ਬਰਨਾਲਾ(ਪੁਨੀਤ)— ਪਰਾਲੀ ਨੂੰ ਸਾੜਨ ਦੇ ਮਾੜੇ ਰੁਝਾਨ ਕਰਕੇ ਹੋਣ ਵਾਲੇ ਬੁਰੇ ਪ੍ਰਭਾਵਾਂ ਨੂੰ ਧਿਆਨ 'ਚ ਰੱਖਦਿਆਂ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਬਰਨਾਲਾ ਜ਼ਿਲੇ ਦੇ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਨਵੀਂਆਂ ਤਕਨੀਕਾਂ ਦੀ ਮਦਦ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਤਕਰੀਬਨ 100 ਏਕੜ ਜ਼ਮੀਨ 'ਤੇ ਖੇਤੀ ਕਰਨ ਵਾਲੇ ਪਿੰਡ ਸ਼ੇਰ ਸਿੰਘ ਪੁਰਾ (ਨਾਈਵਾਲਾ) ਦੇ ਕਿਸਾਨ ਜਗਰਾਜ ਸਿੰਘ ਵੱਲੋਂ ਇਸ ਵਾਰ ਪਰਾਲੀ ਨਾ ਸਾੜਨ ਦਾ ਨਿਸ਼ਚਾ ਕੀਤਾ ਗਿਆ ਹੈ ਅਤੇ ਉਸ ਵੱਲੋਂ ਕਣਕ ਦੀ ਬਿਜਾਈ ਹੈਪੀਸੀਡਰ ਮਸ਼ੀਨ ਨਾਲ ਕਰਨ ਦੀ ਵਿਉਂਤ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵੱਲੋਂ ਇਸ ਕਿਸਾਨ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ ਅਤੇ ਬਾਕੀ ਕਿਸਾਨਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਹੈਪੀਸੀਡਰ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਕਿਸਾਨ ਜੁਗਰਾਜ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਉਨ੍ਹਾਂ ਵੱਲੋਂ ਲਗਭਗ 40 ਏਕੜ ਰਕਬੇ 'ਤੇ ਪਰਾਲੀ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਹੀ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ ਸੀ। ਉਸ ਨੇ ਦੱਸਿਆ ਕਿ ਪਿਛਲੀ ਵਾਰ ਉਸ ਵੱਲੋਂ ਬੀਜੀ ਗਈ ਕਣਕ ਦਾ ਝਾੜ 60 ਮਣ ਭਾਵ 24 ਕੁਵਿੰਟਲ ਦੇ ਕਰੀਬ ਨਿਕਲਿਆ ਸੀ ਜਿਸ ਤੋਂ ਉਤਸ਼ਾਹਿਤ ਹੋ ਕੇ ਇਸ ਵਾਰ ਉਸ ਨੇ ਸਾਰੀ ਦੀ ਸਾਰੀ 100 ਏਕੜ ਕਣਕ ਹੈਪੀਸੀਡਰ ਨਾਲ ਬੀਜਣ ਦਾ ਫੈਸਲਾ ਕੀਤਾ ਹੈ। ਜੁਗਰਾਜ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ ਉਸ ਵੱਲੋਂ ਅੱਗ ਲਗਾ ਕੇ ਬੀਜੀ ਗਈ ਕਣਕ ਦਾ ਝਾੜ ਪਰਾਲੀ 'ਚ ਹੈਪੀਸੀਡਰ ਨਾਲ ਬੀਜੀ ਗਈ ਕਣਕ ਤੋਂ ਘੱਟ ਨਿਕਲਿਆ ਸੀ ਜਿਸ ਕਾਰਨ ਉਸ ਨੇ ਇਸ ਵਾਰ ਬਿਲਕੁਲ ਅੱਗ ਨਾ ਲਗਾਉਣ ਦਾ ਫੈਸਲਾ ਕੀਤਾ ਹੈ। ਉਸਨੇ ਕਿਹਾ ਕਿ ਹੈਪੀਸੀਡਰ ਨਾਲ ਕਣਕ ਬੀਜਣ ਲਈ ਉਸ ਨੇ ਸੁਪਰ ਐਸ.ਐਮ.ਐਸ. ਲੱਗੀ ਕੰਬਾਇਨ ਨਾਲ ਝੋਨੇ ਦੀ ਵਢਾਈ ਕਰਵਾਈ ਹੈ, ਜਿਸ ਨਾਲ ਫੂਸ ਇਕੱਠਾ ਹੋਣ ਦੀ ਦਿੱਕਤ ਨਹੀਂ ਆਉਂਦੀ। ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਜਿੱਥੇ ਵਾਤਾਵਰਣ ਨੂੰ ਕੋਈ ਨੁਕਸਾਨ ਨਹੀਂ ਪੁੱਜਦਾ ਉੱਥੇ ਹੀ ਖਾਦਾਂ ਦੀ ਵੀ ਘੱਟ ਲੋੜ ਪੈਂਦੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਦਾ ਆਪਣਾ ਹੁੰਦਾ ਹੈ ਕਿਉਂਕਿ ਅੱਗ ਦੀ ਚਪੇਟ 'ਚ ਸਭ ਤੋਂ ਪਹਿਲਾਂ ਉਸ ਦਾ ਹੀ ਪਰਿਵਾਰ ਆਉਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਤੇ ਕਸਟਮ ਹਾਇਰਿੰਗ ਗਰੁੱਪਾਂ 'ਚ ਸਬਸਿਡੀ 'ਤੇ ਮੁਹੱਈਆ ਕਰਵਾਈ ਗਈ ਸੁਚੱਜੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਵਰਤੋਂ ਕਰਕੇ ਕਣਕ ਤੇ ਹੋਰਨਾ ਫ਼ਸਲਾਂ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿਚ ਹਰ ਇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣਾ ਚਾਹੀਦਾ ਹੈ।
ਖਾਕੀ ਸ਼ਾਹ ਸਮਾਧ ਦੇ ਮੇਲੇ ਸਬੰਧੀ ਹੋ ਸਕਦੀਆਂ ਹਨ ਕਈ ਤਰ੍ਹਾਂ ਮੁਸ਼ਕਲਾਂ
NEXT STORY