ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅੱਜ ਇੱਥੇ ਪੰਜਾਬ ਯੂ. ਟੀ. ਮੁਲਾਜ਼ਮ ਪੈਨਸ਼ਨਰ ਐਕਸ਼ਨ ਕਮੇਟੀ ਦੇ ਬੈਨਰ ਹੇਠ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਹ ਭਰਪੂਰ ਮੁਜ਼ਾਹਰਾ ਕੀਤਾ। ਇਸ ਤਹਿਤ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਹਿਲਾਂ ਸਰਕਾਰ ਖਿਲਾਫ ਭੜਾਸ ਕੱਢੀ। ਜਿਸ ਦੇ ਬਾਅਦ ਇਹ ਆਗੂ ਰੋਸ ਮਾਰਚ ਕਰਦੇ ਹੋਏ ਡਾਕਖਾਨਾ ਚੌਕ ਪਹੁੰਚੇ। ਇਸ ਚੌਕ ਤੱਕ ਕੀਤੇ ਰੋਸ ਮਾਰਚ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੀਪੇ ਖੜਕਾ ਕੇ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਾਗਣ ਦਾ ਸੱਦਾ ਦਿੱਤਾ ਅਤੇ ਨਾਲ ਹੀ ਕੈਬਨਿਟ ਸਬ ਕਮੇਟੀ ਦੇ ਪੁਤਲੇ ਫੂਕ ਕੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ 14 ਅਗਸਤ ਨੂੰ ਪਟਿਆਲਾ ਵਿਖੇ ਵਿਸ਼ਾਲ ਇਕੱਠ ਕਰ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਰਜਿੰਦਰ ਸਿੰਘ, ਪੂਰਨ, ਕਰਮ ਸਿੰਘ ਭੱਟੀ, ਪੂਰਨ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਮੋਹਣ ਲਾਲ, ਗੁਰਮੇਜ ਸਿੰਘ ਅਤੇ ਪੁਰਾਨ ਨਾਥ ਆਦਿ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਲਾਰੇ ਤਾਂ ਲਾਏ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਕੋਈ ਸੰਜੀਦਗੀ ਨਹੀਂ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਪਹਿਲਾਂ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਲਈ ਇਕ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਸੀ ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਪੂਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਬੇਰੁਖੀ ਵਿਰੁੱਧ ਮੁਲਾਜ਼ਮ ਆਗੂ ਸੱਜਣ ਸਿੰਘ ਵੱਲੋਂ ਚੰਡੀਗੜ੍ਹ 'ਚ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ। ਜਿਸ ਨੂੰ ਖਤਮ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਆਗੂਆਂ ਨਾਲ ਮੀਟਿੰਗ ਕਰ ਕੇ ਸਾਰੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਾਮਲੇ 'ਚ ਵਾਅਦਾ-ਖਿਲਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ 2 ਅਗਸਤ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਅਜਲਾਸ 'ਚ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਬਿੱਲ ਪਾਸ ਕੀਤਾ ਜਾਵੇ, ਨਹੀਂ ਤਾਂ ਉਹ 14 ਅਗਸਤ ਨੂੰ ਪੰਜਾਬ ਪੱਧਰੀ ਰੈਲੀ ਕਰ ਕੇ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਣਗੇ।
ਕੀ ਨੇ ਮੁਲਾਜ਼ਮਾਂ ਦੀਆਂ ਮੰਗਾਂ?
**ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।
**ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਲੈ ਕੇ ਪੱਕੇ ਕੀਤਾ ਜਾਵੇ।
**6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ ਸਕੇਲ ਸੋਧੇ ਜਾਣ ਅਤੇ 125 ਫੀਸਦੀ ਮਹਿੰਗਾਈ ਭੱਤਾ ਬੇਸਿਕ ਪੇਅ 'ਚ ਸ਼ਾਮਿਲ ਕੀਤਾ ਜਾਵੇ।
**ਅੰਤਰਿਮ ਸਹਾਇਤਾ ਦੇਣ ਤੋਂ ਇਲਾਵਾ ਡੀ. ਏ. ਦੀਆਂ ਕਿਸ਼ਤਾਂ ਅਤੇ ਬਕਾਏ ਅਦਾ ਕੀਤੇ ਜਾਣ।
**ਆਂਗਣਵਾੜੀ, ਆਸ਼ਾ ਅਤੇ ਮਿੱਡ-ਡੇਅ-ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਦੇ ਘੇਰੇ 'ਚ ਲਿਆਂਦਾ ਜਾਵੇ।
**ਨਵੀਂ ਪੈਨਸ਼ਨ ਸਕੀਮ ਰੱਦ ਕਰ ਕੇ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕੀਤੀ ਜਾਵੇ।
**ਖਾਲੀ ਅਸਾਮੀਆਂ ਭਰੀਆਂ ਜਾਣ।
**ਬੰਦ ਕੀਤੇ ਥਰਮਲ ਪਲਾਂਟ ਚਲਾਏ ਜਾਣ।
**ਨਿੱਜੀਕਰਨ ਦੀ ਨੀਤੀ ਬੰਦ ਕੀਤੀ ਜਾਵੇ।
ਦਵਾਈ ਦੇ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਖਾਧੀ ਜ਼ਹਿਰੀਲੀ ਦਵਾਈ
NEXT STORY