ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਕ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਇਕ ਪਹਿਰੇਦਾਰ ਵਿਚਕਾਰ ਹੋਈ ਗੱਲਬਾਤ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਹਿਜ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜ੍ਹਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਆਗੂ ਪੱਬਾਂ ਭਾਰ, CM ਮਾਨ ਨੇ ਮੰਤਰੀਆਂ ਨੂੰ ਵੰਡੀਆਂ ਜ਼ਿੰਮੇਵਾਰੀਆਂ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਰ ਧਰਮ ਦੇ ਲੋਕਾਂ ਦਾ ਸਰਬਸਾਂਝਾ ਅਸਥਾਨ ਹੈ ਅਤੇ ਇਥੇ ਪੁੱਜਣ ਵਾਲੇ ਸ਼ਰਧਾਲੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ’ਤੇ ਗ਼ਲਤ ਪ੍ਰਾਪੇਗੰਡਾ ਕਰਨਾ ਭਾਈਚਾਰਕ ਸਾਂਝ ਨੂੰ ਤੋੜਨ ਵਾਲੀ ਕਾਰਵਾਈ ਹੈ, ਜਿਸ ਤੋਂ ਬਚਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਹਾਲੀਆ ਵਾਪਰੀ ਘਟਨਾ ਵਿਚ ਇਕ ਕੁੜੀ ਨੂੰ ਪਹਿਰੇਦਾਰ ਵੱਲੋਂ ਮਰਯਾਦਾ ਦੇ ਪਾਲਣ ਲਈ ਕਿਹਾ ਗਿਆ ਸੀ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਵੀ ਆਰੰਭ ਦਿੱਤੀ ਹੈ ਪਰ ਫਿਰ ਵੀ ਮਾਮਲੇ ਨੂੰ ਕੁਝ ਲੋਕ ਜਾਣਬੁਝ ਕੇ ਗ਼ਲਤ ਦਿਸ਼ਾ ਵਿਚ ਵਧਾ ਰਹੇ ਹਨ।
ਇਹ ਵੀ ਪੜ੍ਹੋ : ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਪੁਰਾਣੇ ਪੈਟਰਨ 'ਤੇ ਨਿਕਲੇ ਨਵਜੋਤ ਸਿੱਧੂ
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਦੀ ਇਕ ਮਰਯਾਦਾ ਨਿਰਧਾਰਤ ਹੁੰਦੀ ਹੈ, ਜਿਸ ਦਾ ਸੰਗਤ ਨੂੰ ਪਾਲਣ ਕਰਨਾ ਲਾਜ਼ਮੀ ਹੁੰਦਾ ਹੈ। ਕਈ ਵਾਰ ਕੁਝ ਲੋਕ ਜਾਣਬੁਝ ਕੇ ਮਰਯਾਦਾ ਵਿਰੁੱਧ ਕਾਰਵਾਈਆਂ ਕਰ ਦਿੰਦੇ ਹਨ, ਜਿਸ ਕਰਕੇ ਪਹਿਰੇਦਾਰ ਅਤੇ ਸੇਵਾਦਾਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਰਹਿੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਪੁੱਜਣ ਸਮੇਂ ਮਰਯਾਦਾ ਦਾ ਖਿਆਲ ਰੱਖਿਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ
NEXT STORY