ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਸੂਬੇ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਮੰਗ-ਪੱਤਰ ਦਿੱਤੇ ਜਾਣਗੇ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਦਿੱਤੀ ।
ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਨੂੰ ਮੁੱਖ ਰੱਖਦਿਆਂ ਹਰ ਵਿਧਾਇਕ ਦੇ ਘਰ ਯੂਨੀਅਨ ਦਾ 21 ਮੈਂਬਰੀ ਵਫ਼ਦ ਜਾਵੇਗਾ ਤੇ ਵਿਧਾਇਕ ਨਾਲ ਗੱਲਬਾਤ ਕਰ ਕੇ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਏਗਾ ਅਤੇ ਇਹ ਮੰਗ ਕਰੇਗਾ ਕਿ ਉਨ੍ਹਾਂ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚਾਈ ਜਾਵੇ । ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ, ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣ- ਭੱਤਾ ਦਿੱਤਾ ਜਾਵੇ ।
ਐੱਨ. ਜੀ. ਓ. ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਅਤੇ ਕਰੈੱਚ ਵਰਕਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟਫ਼ੋਨ ਦਿੱਤੇ ਜਾਣ, ਉਤਸ਼ਾਹ-ਵਧਾਊ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੀ ਜਾਵੇ ਅਤੇ ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ. ਐੱਮ. ਵੀ. ਵਾਈ. ਦੇ 2017 ਤੋਂ ਪੈਡਿੰਗ ਪਏ ਪੈਸੇ ਰਿਲੀਜ਼ ਕੀਤੇ ਜਾਣ । ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ 15 ਦਿਨਾਂ ਤੱਕ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਫੇਰ ਕਾਂਗਰਸ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਖੂਨ ਨਾਲ ਲਿਖ ਕੇ ਮੰਗ-ਪੱਤਰ ਦਿੱਤੇ ਜਾਣਗੇ ।
ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲਾ : NIA ਵੱਲੋਂ KLF ਦੇ 8 ਅੱਤਵਾਦੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
NEXT STORY