ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿਲ 2026 ਨੂੰ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਧਰਮਾਂ ਨਾਲ ਸੰਬੰਧਿਤ ਬੇਅਦਬੀਆਂ ਰੋਕਣ ਲਈ ਜੋ ਕਾਨੂੰਨ ਦਾ ਖਰੜਾ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਹੈ, ਪੰਜਾਬ ਸਰਕਾਰ ਉਹ ਵੀ ਛੇਤੀ ਵਿਧਾਨ ਸਭਾ ਵਿੱਚ ਲੈ ਕੇ ਆਵੇ ਤਾਂ ਜੋ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਣ ਸਕੇ।
ਇਸ ਸਬੰਧੀ ਆਪਣੇ ਇਕ ਸੋਸ਼ਲ ਮੀਡੀਆ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ "ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਦਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿਲ 2026 ਨੂੰ ਪ੍ਰਵਾਨਗੀ ਦੇਣ ਲਈ ਬਹੁਤ ਬਹੁਤ ਧੰਨਵਾਦ। ਇਸ ਕਾਨੂੰਨ ਦੇ ਬਣਨ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਕਰਨ ਵਾਲਿਆਂ ਨੂੰ ਹੁਣ ਸਖਤ ਸਜਾਵਾਂ ਮਿਲਣਗੀਆਂ। ਅਸੀਂ ਇਹ ਵੀ ਆਸ ਕਰਦੇ ਹਾਂ ਕਿ ਸਾਰੇ ਧਰਮਾਂ ਨਾਲ ਸੰਬੰਧਿਤ ਬੇਅਦਬੀਆਂ ਰੋਕਣ ਲਈ ਜੋ ਕਾਨੂੰਨ ਦਾ ਖਰੜਾ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਹੈ, ਪੰਜਾਬ ਸਰਕਾਰ ਉਹ ਵੀ ਛੇਤੀ ਵਿਧਾਨ ਸਭਾ ਵਿੱਚ ਲੈ ਕੇ ਆਵੇ ਤਾਂ ਜੋ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਣ ਸਕੇ।"
ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਕਾਨੂੰਨ ਪਾਸ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜਾਵਾਂ ਦੇਣ ਦਾ ਰਾਹ ਪੱਧਰਾ ਹੋ ਗਿਆ ਪਰ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਉਸ ਕਾਨੂੰਨ ਦੇ ਖਰੜੇ ਨੂੰ ਵੀ ਪੰਜਾਬ ਵਿਧਾਨ ਸਭਾ ਵਿਚ ਲਿਆਊਣ ਲਈ ਕਿਹਾ ਹੈ ਜਿਸ ਨੂੰ ਪਿੱਛਲੇ ਸਾਲ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਚਾਰ ਲਈ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਸੀ।
ਉਨ੍ਹਾਂ ਨੇ ਕਿਹਾ ਕਿ ਪ੍ਰਾਣ ਪ੍ਰਤਿਸ਼ਠਤ ਮੂਰਤੀਆਂ ਅਤੇ ਹਿੰਦੂ ਧਰਮ ਸਮੇਤ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਵੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਸਮਾਜ ਵਿਚ ਵੰਡ ਪਾਊ ਤਾਕਤਾਂ ਪਿੱਛਲੇ ਸਮੇਂ ਵਿਚ ਅਜਿਹੀਆਂ ਕੋਝੀਆਂ ਹਰਕਤਾਂ ਕਰਦੀਆਂ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਹੁਣ ਉਕਤ ਕਾਨੂੰਨ ਨੂੰ ਵੀ ਜਲਦ ਵਿਧਾਨ ਸਭਾ ਵਿਚ ਪੇਸ਼ ਕਰਕੇ ਕਾਨੂੰਨ ਬਣਾਉਣਾ ਚਾਹੀਦਾ ਹੈ, ਜਿਸ ਦੀ ਮੰਗ ਸਰਵ ਧਰਮ ਸਮਾਜ ਵੱਲੋਂ ਕੀਤੀ ਜਾ ਰਹੀ ਹੈ।
18 ਟੈਰੀ ਟਰੱਕ ਦੀ ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਸੜ ਕੇ ਸੁਆਹ
NEXT STORY