ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਮੋਹਾਲੀ (ਬਿਊਰੋ) : ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ’ਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ’ਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ’ਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ ਹੈ,‘‘ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਇਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਅਧੀਨ ਪੰਜਾਬ ਦਾ ਸਰਕਾਰੀ ਸਿਹਤ ਅਤੇ ਸਿੱਖਿਆ ਢਾਂਚਾ ਖ਼ਤਮ ਕਰ ਦਿੱਤਾ ਸੀ ਤਾਂ ਕਿ ਸਰਕਾਰੀ ਸੰਸਥਾਵਾਂ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਆਮ ਵਿਅਕਤੀ ਸਿੱਖਿਆ ਜਾਂ ਇਲਾਜ ਲਈ ਮਜਬੂਰ ਹੋ ਕੇ ਪ੍ਰਾਈਵੇਟ ਲੋਕਾਂ ਕੋਲ ਪਹੁੰਚੇ। ਪ੍ਰਾਈਵੇਟ ਹਸਪਤਾਲਾਂ ’ਚ ਕੈਂਸਰ ਦਾ ਇਲਾਜ ਏਨਾ ਮਹਿੰਗਾ ਹੁੰਦਾ ਸੀ ਕਿ ਕੈਂਸਰ ਰੋਗੀ ਆਰਥਿਕ ਹਾਲਤ ਕਾਰਨ ਇਲਾਜ ਹੀ ਨਹੀਂ ਸੀ ਕਰਵਾਉਂਦਾ। ਇਹ ਲੋਕ ਪ੍ਰਾਈਵੇਟ ਸੰਸਥਾਵਾਂ ਨੂੰ ਮੁਨਾਫ਼ਾ ਕਮਾਉਣ ਲਈ ਖੁੱਲ੍ਹ ਦਿੰਦੇ ਸਨ ਅਤੇ ਉਸ ਮੁਨਾਫ਼ੇ ’ਚੋਂ ਕਮਿਸ਼ਨ ਲੈਂਦੇ ਸਨ। ਦੁੱਖਾਂ ਦੇ ਮਾਰੇ ਲੋਕ ਨਿਰਾਸ਼ਾ ਦੇ ਆਲਮ ’ਚ ਚਲੇ ਗਏ ਸਨ। ਪਰਿਵਾਰਵਾਦ ਦੇ ਮੋਹ ’ਚ ਡੁੱਬੇ ਇਨ੍ਹਾਂ ਸਿਆਸਤਦਾਨਾਂ ਨੂੰ ਕਦੇ ਵੀ ਪੰਜਾਬ ਦਾ ਦਰਦ ਨਹੀਂ ਰਿਹਾ ਜਿਸ ਕਰਕੇ ਪੰਜਾਬ ਵਾਸੀਆਂ ਨੇ ਇਨ੍ਹਾਂ ਨੂੰ ਘਰ ਬਿਠਾ ਦਿੱਤਾ।” ਸੂਬੇ ’ਚ ਹੁਣ ਸਰਕਾਰੀ ਸੰਸਥਾਵਾਂ ਦੀ ਬਿਹਤਰੀ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮਿਸਾਲ ਵਜੋਂ ਦੱਸਿਆ ਕਿ ਮੋਹਾਲੀ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਦੇਸ਼ ਦੀ ਦੂਜੀ ਅਤੇ ਪੰਜਾਬ ਦੀ ਪਹਿਲੀ ਵੱਕਾਰੀ ਸੰਸਥਾ ਹੈ ਜਿਸ ਕੋਲ ਏਨੀਆਂ ਆਧੁਨਿਕ ਮਸ਼ੀਨਾਂ ਹਨ ਕਿ ਕਿਸੇ ਪ੍ਰਾਈਵੇਟ ਹਸਪਤਾਲ ਕੋਲ ਵੀ ਨਹੀਂ ਹਨ। ਇਹ ਪਹਿਲੀ ਸੰਸਥਾ ਵੀ ਦਿੱਲੀ ਸਰਕਾਰ ਨੇ ਸਥਾਪਤ ਕੀਤੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦਾ ਭਾਜਪਾ ਨਾਲ ਨਹੀਂ ਹੋਵੇਗਾ ਗਠਜੋੜ ! ਬਿਆਨਾਂ ਨੇ ਛੇੜੀ ਚਰਚਾ
ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ 45 ਜੱਚਾ-ਬੱਚਾ ਦੇਖਭਾਲ ਕੇਂਦਰ ਸਥਾਪਤ ਕਰ ਰਹੀ ਹੈ ਜਿਨ੍ਹਾਂ ਵਿੱਚੋਂ 37 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਬਿਲਕੁਲ ਮੁਫ਼ਤ ਹੈ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਪਿਛਲੀਆਂ ਸਰਕਾਰਾਂ ਦੇ ਢਹਿੰਦੀ ਕਲਾ ਵਾਲੇ ਸਿਸਟਮ ਤੋਂ ਨਾਰਾਜ਼ ਹੋ ਚੁੱਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ‘ਵਤਨ ਵਾਪਸੀ’ (ਰਿਵਰਸ ਮਾਈਗਰ੍ਰੇਸ਼ਨ) ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ ’ਚ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਪੰਜਾਬ ਦੇ ਇਤਿਹਾਸ ’ਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਉਹ ਨੌਜਵਾਨ ਵੀ ਸ਼ਾਮਲ ਹਨ ਜੋ ਵਿਦੇਸ਼ ’ਚੋਂ ਵਾਪਸ ਆ ਕੇ ਸਰਕਾਰੀ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਲਈ ਸੂਬੇ ’ਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ’ਚ 70,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਸਿੱਖਿਆ ਦੇ ਖ਼ੇਤਰ ’ਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਜਿੱਥੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਗਰੀਬ ਤੋਂ ਗਰੀਬ ਬੱਚਾ ਵੀ ਜ਼ਿੰਦਗੀ ਦੇ ਵੱਡੇ ਮੁਕਾਮ ਹਾਸਲ ਕਰਨ ਦਾ ਸੁਪਨਾ ਲੈ ਸਕਦਾ ਹੈ ਕਿਉਂਕਿ ਇਨ੍ਹਾਂ ਸਕੂਲਾਂ ’ਚ ਵਿਦਿਆਰਥੀਆਂ ਨੂੰ ਮਨਚਾਹੇ ਉਦੇਸ਼ ਪੂਰੇ ਕਰਨ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੂਰੀ ਜ਼ਿੰਮੇਵਾਰੀ ਨਾਲ ਕਹਿ ਸਕਦਾ ਹਾਂ ਕਿ ਹੁਣ ਪੰਜਾਬ ਦੀ ਆਬੋ-ਹਵਾ ਬਦਲ ਚੁੱਕੀ ਹੈ ਜਿੱਥੇ ਨਿਰਾਸ਼ਾਵਾਦੀ ਨਹੀਂ ਸਗੋਂ ਆਸ਼ਾਵਾਦੀ ਗਤੀਵਿਧੀਆਂ ਹੋ ਰਹੀਆਂ ਹਨ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਸਮਾਗਮ, ਨਵੇਂ ਸਕੂਲਾਂ ਅਤੇ ਹਸਪਤਾਲਾਂ ਸਮੇਤ ਵੱਡੇ ਪ੍ਰਾਜੈਕਟਾਂ ਦੇ ਉਦਘਾਟਨ, ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਭਾਜਪਾ ਵੱਡੇ ਪੱਧਰ ’ਤੇ ਲੋਕ ਸਭਾ ਮੈਂਬਰਾਂ ਦੀਆਂ ਟਿਕਟਾਂ ਕੱਟਣ ਦੀ ਤਿਆਰੀ ’ ਚ
ਹੁਣ ਹਰੇਕ ਪੰਜਾਬੀ ਮਾਣ ਨਾਲ ਕਹਿ ਸਕਦਾ ਹੈ ਕਿ ਪੰਜਾਬ ਸਰਕਾਰ ਉਸ ਦੇ ਭਲੇ ਲਈ ਦਿਨ-ਰਾਤ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਅਲੋਚਨਾ ਬਾਰੇ ਵਿਅੰਗ ਕਰਦਿਆਂ ਕਿਹਾ, “ਅਸਲ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਸਾਂਝ-ਭਿਆਲੀ ਸੀ ਜੋ ਵਾਰੋ-ਵਾਰੀ ਸੱਤਾ ਦਾ ਸੁਖ ਮਾਣਦੇ ਸਨ ਪਰ ਏਨਾ ਨੂੰ ਇਹ ਨਹੀਂ ਸੀ ਪਤਾ ਕਿ ਸੂਬੇ ’ਚ ਤੀਜੀ ਧਿਰ ਵੀ ਆ ਸਕਦੀ ਹੈ। ਹੁਣ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਜਦੋਂ ਸਰਕਾਰ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈ ਰਹੀ ਹੈ ਤਾਂ ਬੁਖਲਾਹਟ ਵਿੱਚ ਆ ਕੇ ਵਿਰੋਧੀ ਨੇਤਾ ਬਿਨਾਂ ਵਜ੍ਹਾ ਨਿੰਦਿਆਂ ਕਰਨੀ ਸ਼ੁਰੂ ਕਰ ਦਿੰਦੇ ਹਨ। ਮੈਂ ਇਨ੍ਹਾਂ ਲੋਕਾਂ ਦੀ ਭੋਰਾ ਵੀ ਪ੍ਰਵਾਹ ਨਹੀਂ ਕਰਦਾ ਕਿਉਂਕਿ ਮੇਰਾ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ।” ਮੁੱਖ ਮੰਤਰੀ ਨੇ ਅਕਾਲੀ ਨੇਤਾ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ, ਅਤੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਲੀਡਰਾਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦੇਣ ਤਾਂ ਵੀ ਉਹ ਉੱਤਰ ਸਹੀ ਨਹੀਂ ਲਿਖ ਸਕਦੇ।
ਇਹ ਵੀ ਪੜ੍ਹੋ : ਟਾਂਡਾ ’ਚ ਰੇਲਵੇ ਫਾਟਕ ਨੇੜੇ ਹੋਇਆ ਬਲਾਸਟ, ਪੁਲਸ ਪ੍ਰਸ਼ਾਸ਼ਨ ਨੂੰ ਪਈਆਂ ਭਾਜੜਾ
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ’ਚ 117 ਵਿਧਾਨ ਸਭਾ ਹਲਕਿਆਂ ’ਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਜਿੱਤ ਕੇ ਆਏ ਹਨ ਜੋ ਸਧਾਰਨ ਘਰਾਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ 92 ਵਿਧਾਇਕਾਂ ’ਚੋਂ ਉਨ੍ਹਾਂ ਸਮੇਤ 82 ਵਿਧਾਇਕ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ’ਚ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਨੂੰ ਯੋਗਤਾ ਮੰਨਿਆ ਜਾਂਦਾ ਹੈ ਜਦਕਿ ਵਿਰੋਧੀ ਪਾਰਟੀਆਂ ’ਚ ਪਰਿਵਾਰਵਾਦ ਅਤੇ ਨਿੱਜਪ੍ਰਸਤੀ ਨੂੰ ਤਰਜੀਹ ਦਿੱਤੀ ਜਾਂਦੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕਣ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਸੂਬਾ ਸਰਕਾਰਾਂ ਨਾਲ ਨਫ਼ਰਤ ਅਤੇ ਵਿਤਕਰਾ ਕਰਦੀ ਹੈ ਜਿਸ ਕਰਕੇ ਪੰਜਾਬ ਵਾਂਗ ਦਿੱਲੀ, ਕੇਰਲਾ, ਪੱਛਮੀ ਬੰਗਾਲ, ਤਾਮਿਲਨਾਡੂ ਵਰਗੇ ਸੂਬੇ ਆਪਣੇ ਫੰਡ ਲੈਣ ਲਈ ਸੁਪਰੀਮ ਕੋਰਟ ਵਿੱਚ ਜਾਣ ਲਈ ਮਜੂਬਰ ਹਨ।
ਇਹ ਵੀ ਪੜ੍ਹੋ : ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਤੇ ਹੋਰਨਾਂ ਲੋਕਾਂ ’ਤੇ ਹਮਲੇ ਅੰਤਰਰਾਸ਼ਟਰੀ ਸਾਜ਼ਿਸ਼ ਦਾ ਹਿੱਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ : ਮੀਤ ਹੇਅਰ
NEXT STORY