ਫਰੀਦਕੋਟ (ਜਗਤਾਰ) - ਜ਼ਿਲਾ ਫਿਰੋਜ਼ਪੁਰ ਦੇ ਪਿੰਡ ਚੁੱਕ ਟਾਹਲੀ ਵਾਲਾ ਵਿਖੇ ਘਰ ਦੀ ਉਸਾਰੀ ਦੌਰਾਨ ਘਰ ਕੋਲੋ ਲੰਘ ਰਹੀਆਂ 11000 ਵਾਟ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਨਾਲ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਕਾਰਨ ਕਿੱਕਰ ਸਿੰਘ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਮੱਖਣ ਸਿੰਘ ਵਜੋਂ ਹੋਈ ਹੈ।

ਇਸ ਮੌਕੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਤੇ ਪੰਚਾਇਤ ਮੈਂਬਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚੋਂ 11000 ਵਾਟ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ, ਜਿਸ ਕਾਰਨ ਕਈ ਲੋਕ ਕਰੰਟ ਲੱਗਣ ਕਾਰਨ ਜ਼ਖਮੀ ਹੋ ਗਏ। ਹੁਣ ਵੀ ਉਸਾਰੀ ਦੇ ਚੱਲ ਰਹੇ ਕੰਮ ਦੌਰਾਨ ਲੋਹੇ ਦਾ ਗਾਡਰ ਤਾਰਾਂ ਨਾਲ ਲੱਗਣ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਜਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਤਾਰਾਂ ਦੀ ਇਸ ਸਮੱਸਿਆ ਦੇ ਬਾਰੇ ਉਹ ਕਈ ਵਾਰ ਅਧਿਕਾਰੀਆਂ ਨੂੰ ਕਹਿ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੀ ਲਾਪਰਵਾਹੀ ਕਾਰਨ ਅੱਜ ਇਹ ਘਟਨਾ ਵਾਪਰੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ 'ਚੋਂ ਲੱਘ ਰਹੀਆਂ ਤਾਰਾਂ ਨੂੰ ਬਾਹਰ ਕੀਤਾ ਜਾਵੇ ਤਾਂ ਜੋ ਕੋਈ ਹੋਰ ਘਟਨਾ ਨਾ ਵਾਪਰ ਸਕੇ।
ਲੁਧਿਆਣਾ 'ਚ ਕਿਸਾਨਾਂ ਦਾ ਪ੍ਰਦਰਸ਼ਨ, ਦਿੱਤੀ ਸਰਕਾਰ ਨੂੰ ਚਿਤਾਵਨੀ
NEXT STORY