ਅੰਮ੍ਰਿਤਸਰ(ਸਰਬਜੀਤ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਜੋੜਾਘਰ ਦੇ ਨਿਰਮਾਣ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਤਖ਼ਤ ਸਾਹਿਬ ਦੇ ਬੇਸਮੈਂਟ ਵਿੱਚ ਬਣਨ ਵਾਲੇ ਇਸ ਨਵੇਂ ਜੋੜਾਘਰ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੰਪਰਦਾਇ ਵੱਲੋਂ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਰ ਸੇਵਾ ਦੀ ਸ਼ੁਰੂਆਤ ਦੀ ਅਰਦਾਸ ਉਪਰੰਤ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਕਾਰ ਸੇਵਾ ਦੀ ਸ਼ੁਰੂਆਤ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਮਹਾਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ ਸਮੇਤ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ ਅਤੇ ਸੁਮਿਤ ਸਿੰਘ ਕਲਸੀ ਸਮੇਤ ਹੋਰ ਪਤਵੰਤੇ ਹਾਜ਼ਰ ਹੋਏ।
ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਅੱਗੇ ਦੱਸਿਆ ਕਿ ਨਵੇਂ ਜੋੜਾਘਰ ਦੇ ਨਿਰਮਾਣ ਨਾਲ ਤਖ਼ਤ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਮੇਤ ਵੱਖ-ਵੱਖ ਧਾਰਮਿਕ ਸਮਾਗਮਾਂ ਦੌਰਾਨ ਤਖ਼ਤ ਸਾਹਿਬ ਵਿਖੇ ਸੰਗਤ ਦੀ ਗਿਣਤੀ ਕਾਫ਼ੀ ਵੱਧ ਜਾਂਦੀ ਹੈ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਕਾਰਨ ਉਨ੍ਹਾਂ ਦੇ ਜੁੱਤੇ-ਚੱਪਲ ਸੁਰੱਖਿਅਤ ਰੱਖਣ ਲਈ ਢੁੱਕਵੀਂ ਵਿਵਸਥਾ ਕਰਨਾ ਕਈ ਵਾਰ ਚੁਣੌਤੀ ਬਣ ਜਾਂਦਾ ਸੀ। ਉਨ੍ਹਾਂ ਕਿਹਾ ਕਿ ਬੇਸਮੈਂਟ ਵਿੱਚ ਬਣਨ ਵਾਲਾ ਨਵਾਂ ਜੋੜਾਘਰ ਇਸ ਸਮੱਸਿਆ ਦਾ ਸਥਾਈ ਹੱਲ ਮੁਹੱਈਆ ਕਰੇਗਾ। ਇਸ ਨਾਲ ਵੱਡੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਨੂੰ ਆਪਣੇ ਜੋੜੇ ਰੱਖਣ ਵਿੱਚ ਸਹੂਲਤ ਹੋਵੇਗੀ ਅਤੇ ਤਖ਼ਤ ਸਾਹਿਬ ਦੇ ਕੰਪਲੈਕਸ ਵਿੱਚ ਵੀ ਬਿਹਤਰ ਵਿਵਸਥਾ ਕਾਇਮ ਕੀਤੀ ਜਾ ਸਕੇਗੀ।
ਜਗਜੋਤ ਸਿੰਘ ਸੋਹੀ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੰਪਰਦਾਇ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਰ ਸੇਵਾ ਰਾਹੀਂ ਧਾਰਮਿਕ ਸੰਸਥਾਵਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਿਰਮਾਣ ਵਿੱਚ ਉਨ੍ਹਾਂ ਦਾ ਯੋਗਦਾਨ ਲੰਮੇ ਸਮੇਂ ਤੋਂ ਮਹੱਤਵਪੂਰਨ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਜੋੜਾਘਰ ਦਾ ਨਿਰਮਾਣ ਵੀ ਬਿਹਤਰ ਗੁਣਵੱਤਾ ਅਤੇ ਆਧੁਨਿਕ ਸਹੂਲਤਾਂ ਨਾਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਸਰਾਂ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ। ਸਰਾਂ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਦੇ ਦਸੰਬਰ ਮਹੀਨੇ ਤੱਕ ਤਿਆਰ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਠਹਿਰਣ ਦੀ ਸਹੂਲਤ ਮਿਲੇਗੀ ਅਤੇ ਇਸ ਸਮੱਸਿਆ ਵਿੱਚ ਕਾਫ਼ੀ ਸੁਧਾਰ ਹੋਵੇਗਾ।
ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ
NEXT STORY