ਪਠਾਨਕੋਟ, (ਹਰਜਿੰਦਰ ਸਿੰਘ ਗੋਰਾਇਆ) : ਸੁਤੰਤਰਤਾ ਦਿਵਸ 15 ਅਗਸਤ ਨੂੰ ਅਮਨ-ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਅਰਸ਼ਦੀਪ ਸਿੰਘ ਲੋਬਾਣਾ, ਪੀ.ਸੀ.ਐੱਸ. ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ 15 ਅਗਸਤ 2026 ਨੂੰ ਸਵੇਰੇ 7:00 ਵਜੇ ਤੋਂ ਸ਼ਾਮ 5:00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ।
ਹੁਕਮਾਂ ਅਨੁਸਾਰ ਡਰਾਈ ਡੇਅ ਦੌਰਾਨ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਸ਼ਰਾਬ ਦੇ ਸਾਰੇ ਠੇਕਿਆਂ (ਦੇਸੀ ਅਤੇ ਅੰਗਰੇਜ਼ੀ), ਹੋਟਲਾਂ, ਦੁਕਾਨਾਂ, ਰੈਸਟੋਰੈਂਟਾਂ, ਕਲੱਬਾਂ, ਬੀਅਰ ਬਾਰਾਂ, ਅਹਾਤਿਆਂ ਅਤੇ ਉਨ੍ਹਾਂ ਹੋਰ ਸਥਾਨਾਂ, ਜਿੱਥੇ ਸ਼ਰਾਬ ਦੀ ਵਿਕਰੀ ਜਾਂ ਸੇਵਨ ਦੀ ਕਾਨੂੰਨੀ ਇਜਾਜ਼ਤ ਹੈ, ਵਿਖੇ ਸ਼ਰਾਬ ਦੀ ਵਿਕਰੀ, ਵਰਤੋਂ, ਪੀਣ-ਪਿਲਾਉਣ ਅਤੇ ਸਟੋਰ ਕਰਨ ’ਤੇ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਵੀ ਸ਼ਰਾਬ ਦੀ ਵਿਕਰੀ ਜਾਂ ਸੇਵਨ ਨਹੀਂ ਕੀਤਾ ਜਾ ਸਕੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਪਾਬੰਦੀ ਸੁਤੰਤਰਤਾ ਦਿਵਸ ਦੇ ਸਮਾਗਮਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਲਗਾਈ ਗਈ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਜਾਰੀ ਕੀਤੇ ਹੁਕਮਾਂ ਦੀ ਪੂਰਨ ਤੌਰ ’ਤੇ ਪਾਲਣਾ ਯਕੀਨੀ ਬਣਾਉਣ ਲਈ ਸਹਾਇਕ ਕਮਿਸ਼ਨਰ (ਆਬਕਾਰੀ), ਪਠਾਨਕੋਟ ਜ਼ਿੰਮੇਵਾਰ ਹੋਣਗੇ ਅਤੇ ਸਬੰਧਤ ਵਿਭਾਗ ਵੱਲੋਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੁਤੰਤਰਤਾ ਦਿਵਸ ਨੂੰ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਅਮਨ-ਸ਼ਾਂਤੀ ਨਾਲ ਮਨਾਉਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਂਤਮਈ ਮਾਹੌਲ ਬਣਾਈ ਰੱਖਣ ਵਿੱਚ ਸਹਿਯੋਗ ਦੇਣ।
ਡਾ. ਸ਼ਾਹਬਾਜ਼ ਸਿੰਘ ਚੀਮਾ ਵੱਲੋਂ ਖਾਦ ਦੇ ਹੋਲਸੇਲਰਾਂ ਤੇ ਕੰਪਨੀਆਂ ਦੇ ਸੀਨੀਅਰ ਨੁਮਾਇੰਦਿਆਂ ਨੂੰ ਸਖ਼ਤ ਹਦਾਇਤਾਂ
NEXT STORY