ਲੁਧਿਆਣਾ (ਰਾਜ)- ਲੁਧਿਆਣਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਗਾਂਧੀ ਨਗਰ ਦੀ ਬੈਕ ਸਾਈਡ ਸਥਿਤ ਸ਼ਿਵਪੁਰੀ ਇਲਾਕੇ ਨੇੜੇ ਸ਼ਨੀਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਦੇ ਐਨ ਹੇਠਾਂ ਖੜ੍ਹੀਆਂ ਦੋ ਕਾਰਾਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਦੋਵੇਂ ਕਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਅਸਮਾਨ 'ਚ ਕਾਲੇ ਧੂੰਏਂ ਦਾ ਗੁਬਾਰ ਛਾ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਸਖ਼ਤ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾ ਲਿਆ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ, ਨਹੀਂ ਤਾਂ ਨੇੜੇ ਖੜ੍ਹੇ ਹੋਰ ਕਈ ਵਾਹਨ ਵੀ ਇਸ ਅੱਗ ਦੀ ਚਪੇਟ 'ਚ ਆ ਸਕਦੇ ਸੀ।
ਮੌਕੇ 'ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਵਪੁਰੀ ਨੇੜੇ ਸੜਕ ਕਿਨਾਰੇ ਹਾਈ-ਟੈਂਸ਼ਨ ਤਾਰਾਂ ਹੇਠ ਪਾਰਕ ਕੀਤੀਆਂ ਦੋ ਕਾਰਾਂ ਵਿੱਚੋਂ ਅਚਾਨਕ ਧੂੰਆਂ ਉੱਠਣਾ ਸ਼ੁਰੂ ਹੋਇਆ ਅਤੇ ਕੁਝ ਹੀ ਪਲਾਂ ਵਿੱਚ ਤੇਜ਼ ਲਪਟਾਂ ਭੜਕ ਉੱਠੀਆਂ। ਉੱਪਰੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਲੰਘਣ ਕਾਰਨ ਇਲਾਕਾ ਨਿਵਾਸੀਆਂ ਵਿੱਚ ਕਰੰਟ ਫੈਲਣ ਜਾਂ ਕਿਸੇ ਵੱਡੇ ਧਮਾਕੇ ਨੂੰ ਲੈ ਕੇ ਭਾਰੀ ਡਰ ਪੈਦਾ ਹੋ ਗਿਆ। ਸਥਾਨਕ ਲੋਕਾਂ ਨੇ ਤੁਰੰਤ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦਿਆਂ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੇ ਫਾਇਰ ਕਰਮੀਆਂ ਨੇ ਬਿਨਾਂ ਸਮਾਂ ਖ਼ਰਾਬ ਕੀਤੇ ਪਾਣੀ ਦੀਆਂ ਬੌਛਾਰਾਂ ਮਾਰ ਕੇ ਕੁਝ ਹੀ ਦੇਰ ਵਿੱਚ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ।
ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਹਾਲਾਂਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਮੁੱਢਲੀ ਜਾਂਚ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਜਾਂ ਹਾਈ-ਟੈਂਸ਼ਨ ਤਾਰਾਂ ਵਿੱਚੋਂ ਨਿਕਲੀ ਚੰਗਿਆੜੀ ਮੰਨਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲੇ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY