਾਂ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।
ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ
NEXT STORY