ਸਰਦੂਲਗੜ੍ਹ (ਚੋਪੜਾ)— ਬਹਿਬਲ ਕਲਾਂ ਵਿਖੇ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਪੇਸ਼ ਕੀਤੀ ਰਿਪੋਰਟ ਅਤੇ ਕਾਂਗਰਸ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਰੋਸ ਮਾਰਚ ਕਰਦੇ ਹੋਏ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਪੁਤਲਾ ਫੂਕਿਆ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਿੱਖਾਂ ਦੀ ਦੁਸ਼ਮਣ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਨਾਲ ਵਿਤਕਰਾ ਕਰਦੇ ਹੋਏ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੈਂਕਾਂ ਨਾਲ ਗੋਲੇ ਦਾਗ ਕੇ ਅਤੇ ਜਿਊਂਦੇ ਸਿੱਖਾਂ ਨੂੰ ਸਾੜ ਕੇ ਇਨਸਾਨੀਅਤ ਦਾ ਘਾਣ ਕੀਤਾ ਹੈ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ।
ਕਾਂਗਰਸ ਪਾਰਟੀ ਪੰਜਾਬੀਆਂ ਨਾਲ ਕੀਤੇ ਵਾਅਦੇ ਭੁੱਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਕੂੜ ਪ੍ਰਚਾਰ ਕਰ ਕੇ ਬਦਨਾਮ ਕਰਨ ਦਾ ਕੋਝਾ ਯਤਨ ਕਰ ਰਹੀ ਹੈ, ਜਿਸਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਕਾਂਗਰਸ ਪਾਰਟੀ ਦੀਆਂ ਕੋਝੀਆਂ ਚਾਲਾਂ ਦਾ ਡੱਟ ਕੇ ਵਿਰੋਧ ਕਰਦੇ ਹੋਏ ਹਰ ਕੁਰਬਾਨੀ ਲਈ ਹਮੇਸ਼ਾ ਤਿਆਰ ਰਹਿਣਗੇ। ਇਸ ਮੌਕੇ ਤਰਸੇਮ ਚੰਦ ਭੋਲੀ, ਨਗਰ ਪੰਚਾਇਤ ਦੇ ਪ੍ਰਧਾਨ ਜਤਿੰਦਰ ਜੈਨ ਬੌਬੀ, ਜਗਦੀਪ ਸਿੰਘ ਢਿੱਲੋਂ, ਬੋਹੜ ਸਿੰਘ ਸਿੱਧੂ ਅਤੇ ਅਕਾਲੀ ਵਰਕਰ ਹਾਜ਼ਰ ਸਨ।
ਪੰਜਾਬ ਸਰਕਾਰ ਦੀਆਂ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦੇਵਾਂਗੇ: ਫਫੜੇ, ਡਾ: ਨਿਸ਼ਾਨ
NEXT STORY