ਅੰਮ੍ਰਿਤਸਰ (ਬਿਊਰੋ) : ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਹੋਣਗੇ। ਜਾਣਕਾਰੀ ਦਿੰਦਿਆਂ ਵਫ਼ਦ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਘਰਸ਼ੀ ਪਹਿਲਵਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਸੀ, ਜਿਸ ਅਧੀਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਜੰਤਰ ਮੰਤਰ ਦਿੱਲੀ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹੱਕ ਸੱਚ ਦੇ ਲਈ ਲੜਨ ਵਾਲਿਆਂ ਨਾਲ ਹਮੇਸ਼ਾ ਖੜ੍ਹਦੀ ਆਈ ਹੈ ਅਤੇ ਖੜ੍ਹਦੀ ਰਹੇਗੀ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫ਼ਲ ਹੋਈ ਭ੍ਰਿਸ਼ਟਾਚਾਰ ਵਿਰੋਧੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਪਹਿਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਇਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀਆਂ ਗੱਲਾਂ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਓਲੰਪੀਅਨ ਪਹਿਲਵਾਨ ਕੁੜੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ। ਉਨ੍ਹਾਂ ਕਿਹਾ ਇਹ ਮਾਮਲਾ ਕੁੜੀਆਂ ਦੀ ਇੱਜ਼ਤ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ, ਜਿਸ ਪ੍ਰਤੀ ਸਰਕਾਰ ਸੰਜੀਦਗੀ ਦਿਖਾ ਕੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਵੇ।
ਇਹ ਵੀ ਪੜ੍ਹੋ : ਮੁੱਖ ਸਕੱਤਰ ਨੇ ਸੂਬੇ ’ਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਹਿਊਮਨ ਰਾਈਟਸ ਐਸੋਸੀਏਸ਼ਨ ਦੇ ਪ੍ਰਧਾਨ ਨੇ ਇੰਡੋਨੇਸ਼ੀਆ ਫ਼ਸੇ ਨੌਜਵਾਨਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
NEXT STORY