ਲੁਧਿਆਣਾ (ਸਹਿਗਲ) : ਮਹਾਨਗਰ ’ਚ ਸਵਾਈਨ ਫਲੂ ਦਾ ਕਹਿਰ ਰੁਕਦਾ ਨਜ਼ਰ ਨਹੀਂ ਆ ਰਿਹਾ। ਸਥਾਨਕ ਹਸਪਤਾਲਾਂ ’ਚ ਬੁੱਧਵਾਰ ਨੂੰ ਸਵਾਈਨ ਫਲੂ ਦੇ 25 ਨਵੇਂ ਮਰੀਜ਼ ਸਾਹਮਣੇ ਆਏ। ਇਨ੍ਹਾਂ ’ਚੋਂ 4 ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ 21 ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਐਪੀਡੇਮਿਓਲਾਜਿਸਟ ਡਾ. ਰਮਨਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਪਾਜ਼ੇਟਿਵ ਮਰੀਜ਼ਾਂ ’ਚੋਂ 1 ਮਰੀਜ਼ ਲੁਧਿਆਣਾ ਜ਼ਿਲ੍ਹੇ ਦਾ, ਜਦੋਂਕਿ 3 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਸ਼ੱਕੀ ਮਰੀਜ਼ਾਂ ’ਚ 9 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 12 ਦੂਜੇ ਜ਼ਿਲ੍ਹਿਆਂ ਤੇ ਸੂਬਿਆਂ ਦੇ ਰਹਿਣ ਵਾਲੇ ਹਨ, ਜੋ ਇਲਾਜ ਦੌਰਾਨ ਸਥਾਨਕ ਹਸਪਤਾਲਾਂ ’ਚ ਦਾਖਲ ਹੋਏ।
ਵਰਣਨਯੋਗ ਹੈ ਕਿ ਜ਼ਿਲ੍ਹੇ ’ਚ ਹੁਣ ਤਕ ਸਵਾਈਨ ਫਲੂ ਦੇ 140 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 54 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 599 ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਡੇਂਗੂ ਦੇ 37 ਮਰੀਜ਼, 8 ਪਾਜ਼ੇਟਿਵ

ਸ਼ਹਿਰ ਦੇ ਪ੍ਰਮੁੱਖ ਹਸਪਤਾਲਾਂ ’ਚ ਡੇਂਗੂ ਦੇ 37 ਮਰੀਜ਼ ਭਰਤੀ ਕੀਤੇ ਗਏ ਹਨ। ਸਿਹਤ ਵਿਭਾਗ ਨੇ ਇਨ੍ਹਾਂ ’ਚ 8 ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਹੈ। ਸਾਰੇ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 29 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਨ੍ਹਾਂ ’ਚੋਂ 19 ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਹੁਣ ਤਕ ਜ਼ਿਲ੍ਹੇ ਦੇ ਹਸਪਤਾਲਾਂ ’ਚ 647 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 318 ਜ਼ਿਲ੍ਹੇ ਦੇ ਰਹਿਣ ਵਾਲੇ ਹਨ ਜ਼ਿਲ੍ਹੇ ਦੇ ਰਹਿਣ ਵਾਲੇ ਮਰੀਜ਼ਾਂ ’ਚੋਂ 2112 ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਡੇਂਗੂ ਦੇ ਮਾਮਲੇ ’ਚ ਕੁੱਝ ਦਿਨ ਹੋਰ ਸਾਵਧਾਨ ਰਹਿਣ। ਆਪਣੇ ਘਰਾਂ ਦੇ ਆਸ-ਪਾਸ ਅਤੇ ਛੱਤ ’ਤੇ ਸਫਾਈ ਦਾ ਪ੍ਰਬੰਧ ਰੱਖਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾ ’ਚ ਲੋਕਾਂ ਨੂੰ ਪੂਰੀ ਤਰ੍ਹਾਂ ਸਰੀਰ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਬੁਖਾਰ ਹੋਣ ’ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ’ਤੇ ਸੰਪਰਕ ਕਰਨ ਜਾਂ ਕਿਸੇ ਮਾਹਿਰ ਨੂੰ ਦਿਖਾਉਣ।
ਉਨ੍ਹਾਂ ਦੱਸਿਆ ਕਿ ਡੇਂਗੂ ਦੇ ਲੱਛਣਾਂ ’ਚ ਤੇਜ਼ ਬੁਖਾਰ, ਪੂਰੇ ਸਰੀਰ ਅਤੇ ਅੱਖਾਂ ’ਚ ਦਰਦ, ਸਰੀਰ ਵਿਚ ਲਾਲ ਚਕਤੇ ਉੱਭਰ ਆਉਣਾ ਪ੍ਰਮੁੱਖ ਲੱਛਣਾਂ ’ਚੋਂ ਹਨ। ਇਸੇ ਤਰ੍ਹਾਂ ਮਰੀਜ਼ਾਂ ਨੂੰ ਐਸਪ੍ਰਿਨ, ਡਿਸਪ੍ਰਿਨ ਵਰਗੀ ਦਵਾਈ ਬਿਲਕੁਲ ਨਹੀਂ ਲੈਣੀ ਚਾਹੀਦੀ, ਸਗੋਂ ਬੁਖਾਰ ਹੋਣ ’ਤੇ ਪੈਰਾਸੀਟਾਮੋਲ ਦੀ ਗੋਲੀ ਲੈਣ ਅਤੇ ਤੁਰੰਤ ਸਿਹਤ ਕੇਂਦਰ ’ਤੇ ਜਾ ਕੇ ਮਾਹਿਰਾਂ ਨਾਲ ਸੰਪਰਕ ਕਰਨ ਅਤੇ ਆਪਣੀ ਜਾਂਚ ਕਰਵਾਉਣ।
ਕੋਰੋਨਾ : 4 ਪਾਜ਼ੇਟਿਵ, 3 ਤੰਦਰੁਸਤ, ਐਕਟਿਵ ਮਰੀਜ਼ਾਂ ਦੀ ਗਿਣਤੀ 15 ਹੋਈ

ਕੋਰੋਨਾ ਵਾਇਰਸ ਤੋਂ ਪੀੜਤ ਹੋ ਕੇ 4 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਦੋਂਕਿ 3 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਅੱਜ ਡਿਸਚਾਰਜ ਕੀਤਾ ਗਿਆ ਹੈ। ਮੌਜੂਦਾ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ। ਇਨ੍ਹਾਂ ’ਚ 14 ਹੋਮ ਆਈਸੋਲੇਸ਼ਨ ’ਚ ਰਹਿ ਰਹੇ ਹਨ, ਜਦੋਂਕਿ ਇਕ ਮਰੀਜ਼ ਹਸਪਤਾਲ ’ਚ ਜ਼ੇਰੇ ਇਲਾਜ ਹੈ।
ਚੰਡੀਗੜ੍ਹ 'ਚ ਸ਼ਰਾਬ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ
NEXT STORY