ਬਠਿੰਡਾ (ਵਿਜੈ ਵਰਮਾ) : ਨਗਰ ਨਿਗਮ ਬਠਿੰਡਾ ਦੇ ਐਕਸੀਐਨ ਗੁਰਪ੍ਰੀਤ ਸਿੰਘ ਬੁੱਟਰ ਵਿਰੁੱਧ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੇ ਕੇਸ ‘ਚ ਅਦਾਲਤ ਨੇ ਉਨ੍ਹਾਂ ਦੀ ਅੱਗੇ ਤੋਂ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਹੁਣ ਉਨ੍ਹਾਂ ਕੋਲ ਸਿਰਫ ਹਾਈਕੋਰਟ 'ਚ ਅਪੀਲ ਕਰਨ ਦਾ ਵਿਕਲਪ ਬਚਿਆ ਹੈ।
ਦੱਸਣਯੋਗ ਹੈ ਕਿ ਵਿਜੀਲੈਂਸ ਨੇ 25 ਫਰਵਰੀ ਨੂੰ ਗੁਰਪ੍ਰੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰਾਹੀਂ ਕਰੋੜਾਂ ਦੀ ਸੰਪਤੀ ਇਕੱਠੀ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਸੀ। ਇਹ ਕਾਰਵਾਈ ਉਨ੍ਹਾਂ ਖ਼ਿਲਾਫ਼ ਲੰਮੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਕੀਤੀ ਗਈ ਸੀ, ਜਿਸ ‘ਚ ਇਹ ਸਾਹਮਣੇ ਆਇਆ ਕਿ ਉਨ੍ਹਾਂ ਕੋਲ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ ਕਈ ਗੁਣਾ ਵੱਧ ਸੰਪਤੀ ਹੈ।
ਹਾਲਾਂਕਿ ਵਿਜੀਲੈਂਸ ਟੀਮ ਅਜੇ ਤੱਕ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਕਰ ਸਕੀ ਅਤੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਦਰਮਿਆਨ, ਗੁਰਪ੍ਰੀਤ ਸਿੰਘ ਨੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿੱਚ ਅੱਗੇ ਤੋਂ ਜਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। 10 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਵਿਜੀਲੈਂਸ ਵਲੋਂ ਰਿਕਾਰਡ ਪੇਸ਼ ਨਾ ਕਰਨ ਕਾਰਨ ਮਾਮਲੇ ਦੀ ਅਗਲੀ ਤਾਰੀਖ 12 ਮਾਰਚ ਤੈਅ ਕੀਤੀ ਗਈ ਸੀ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਜਮਾਨਤ ਅਰਜ਼ੀ ਰੱਦ ਕਰ ਦਿੱਤੀ।
ਜਮਾਨਤ ਅਰਜ਼ੀ ‘ਚ ਗੁਰਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਉਹ ਹਾਈਕੋਰਟ ਤੋਂ ਕੋਈ ਰਾਹਤ ਲੈ ਸਕਣਗੇ ਜਾਂ ਨਹੀਂ।
ਪੰਜਾਬ 'ਚ ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
NEXT STORY