ਅੰਮ੍ਰਿਤਸਰ, (ਸਰਬਜੀਤ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪੁਲਸ ਮੁਲਾਜ਼ਮਾਂ ਵੱਲੋਂ ਸਾਦੀ ਵਰਦੀ ਵਿੱਚ ਦਾਖਲ ਹੋ ਕੇ ਕੁਝ ਨੌਜਵਾਨਾਂ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਘਟਨਾ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਇਸ ਦੀ ਤਿੱਖੀ ਨਿੰਦਾ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਕਾਰਵਾਈਆਂ ਨਾਲ ਸੰਗਤ ਦੇ ਮਨਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕੁਝ ਪੁਲਸ ਮੁਲਾਜ਼ਮਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਅੰਦਰ ਦਾਖਲ ਹੋ ਕੇ ਕੁਝ ਨੌਜਵਾਨਾਂ ਨੂੰ ਫੜਨ ਦਾ ਯਤਨ ਕੀਤਾ ਹੈ। ਮੌਕੇ 'ਤੇ ਮੁਸਤੈਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਮੁਲਾਜ਼ਮਾਂ ਨੂੰ ਫੜ ਲਿਆ ਅਤੇ ਕਮਰੇ ਵਿੱਚ ਬੰਦ ਕਰ ਦਿੱਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਅਤੇ ਰੂਹਾਨੀ ਸ਼ਾਂਤੀ ਦਾ ਕੇਂਦਰ ਹੈ। ਇੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਮਨ ਦੀ ਸ਼ਾਂਤੀ ਲਈ ਆਉਂਦੀਆਂ ਹਨ। ਉਨ੍ਹਾਂ ਕਿਹਾ, "ਜੇਕਰ ਸਰਕਾਰ ਜਾਂ ਪ੍ਰਸ਼ਾਸਨ ਨੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕਰਨੀ ਹੁੰਦੀ ਹੈ, ਤਾਂ ਸ਼੍ਰੋਮਣੀ ਕਮੇਟੀ ਅਤੇ ਮੈਨੇਜਮੈਂਟ ਨਾਲ ਰਾਬਤਾ ਕਰਨਾ ਅੱਤ ਜ਼ਰੂਰੀ ਹੈ। ਬਿਨਾਂ ਭਰੋਸੇ ਵਿੱਚ ਲਏ ਅਜਿਹੀ ਹਰਕਤ ਕਰਨਾ ਮਰਯਾਦਾ ਦੇ ਖਿਲਾਫ਼ ਹੈ।" ਜਥੇਦਾਰ ਨੇ ਪ੍ਰਸ਼ਾਸਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਗੇ ਤੋਂ ਅਜਿਹੀ ਗਲਤੀ ਬਿਲਕੁਲ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਗੁਰਸਿੱਖਾਂ ਦੀ ਆਸਥਾ ਦੇ ਕੇਂਦਰ ਹਨ ਅਤੇ ਇੱਥੋਂ ਦੀ ਪਵਿੱਤਰਤਾ ਤੇ ਮਰਯਾਦਾ ਨੂੰ ਕਾਇਮ ਰੱਖਣਾ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸੇ ਵੀ ਗਤੀਵਿਧੀ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਵਿਸ਼ਵਾਸ ਵਿੱਚ ਲਿਆ ਜਾਵੇ ਤਾਂ ਜੋ ਸੰਗਤਾਂ ਦੀ ਆਸਥਾ ਨੂੰ ਕੋਈ ਠੇਸ ਨਾ ਪਹੁੰਚੇ।
ਇਸ ਘਟਨਾ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਪਰਿਕਰਮਾ ਵਿੱਚ ਸੁਰੱਖਿਆ ਤੇ ਮਰਯਾਦਾ ਨੂੰ ਲੈ ਕੇ ਚਰਚਾ ਛਿੜ ਗਈ ਹੈ ਅਤੇ ਪੰਥਕ ਹਲਕਿਆਂ ਵਿੱਚ ਪੁਲਸ ਦੀ ਇਸ ਕਾਰਵਾਈ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕਾਂਗਰਸ ਪਾਰਟੀ ਵੱਲੋਂ ਹਲਕਾ ਜੰਡਿਆਲਾ ਗੁਰੂ ’ਚ 6 ਨੂੰ ਹੋਵੇਗੀ ਵਿਸ਼ਾਲ ਰੈਲੀ : ਪ੍ਰਧਾਨ ਡੈਨੀ ਬੰਡਾਲਾ
NEXT STORY