ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਮੈਂਬਰ ਸੁਖਵਿੰਦਰ ਸਿੰਘ ਬੱਬਰ, ਭੁਪਿੰਦਰ ਸਿੰਘ ਭੁੱਲਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨਾਲ ਨਤਮਸਤਕ ਹੋਏ।
ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸੱਚਖੰਡ ਵਿਖੇ ਦਰਸ਼ਨ ਕਰ ਕੇ ਕੁਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ 6 ਜੂਨ 1984 ਵਾਲੇ ਦਿਨ ਆਪਣੀਆਂ ਜਾਨਾਂ ਗਵਾ ਚੁੱਕੇ ਬੇਕਸੂਰ ਸਿੱਖ, ਸਿੱਖਣੀਆਂ ਅਤੇ ਬੱਚਿਆਂ ਦੀ ਯਾਦ ਿਵਚ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅੱਜ ਦੇ ਦਿਨ 6 ਜੂਨ ਨੂੰ ਜਿਹੜਾ 1984 ਦਾ ਸਾਕਾ ਵਾਪਰਿਆ ਉਨ੍ਹਾਂ ਨੂੰ ਯਾਦ ਕਰਨ ਵਾਸਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋ ਕੇ ਅਰਦਾਸ ਕੀਤੀ ਹੈ। ਕਾਲਕਾ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਦਰਸ਼ਨ ਕਰਨ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਹੈਡਕੁਆਰਟਰ ਵਿਖੇ ਕਰਵਾਏ ਗਏ ਮੇਨ ਦੀਵਾਨ ਵਿੱਚ ਸ਼ਾਮਿਲ ਹੋਏ ਸਨ।
ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਸੰਸਥਾ ਹੋਣ ਦੇ ਬਾਵਜੂਦ ਉਸ ਨੂੰ ਬਣਦਾ ਸਨਮਾਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਦਿੱਲੀ ਕਮੇਟੀ ਦੇ ਵੋਟਰ ਹਨ, ਫਿਰ ਵੀ ਦਿੱਲੀ ਕਮੇਟੀ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕਾਲਕਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਅਣਦੇਖੀ ਤੋਂ ਇਹ ਪ੍ਰਭਾਵ ਜਾਂਦਾ ਹੈ ਕਿ ਕਿਤੇ ਨਾ ਕਿਤੇ ਕੋਈ ਖੇਡ ਜਾਂ ਕਪਟ ਮੌਜੂਦ ਹੈ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਜਾਵੇ ਜੋ ਬੇਅਦਬੀ ਬਿੱਲ ਦੀਆਂ ਕਮੀਆਂ ਬਾਰੇ ਵਿਚਾਰ ਕਰਕੇ ਸਰਕਾਰ ਨੂੰ ਸੋਧਾਂ ਲਈ ਸਿਫ਼ਾਰਸ਼ਾਂ ਭੇਜੇ। ਕਾਲਕਾ ਨੇ ਕਿਹਾ ਕਿ ਪੰਥਕ ਸੰਸਥਾਵਾਂ ਦੀ ਰਾਏ ਨੂੰ ਅਣਡਿੱਠਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਹਰ ਫ਼ੈਸਲੇ ਵਿੱਚ ਸਾਰਿਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
NEXT STORY