ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਰਾਜ ਗੋਰਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਬਾਹਰ ਧਰਨਾ ਲਾ ਕੇ ਬੈਠ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬਾਂਬਾ ਵਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਇਸ ਮਗਰੋਂ 3 ਵਾਰ ਸਲਿੱਪ ਭੇਜਣ ਦੇ ਬਾਵਜੂਦ ਵੀ ਡਿਪਟੀ ਕਮਿਸ਼ਨਰ ਨੇ ਵੀ ਉਨ੍ਹਾਂ ਨੂੰ ਮਿਲਣਾ ਮੁਨਾਸਿਬ ਨਹੀਂ ਸਮਝਿਆ, ਜਿਸ ਤੋਂ ਬਾਅਦ ਉਹ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨੇ 'ਤੇ ਬੈਠ ਗਏ। ਜਾਣਕਾਰੀ ਮੁਤਾਬਕ ਸੁਖਰਾਜ ਸਿੰਘ ਗੋਰਾ ਦਾ ਕਹਿਣਾ ਹੈ ਕਿ ਵਧੀਕ ਡਿਪਟੀ ਕਮਿਸ਼ਨਰ ਨਾਲ ਜਦੋਂ ਉਹ ਮੁਲਾਕਾਤ ਕਰਨ ਪੁੱਜੇ ਤਾਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ ਅਤੇ ਉਨ੍ਹਾਂ ਨੂੰ ਬੇਇੱਜ਼ਤ ਕਰਕੇ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਅਤੇ ਬਾਹਰ ਭੇਜ ਦਿੱਤਾ ਗਿਆ।
ਇਸ ਤੋਂ ਬਾਅਦ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਦੀ ਕੋਸ਼ਿਸ਼ ਕੀਤੀ ਪਰ ਉਹ ਵੀ ਨਹੀਂ ਮਿਲੇ, ਜਿਸ ਤੋਂ ਬਾਅਦ ਉਹ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠ ਗਏ ਅਤੇ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਤਾਂ ਆਮ ਬੰਦੀ ਦੇ ਸੁਣਵਾਈ ਕੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਮਲਾ ਸਰਕਾਰ ਦੇ ਧਿਆਨ 'ਚ ਲਿਆਂਦਾ ਗਿਆ ਹੈ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਜਦੋਂ ਇਸ ਮਾਮਲੇ ਬਾਰੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁੰਬਦ ਬਾਂਬਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਕੋਲ ਅਸਲਾ ਲਾਇਸੈਂਸ ਬਣਵਾਉਣ ਲਈ ਆਏ ਸਨ ਅਤੇ ਉਨ੍ਹਾਂ ਨੂੰ ਸਿਰਫ ਇੰਨਾ ਕਿਹਾ ਗਿਆ ਸੀ ਕਿ ਪ੍ਰਕਿਰਿਆ ਦੇ ਤਹਿਤ ਹੀ ਉਹ ਲਾਇਸੈਂਸ ਬਣਵਾਉਣ ਤਾਂ ਉਹ ਜ਼ਬਰਦਸਤੀ ਕਰਨ ਲੱਗ ਗਏ ਕਿ ਉਨ੍ਹਾਂ ਦੀ ਫਾਈਲ ਹੁਣੇ ਸਾਈਨ ਕੀਤੀ ਜਾਵੇ।
ਜਗਜੀਤ ਡੱਲੇਵਾਲ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਲਿਆ ਹਿਰਾਸਤ 'ਚ
NEXT STORY