ਤਰਨਤਾਰਨ, (ਰਾਜੂ)— ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਕਸਬਾ ਚੋਹਲਾ ਸਾਹਿਬ ਵਿਖੇ ਤੇਜ਼ ਰਫਤਾਰ ਬਾਈਕ ਚਾਲਕ ਵਲੋਂ ਟੱਕਰ ਮਾਰਨ ਨਾਲ ਦੂਸਰੇ ਬਾਈਕ ਚਾਲਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਚਰਨ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਗੰਡੀਵਿੰਡ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਵਿੰਦਰ ਸਿੰਘ (20 ਸਾਲ) ਮੋਟਰ ਸਾਈਕਲ 'ਤੇ ਸਵਾਰ ਹੋ ਕੇ ਨਿੱਜੀ ਕੰਮ ਲਈ ਫੈਲੋਕੇ ਨੂੰ ਜਾ ਰਿਹਾ ਸੀ ਜਦੋਂ ਕਸਬਾ ਚੋਹਲਾ ਸਾਹਿਬ ਨਜ਼ਦੀਕ ਪਹੁੰਚਿਆ ਤਾਂ ਤੇਜ਼ ਰਫਤਾਰ ਬਾਈਕ ਚਾਲਕ ਨੇ ਉਸ ਦੇ ਭਤੀਜੇ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਏ.ਐੱਸ.ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਟੱਕਰ ਮਾਰਨ ਵਾਲੇ ਚਾਲਕ ਦੀ ਪਛਾਣ ਮੰਗਲ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪੰਡੋਰੀ ਰੁਮਾਣਾ ਵਜੋਂ ਹੋਈ ਹੈ ਜਿਸ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY