ਅੰਮ੍ਰਿਤਸਰ (ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਬੈਠਕ ਕੀਤੀ ਗਈ। ਇਸ ’ਚ ਸ਼੍ਰੋਮਣੀ ਕਮੇਟੀ ਦੇ ਸੀਨੀ. ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰ. ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਤਵਿੰਦਰ ਸਿੰਘ ਟੌਹੜਾ, ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸੁਖਮਿੰਦਰ ਸਿੰਘ ਨੇ ਸ਼ਿਰਕਤ ਕੀਤੀ।
ਇਸ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਦੀਆਂ ਤਰਜੀਹਾਂ ਨਿਰਧਾਰਿਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਪਹਿਲਾਂ ਬਜਟ ਸਬ-ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਲੇਖਾਕਾਰਾਂ ਤੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ਦੌਰਾਨ ਆਏ ਸੁਝਾਅ ਅੱਜ ਦੀ ਮੀਟਿੰਗ ’ਚ ਵਿਚਾਰੇ ਗਏ।
ਦੱਸਣਯੋਗ ਹੈ ਕਿ ਬਜਟ ਸਬ-ਕਮੇਟੀ ਵੱਲੋਂ ਬਜਟ ਸਬੰਧੀ ਆਪਣੀ ਰਿਪੋਰਟ ਅੰਤ੍ਰਿੰਗ ਕਮੇਟੀ ਨੂੰ ਭੇਜੀ ਜਾਂਦੀ ਹੈ, ਜਿਸ ਦੀ ਪ੍ਰਵਾਨਗੀ ਉਪਰੰਤ ਬਜਟ ਇਜਲਾਸ ਸੱਦਿਆ ਜਾਂਦਾ ਹੈ। ਇਹ ਵੀ ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਜਿੱਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰਦੀ ਹੈ, ਉੱਥੇ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵੀ ਯਤਨਸ਼ੀਲ ਹੈ। ਇਸ ਦੇ ਨਾਲ ਹੀ ਅਨੇਕਾਂ ਸਕੂਲ ਕਾਲਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾਂਦੇ ਹਨ। ਇਨ੍ਹਾਂ ਸਾਰੀਆਂ ਸੰਸਥਾਵਾਂ ਰਾਹੀਂ ਸੇਵਾਵਾਂ ਲਈ ਵੱਖੋ-ਵੱਖ ਬਜਟ ਰੱਖਿਆ ਜਾਂਦਾ ਹੈ, ਜਿਸ ਦੀ ਤਿਆਰੀ ਲਈ ਸਬ-ਕਮੇਟੀ ਕਾਰਜਸ਼ੀਲ ਹੁੰਦੀ ਹੈ।
ਪੱਟੀ ਤੋਂ ਦੁਖ਼ਦ ਖ਼ਬਰ : ਬੁਲੇਟ ਏਜੰਸੀ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
NEXT STORY