ਚੰਡੀਗੜ੍ਹ, (ਅਸ਼ਵਨੀ)— ਪੰਜਾਬ ਰਾਜ 'ਚ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਅਤ ਆਵਾਜਾਈ ਵਾਹਨ ਮੁਹੱਈਆ ਕਰਵਾਉਣ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਟਰਾਂਸਪੋਰਟ ਵਿਭਾਗ ਵੱਲੋਂ ਮੋਟਰ ਵ੍ਹੀਕਲ ਐਕਟ ਅਤੇ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਸੂਬੇ ਭਰ 'ਚ ਜਾਂਚ ਕੀਤੀ ਗਈ, ਜਿਸ ਦੌਰਾਨ 521 ਵਾਹਨਾਂ ਦੀ ਪੜਤਾਲ ਕੀਤੀ ਗਈ, ਜਿਨ੍ਹਾਂ 'ਚੋਂ 152 ਦੇ ਚਲਾਨ ਕੀਤੇ ਗਏ ਅਤੇ 59 ਵਾਹਨਾਂ ਨੂੰ ਜ਼ਬਤ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਸੋਮਵਾਰ ਦੱਸਿਆ ਕਿ ਵਿਭਾਗ ਨੇ ਜ਼ਿਲਿਆਂ 'ਚ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਸਕੂਲੀ ਬੱਚਿਆਂ ਦੀ ਜਾਨ ਦਾ ਖੌਅ ਬਣਦੇ ਜਾ ਰਹੇ ਸਕੂਲੀ ਵਾਹਨਾਂ ਖ਼ਿਲਾਫ਼ ਵਿੱਢੀ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਆਪਣੀ ਦੋ ਦਿਨਾਂ ਦੀ ਮੁਹਿੰਮ ਦੌਰਾਨ 7872 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿਚੋਂ 2680 ਦੇ ਚਲਾਨ ਕੀਤੇ ਗਏ ਅਤੇ 430 ਵਾਹਨਾਂ ਨੂੰ ਜ਼ਬਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਸਾਰੀ ਮੁਹਿੰਮ ਖੇਤੀ ਟਰਾਂਸਪੋਰਟ ਅਥਾਰਟੀਜ਼ ਦੇ ਸਕੱਤਰਾਂ, ਸਹਾਇਕ ਟ੍ਰਾਂਸਪੋਰਟ ਕਮਿਸ਼ਨਰ, ਸਬ ਡਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮਜ਼) ਦੀਆਂ ਟੀਮਾਂ ਵੱਲੋਂ ਚਲਾਈ ਗਈ। ਬੁਲਾਰੇ ਨੇ ਅੱਗੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਭਵਿੱਖ 'ਚ ਇਹ ਮੁਹਿੰਮ ਜਾਰੀ ਰੱਖੀ ਜਾਏਗੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਡੀ. ਈ. ਓਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਬੱਚਿਆਂ ਨੂੰ ਲਿਜਾਣ ਲਈ ਸਕੂਲ ਦੇ ਸਾਰੇ ਰਜਿਸਟਰਡ ਵਾਹਨਾਂ ਦੀ ਸੂਚੀ ਤਿਆਰ ਕਰਨ ਅਤੇ ਇਸ ਸੂਚੀ ਨੂੰ ਟਰਾਂਸਪੋਰਟ ਵਿਭਾਗ ਨਾਲ ਸਾਂਝਾ ਕਰਨ।
ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
NEXT STORY