ਫਤਿਹਗੜ੍ਹ ਸਾਹਿਬ (ਜਗਦੇਵ)—ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਲੰਗਰ ਹਾਲ 'ਚ ਲੱਗੀ ਅਚਾਨਕ ਅੱਗ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਬੰਧਕਾਂ ਨੂੰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਅਗਾਊਂ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ ਤੇ ਭਵਿੱਖ 'ਚ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਅਜਿਹੀ ਘਟਨਾ ਕਿਸੇ ਵੀ ਹੋਰ ਗੁਰਦੁਆਰੇ 'ਚ ਨਾ ਵਾਪਰੇ, ਕਿਉਂਕਿ ਅੱਜ ਅੱਗ ਲੰਗਰ ਹਾਲ 'ਚ ਲੱਗੀ ਹੈ, ਕੱਲ੍ਹ ਨੂੰ ਗੁਰਦੁਆਰਾ ਸਾਹਿਬ ਦਾ ਵੀ ਨੁਕਸਾਨ ਕਰ ਸਕਦੀ ਹੈ।
ਅੱਜ ਇਥੇ ਜਾਰੀ ਇਕ ਬਿਆਨ 'ਚ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ, ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਬਲਵਿੰਦਰ ਸਿੰਘ ਖੋਜਕੀਪੁਰ ਤੇ ਕੁਲਦੀਪ ਸਿੰਘ ਮਜੀਠੀਆ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਭਵਿੱਖ 'ਚ ਉਸਾਰੂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਅਜਿਹੀ ਘਟਨਾ ਵਾਪਰਨ ਨਾਲ ਸਿੱਖ ਕੌਮ ਨੂੰ ਭਾਰੀ ਸਦਮਾ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਸਰਕਾਰ ਨੇ ਜਿਹੜਾ ਲਾਂਘਾ ਖੋਲ੍ਹਣ ਲਈ ਉਪਰਾਲਾ ਕੀਤਾ ਹੈ ਉਸ ਲਈ ਸਮੁੱਚਾ ਸਿੱਖ ਪੰਥ ਉਨ੍ਹਾਂ ਦਾ ਧੰਨਵਾਦੀ ਹੈ ਪਰ ਸਿੱਖ ਪੰਥ ਮੰਗ ਕਰਦਾ ਹੈ ਕਿ ਸਰਕਾਰ ਪੰਜਾ ਸਾਹਿਬ ਗੁਰਦੁਆਰੇ ਵਿਖੇ ਲੱਗੀ ਅੱਗ ਦੀ ਲੋੜੀਂਦੀ ਜਾਂਚ ਕਰਵਾਏ ਤੇ ਭਵਿੱਖ 'ਚ ਅਜਿਹੀ ਘਟਨਾ ਨੂੰ ਰੋਕਣ ਲਈ ਠੋਸ ਉਪਰਾਲੇ ਕਰੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਵੀ ਇਸ ਪਾਸੇ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਉਤਸਵ ਮੌਕੇ ਜਿਥੇ-ਜਿਥੇ ਵੀ ਗੁਰਪੁਰਬ ਮਨਾਏ ਜਾ ਰਹੇ ਹਨ, ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਪਾਸੇ ਉਚੇਚਾ ਧਿਆਨ ਦੇਣ ਦੀ ਲੋੜ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਅਗਾਊਂ ਪ੍ਰਬੰਧ ਕਰਨਾ ਚਾਹੀਦਾ ਹੈ।
ਮਨਪ੍ਰੀਤ ਇਆਲੀ ਨੇ ਲਾਈਵ ਹੋ ਕੇ ਘੇਰੀ ਇਨੋਵਾ ਗੱਡੀ, ਲਾਏ ਪੁਲਸ 'ਤੇ ਦੋਸ਼ (ਵੀਡੀਓ)
NEXT STORY