ਮਾਨਸਾ,(ਮਿੱਤਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੁਆਰਾ 23 ਦਸੰਬਰ ਤੋਂ 25 ਦਸੰਬਰ ਤੱਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਡਿਜ਼ੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਸਥਾਪਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਸਮਾਗਮ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਬੁਲਾਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਡਿਜ਼ੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਮਨੁੱਖਤਾ 'ਤੇ ਉਨ੍ਹਾਂ ਦੇ ਪ੍ਰਭਾਵ ਨੂੰ ਦਰਸਾਇਆ ਜਾਵੇਗਾ। ਆਧੁਨਿਕ ਡਿਜ਼ੀਟਲ ਤਕਨੀਕਾਂ ਨਾਲ ਜੁੜੇ ਦੋਵੇਂ ਸਮਾਗਮ ਲੋਕਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਨਣ ਲਈ ਢੁਕਵਾਂ ਮੌਕਾ ਹਨ।
ਉਨ੍ਹਾਂ ਅੱਗੇ ਕਿਹਾ ਕਿ ਡਿਜ਼ੀਟਲ ਮਿਊਜ਼ੀਅਮ 23 ਦਸੰਬਰ ਤੋਂ 25 ਦਸੰਬਰ ਤੱਕ ਪ੍ਰਦਰਸ਼ਿਤ ਕੀਤਾ ਜਾਵੇਗਾ, ਜਦੋਂਕਿ ਲਾਈਟ ਐਂਡ ਸਾਊਂਡ ਸ਼ੋਅ 24 ਅਤੇ 25 ਦਸੰਬਰ ਨੂੰ ਹੋਵੇਗਾ। ਦੋਵਾਂ ਸਮਾਗਮਾਂ ਵਿਚ ਐਂਟਰੀ ਮੁਫ਼ਤ ਹੋਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ• ਦੇ ਐਸ.ਡੀ.ਐਮਜ਼. ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਹਰ ਦਿਨ ਇਕ ਐਸ.ਡੀ.ਐਮ. ਵੱਲੋਂ ਪ੍ਰਧਾਨਗੀ ਕੀਤੀ ਜਾਵੇਗੀ। ਨਗਰ ਕੌਂਸਲ ਮਾਨਸਾ ਨੂੰ ਸਾਫ ਸਫਾਈ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ, ਜਦਕਿ ਪੁਲਸ ਨੂੰ ਸੁਰੱਖਿਆ ਦੇ ਨਾਲ-ਨਾਲ ਟਰੈਫਿਕ, ਪਾਰਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸੇ ਤਰਾਂ ਜ਼ਿਲਾ ਸਿੱਖਿਆ ਦਫ਼ਤਰ ਨੂੰ ਹਦਾਇਤ ਕੀਤੀ ਗਈ ਕਿ ਉਹ ਸਕੂਲੀ ਵਿਦਿਆਰਥੀਆਂ ਦੇ ਸਮਾਗਮ ਵਿਚ ਆਉਣ ਲਈ ਸਹੂਲਤ ਦੇਣ। ਪੀ.ਐਸ.ਪੀ.ਸੀ.ਐਲ. ਨੂੰ ਸਮਾਗਮ ਲਈ ਬਿਜਲੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲਾ ਮੰਡੀ ਬੋਰਡ ਪੀਣ ਵਾਲੇ ਪਾਣੀ ਦੀ ਸਹੂਲਤ ਦੇਵੇਗਾ। ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਪਿੰਡਾਂ ਵਿਚ ਇਸ ਸਮਾਗਮ ਸਬੰਧੀ ਮੁਨਾਦੀ ਕਰਵਾਈ ਜਾਵੇ ਤਾਂ ਜੋ ਵਧ ਤੋਂ ਵੱਧ ਲੋਕ ਇਸ ਸਮਾਗਮ ਦਾ ਹਿੱਸਾ ਬਣ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਬੁਢਲਾਡਾ ਸ੍ਰੀ ਅਦਿੱਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ• ਸ੍ਰੀ ਰਾਜਪਾਲ ਸਿੰਘ, ਡੀ.ਐਸ.ਪੀ. ਸ੍ਰੀ ਸਰਬਜੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ
NEXT STORY