ਡੇਰਾਬੱਸੀ (ਅਨਿਲ ਸ਼ਰਮਾ) : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਡੇਰਾਬੱਸੀ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ 'ਚ ਇਲਾਜ ਅਧੀਨ ਮਰੀਜ਼ ਨੂੰ ਪਰੋਸੇ ਗਏ ਖਾਣੇ ਵਿੱਚੋਂ ਕੀੜਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮਰੀਜ਼ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਚ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਨੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਹਸਪਤਾਲ 'ਚ ਮਰੀਜ਼ਾਂ ਨੂੰ ਪਰੋਸੇ ਜਾ ਰਹੇ ਖਾਣੇ ਦੇ ਨਮੂਨੇ ਲੈ ਕੇ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਕਾਰਜਕਾਰੀ ਮੈਂਬਰ ਐਡਵੋਕੇਟ ਰਾਜੇਸ਼ ਧਾਕੜ ਦੇ ਪਿਤਾ ਸੂਬੇਦਾਰ ਮੇਜਰ (ਸੇਵਾਮੁਕਤ) ਰੌਸ਼ਨ ਸਿੰਘ ਨੂੰ ਪੇਟ 'ਚ ਇਨਫੈਕਸ਼ਨ ਦੀ ਸ਼ਿਕਾਇਤ ਕਾਰਨ 3 ਅਕਤੂਬਰ ਨੂੰ ਉਕਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰੀ ਜਾਂਚ ਦੌਰਾਨ ਉਨ੍ਹਾਂ ਦੇ ਗੁਰਦੇ ਅਤੇ ਪਿੱਤੇ ਦੀ ਥੈਲੀ 'ਚ ਇਨਫੈਕਸ਼ਨ ਦੇ ਲੱਛਣ ਪਾਏ ਗਏ। ਉਹ ਇਸ ਸਮੇਂ ਹਸਪਤਾਲ 'ਚ ਇਲਾਜ ਅਧੀਨ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਰਾਤ ਸਮੇਂ ਹਸਪਤਾਲ ਵੱਲੋਂ ਮਰੀਜ਼ ਨੂੰ ਖਾਣੇ ਵਿੱਚ ਚੌਲ ਪਰੋਸੇ ਗਏ। ਖਾਣਾ ਖਾਂਦੇ ਸਮੇਂ ਚੌਲਾਂ ਵਿੱਚ ਇੱਕ ਕੀੜਾ ਨਜ਼ਰ ਆਇਆ। ਇਸ ਤੋਂ ਬਾਅਦ ਮਰੀਜ਼ ਅਤੇ ਪਰਿਵਾਰਕ ਮੈਂਬਰ ਹੈਰਾਨ ਰਹਿ ਗਏ। ਪਰਿਵਾਰ ਦਾ ਦੋਸ਼ ਹੈ ਕਿ ਖਾਣੇ ਨਾਲ ਦਿੱਤੀ ਗਈ ਰੋਟੀ ਦਾ ਸੁਆਦ ਵੀ ਕੌੜਾ ਸੀ ਅਤੇ ਉਹ ਖਾਣਯੋਗ ਨਹੀਂ ਸੀ।
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਇਸ ਦੀ ਸ਼ਿਕਾਇਤ ਸਬੰਧਿਤ ਡਾਕਟਰਾਂ ਅਤੇ ਹਸਪਤਾਲ ਪ੍ਰਬੰਧਨ ਕੋਲ ਕੀਤੀ। ਦੱਸਿਆ ਗਿਆ ਹੈ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਖਾਣਾ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਇੱਕ ਨਿੱਜੀ ਫੂਡ ਸਰਵਿਸ ਕੰਪਨੀ ਦੀ ਹੈ। ਐਡਵੋਕੇਟ ਰਾਜੇਸ਼ ਧਾਕੜ ਨੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਤੋਂ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਪਰੋਸੇ ਜਾ ਰਹੇ ਖਾਣੇ ਦੇ ਨਮੂਨੇ ਲੈ ਕੇ ਉਨ੍ਹਾਂ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
NEXT STORY