ਜਲਾਲਾਬਾਦ, ਜੈਤੋਂ (ਸੁਮਿਤ, ਟੀਨੂੰ, ਪਰਾਸ਼ਰ) – ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਮਿਤ ਕਪੂਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਵਪਾਰੀ ਵਰਗ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਸੌਂਪਿਆ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਪਾਰੀਆਂ ਨਾਲ ਸਬੰਧਤ ਮੰਗਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ’ਚ ਸ਼ਾਮਲ ਕੀਤਾ ਜਾਵੇ।
ਅਮਿਤ ਕਪੂਰ ਨੇ ਮੰਗ-ਪੱਤਰ ’ਚ ਕਿਹਾ ਕਿ ਕਿਸੇ ਵਪਾਰੀ ਦੀ ਦੁਕਾਨ ’ਚ ਅਚਾਨਕ ਅੱਗ ਲੱਗਣ, ਹੜ੍ਹ, ਮੀਂਹ ਜਾਂ ਤੂਫਾਨ ਕਾਰਨ ਹੋਣ ਵਾਲੇ ਨੁਕਸਾਨ ਦਾ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਪਾਰੀਆਂ ਲਈ ਢੁਕਵੀਂ ਬੀਮਾ ਯੋਜਨਾ ਲਾਗੂ ਕਰਨ ਅਤੇ ਜੀ. ਐੱਸ. ਟੀ. ਦੇਣ ਵਾਲੇ ਵਪਾਰੀਆਂ ਦੇ ਟੈਕਸ ਯੋਗਦਾਨ ਦੇ ਆਧਾਰ ’ਤੇ ਰਿਟਾਇਰਮੈਂਟ ਯੋਜਨਾ ਸ਼ੁਰੂ ਕਰਨ ਦੀ ਮੰਗ ਵੀ ਰੱਖੀ।
ਉਨ੍ਹਾਂ ਛੋਟੇ ਵਪਾਰੀਆਂ ਲਈ ਜੀ. ਐੱਸ. ਟੀ. ਪ੍ਰਣਾਲੀ ਨੂੰ ਸਰਲ ਬਣਾਉਣ ਅਤੇ ਲੰਮਸਮ ਸਕੀਮ ਲਾਗੂ ਕਰਨ, ਵਪਾਰ ਮੰਡਲ ਭਵਨ ਲਈ ਸ਼ਹਿਰਾਂ ’ਚ ਪਲਾਟ ਅਤੇ ਹੋਰ ਸਹਿਯੋਗ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਆਨਲਾਈਨ ਵਪਾਰ ਕਾਰਨ ਛੋਟੇ ਦੁਕਾਨਦਾਰਾਂ ਨੂੰ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਵਿਸ਼ੇਸ਼ ਰਾਹਤ ਦੇਣ ਅਤੇ ਛੋਟੇ ਵਪਾਰੀਆਂ ਨੂੰ ਬਿਜਲੀ ਬਿੱਲਾਂ ’ਚ ਛੋਟ ਦੇਣ ਦੀ ਮੰਗ ਕੀਤੀ ਗਈ।
ਅਮਿਤ ਕਪੂਰ ਨੇ ਕਿਹਾ ਕਿ ਵਪਾਰੀਆਂ ਨੂੰ ਬੇਲੋੜੀ ਵਿਭਾਗੀ ਜਾਂਚ-ਪੜਤਾਲ ਅਤੇ ਇੰਸਪੈਕਟਰੀ ਰਾਜ ਤੋਂ ਰਾਹਤ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਅਰਥਵਿਵਸਥਾ ’ਚ ਅਹਿਮ ਯੋਗਦਾਨ ਪਾਉਂਦਾ ਹੈ, ਇਸ ਲਈ ਚੋਣ ਮਨੋਰਥ ਪੱਤਰ ’ਚ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉਚਿਤ ਸਥਾਨ ਮਿਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਪਾਰੀਆਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਉਂਦਾ ਰਹੇਗਾ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਵਪਾਰੀ ਵਰਗ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਰੱਖਿਆ ਜਾਵੇਗਾ। ਮੰਗ-ਪੱਤਰ ਪ੍ਰਾਪਤ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨ ਅਤੇ ਆਉਣ ਵਾਲੇ ਚੋਣ ਮਨੋਰਥ ਪੱਤਰ ’ਚ ਉਚਿਤ ਸਥਾਨ ਦੇਣ ਦਾ ਭਰੋਸਾ ਦਿੱਤਾ।
ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
NEXT STORY