ਮਾਨਸਾ (ਸੰਦੀਪ ਮਿੱਤਲ) : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਾਨਸਾ ਪੁਲਸ ਵੱਲੋਂ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ। ਇਸੇ ਤਹਿਤ ਮਾਨਸਾ ਦੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਹੋਟਲ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹੋਟਲ ਵਿਚ ਕਮਰਾ ਕਿਰਾਏ ’ਤੇ ਦੇਣ ਤੋਂ ਪਹਿਲਾਂ ਅਤੇ ਬਾਅਦ ਵਿਚ ਰਹਿਣ ਵਾਲੇ ਵਿਅਕਤੀ ਦੀ ਪੂਰੀ ਪਛਾਣ ਅਤੇ ਪਤੇ ਸਬੰਧੀ ਜਾਣਕਾਰੀ ਨਿਰਧਾਰਤ ਨਿਯਮਾਂ ਅਨੁਸਾਰ ਪੁਲਸ ਨੂੰ ਮੁਹੱਈਆ ਕਰਵਾਈ ਜਾਵੇ। ਡੀਐਸਪੀ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ, ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਅਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਹੋਟਲ ਮਾਲਕਾਂ ਨੂੰ ਕਿਹਾ ਕਿ ਹੋਟਲ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ ਦੀ ਪਛਾਣ ਸਬੰਧੀ ਲੋੜੀਂਦੇ ਦਸਤਾਵੇਜ਼ ਅਤੇ ਪੂਰਾ ਪਤਾ ਦਰਜ ਕੀਤਾ ਜਾਵੇ ਅਤੇ ਨਿਯਮਾਂ ਅਨੁਸਾਰ ਸਬੰਧਤ ਪੁਲਸ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਖਾਸ ਤੌਰ ’ਤੇ ਕਿਹਾ ਕਿ ਘੱਟ ਉਮਰ ਦੇ ਲੜਕੇ-ਲੜਕੀਆਂ ਨੂੰ ਬਿਨਾਂ ਲੋੜੀਂਦੀ ਤਸਦੀਕ ਦੇ ਕਮਰੇ ਜਾਂ ਘੰਟਿਆਂ ਦੇ ਆਧਾਰ ’ਤੇ ਕਮਰਾ ਕਿਰਾਏ ’ਤੇ ਨਾ ਦਿੱਤਾ ਜਾਵੇ। ਜੇਕਰ ਕੋਈ ਹੋਟਲ ਮਾਲਕ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਡੀਐਸਪੀ ਨੇ ਕਿਹਾ ਕਿ ਕਈ ਵਾਰ ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਹੋਟਲਾਂ ਵਿਚ ਆਪਣੀ ਪਛਾਣ ਲੁਕਾ ਕੇ ਠਹਿਰ ਜਾਂਦੇ ਹਨ ਅਤੇ ਬਾਅਦ ਵਿਚ ਕਿਸੇ ਅਪਰਾਧ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ। ਅਜਿਹੇ ਮਾਮਲਿਆਂ ਵਿੱਚ ਹੋਟਲ ਮਾਲਕਾਂ ਵੱਲੋਂ ਕੀਤੀ ਗਈ ਸਾਵਧਾਨੀ ਪੁਲਿਸ ਲਈ ਵੀ ਬੇਹੱਦ ਮਦਦਗਾਰ ਸਾਬਤ ਹੋ ਸਕਦੀ ਹੈ। ਉਨ੍ਹਾਂ ਹੋਟਲ ਮਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਦੀਆਂ ਗਤੀਵਿਧੀਆਂ ਸ਼ੱਕੀ ਲੱਗਦੀਆਂ ਹਨ ਤਾਂ ਤੁਰੰਤ ਪੁਲਸ ਨੂੰ ਗੁਪਤ ਸੂਚਨਾ ਦਿੱਤੀ ਜਾਵੇ। ਪੁਲਸ ਵੱਲੋਂ ਅਜਿਹੇ ਸਹਿਯੋਗ ਦੀ ਕਦਰ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦਿਆਂ ਉਸਦਾ ਸਨਮਾਨ ਤੇ ਲੋੜੀਂਦੀ ਮਦਦ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜਾ ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਮਨਾਉਣਾ ਪੁਲਿਸ ਦੇ ਨਾਲ-ਨਾਲ ਸਮੂਹ ਨਾਗਰਿਕਾਂ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ।
ਬਾਥਰੂਮ ਦੀ ਕੰਧ ਤੋੜ ਦੁਕਾਨ ਵਿਚੋਂ ਨਕਦੀ ਲੈ ਗਏ ਚੋਰ
NEXT STORY