ਬਰਨਾਲਾ/ਧਨੌਲਾ(ਪੁਨੀਤ ਮਾਨ, ਰਵਿੰਦਰ) : ਸਥਾਨਕ ਸਰਵਹਿੱਤਕਾਰੀ ਸਕੂਲ ਦੇ ਪ੍ਰਿੰਸੀਪਲ ਵਲੋਂ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਤੋਂ ਨਾਗਰਿਕਤਾ ਸੋਧ ਐਕਟ ਦੇ ਹੱਕ ਵਿਚ ਦਸਤਖਤ ਕਰਵਾਉਣ ਦੇ ਰੋਸ ਵਜੋਂ ਜ਼ਿਲਾ ਯੂਥ ਕਾਂਗਰਸ ਦੀ ਲੀਡਰਸ਼ਿਪ ਦੀ ਅਗਵਾਈ ਵਿਚ ਬੱਚਿਆਂ ਦੇ ਮਾਪਿਆਂ ਨੇ ਸਕੂਲ ਦੇ ਗੇਟ ਅੱਗੇ ਧਰਨਾ ਲਗਾ ਕੇ ਰੋਸ ਜ਼ਾਹਰ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਜ਼ਿਲਾ ਪ੍ਰਧਾਨ ਯੂਥ ਕਾਂਗਰਸ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਤੋਂ ਸੀ. ਏ. ਏ. ਅਤੇ ਐਨ. ਆਰ. ਸੀ. ਦੇ ਹੱਕ ਵਿਚ ਦਸਤਖਤ ਕਰਵਾਉਣੇ ਸਰਾਸਰ ਧੱਕੇਸ਼ਾਹੀ ਹੈ। ਜਦੋਂਕਿ ਇਸ ਕਾਨੂੰਨ ਦਾ ਦੇਸ਼ ਭਰ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਸਕੂਲੀ ਬੱਚਿਆਂ ਵਿਚ ਆਪਸੀ ਸਾਂਝ ਨੂੰ ਤੋੜਣ ਦਾ ਯਤਨ ਕੀਤਾ ਗਿਆ ਹੈ, ਜਿਸ ਦਾ ਜ਼ਿਲਾ ਯੂਥ ਕਾਂਗਰਸ ਜ਼ੋਰਦਾਰ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਧਰਮਾਂ ਵਿਚ ਵਿਖਰੇਵੇਂ ਪਾਉਣ ਦੀ ਬਜਾਇ ਚੰਗੀ ਵਿੱਦਿਆ ਹੀ ਦੇਣੀ ਚਾਹੀਦੀ ਹੈ।
ਇਸ ਮੌਕੇ ਪੁੱਜੇ ਨਾਇਬ ਤਹਿਸੀਲਦਾਰ ਆਸ਼ੂ ਪ੍ਰਭਾਸ਼ ਜੋਸ਼ੀ ਨੂੰ ਮੰਗ ਪੱਤਰ ਸੌਂਪ ਕੇ ਸਕੂਲ ਦੇ ਪ੍ਰਿੰਸੀਪਲ ਨੂੰ ਬਦਲਣ ਅਤੇ ਉਸ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲਾ ਯੂਥ ਕਾਂਗਰਸ ਪ੍ਰਧਾਨ ਬਲਕਰਨ ਸਿੰਘ ਸਕੱਤਰ ਪੰਜਾਬ ਯੂਥ ਕਾਂਗਰਸ, ਬਨੀ ਖਹਿਰਾ ਮੀਤ ਪ੍ਰਧਾਨ, ਸੰਯੋਗਵੀਰ ਸਿੰਘ ਆਦਿ ਹਾਜ਼ਰ ਸਨ।
ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲੇ ਖਿਲਾਫ ਮਾਮਲਾ ਦਰਜ
NEXT STORY