ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਨੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ। ਇਸ ਮੌਕੇ ਹੈਲੀਕਾਪਟਰ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦਾ ਇਕ ਹੋਰ ਜਵਾਨ ਰਾਜੌਰੀ 'ਚ ਹੋਇਆ ਸ਼ਹੀਦ, ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
ਇਸ ਮੌਕੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਸੋਸ਼ਲ ਮੀਡੀਆ 'ਤੇ ਗੁਰਬਾਣੀ ਦਾ ਇਹ ਸ਼ਬਦ ਲਿਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੂੰ ਆਪਣੀ ਸ਼ਰਧਾ ਭੇਟ ਕੀਤੀ-
"ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ ਗੁਰ ਪਰਸਾਦੀ ਚੀਨ੍ਹਿਆ ਹਰਿ ਰਾਖਿਆ ਉਰਿ ਧਾਰਿ ॥੭॥" ਅੰਗ 1346 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਉਨ੍ਹਾਂ ਲਿਖਿਆ, ਅੱਜ ਮੈਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਕੌਮ ਅਤੇ ਦੇਸ਼ ਦੀ ਤਰੱਕੀ ਅਤੇ ਬੰਦੀ ਸਿੰਘ, ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਦੀ ਰਿਹਾਈ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
NEXT STORY