ਗੁਰਦਾਸਪੁਰ, (ਹਰਜਿੰਦਰ ਸਿੰਘ ਗੋਰਾਇਆ)-ਆਜ਼ਾਦੀ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਪੁਲਸ ਨੇ ਸੂਬੇ ਭਰ ਵਿੱਚ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਬਾਰਡਰ ਰੇਂਜ ਦੇ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਸ ਹਰ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਅਮਨ-ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਹਾਲ ਹੀ ਵਿੱਚ ਵੱਖ-ਵੱਖ ਥਾਵਾਂ 'ਤੇ ਭੇਜੀਆਂ ਜਾ ਰਹੀਆਂ ਧਮਕੀ ਭਰੀਆਂ ਈ-ਮੇਲਾਂ ਬਾਰੇ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗਿੱਲ ਨੇ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਈਮੇਲਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਇਹ ਫਰਜ਼ੀ ਅਕਾਊਂਟਾਂ ਰਾਹੀਂ ਕੁਝ ਅਸੰਤੁਸ਼ਟ ਅਤੇ ਦੇਸ਼ ਵਿਰੋਧੀ ਤਾਕਤਾਂ ਵੱਲੋਂ ਡਰ ਅਤੇ ਭਰਮ ਦਾ ਮਾਹੌਲ ਪੈਦਾ ਕਰਨ ਲਈ ਭੇਜੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਵਿੱਚ ਵੀ ਲੋਕਾਂ ਨੂੰ ਡਰਾਉਣ ਲਈ ਇਸੇ ਤਰ੍ਹਾਂ ਦੇ ਹਥਕੰਡੇ ਅਪਣਾਏ ਜਾਂਦੇ ਸਨ।ਪਰ ਪੰਜਾਬ ਪੁਲਿਸ ਅਜਿਹੀਆਂ ਹਰ ਗਤੀਵਿਧੀਆਂ 'ਤੇ ਪੂਰੀ ਨਜ਼ਰ ਰੱਖ ਰਹੀ ਹੈ।ਅਤੇ ਹਰ ਇਨਪੁੱਟ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਡੀ.ਆਈ.ਜੀ. ਗਿੱਲ ਨੇ ਕਿਹਾ ਕਿ ਜਦੋਂ ਪੁਲਿਸ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਦੀ ਹੈ ਅਤੇ ਅਪਰਾਧਿਕ ਜਾਂ ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਦੀ ਹੈ।ਤਾਂ ਅਜਿਹੇ ਅਨਸਰ ਆਪਣੀ ਨਿਰਾਸ਼ਾ ਵਿੱਚ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਹਰਕਤਾਂ ਕਰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦਾ ਮਨੋਬਲ ਪੂਰੀ ਤਰ੍ਹਾਂ ਮਜ਼ਬੂਤ ਹੈ।ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸੁਰੱਖਿਆ ਬਲ ਹਰ ਵੇਲੇ ਤਿਆਰ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫ਼ਵਾਹ ਜਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਅਪੁਸ਼ਟ ਜਾਣਕਾਰੀ 'ਤੇ ਵਿਸ਼ਵਾਸ ਨਾ ਕਰਨ। ਜੇਕਰ ਕਿਸੇ ਨੂੰ ਕੋਈ ਸ਼ੱਕੀ ਗਤੀਵਿਧੀ ਜਾਂ ਧਮਕੀ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ।
ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
NEXT STORY