ਮਹਿਲਕਲਾਂ, (ਹਮੀਦੀ)- ਥਾਣਾ ਠੁੱਲੀਵਾਲ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਕੀਤੀ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 10 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐਸਪੀ ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ, ਠੁੱਲੀਵਾਲ ਥਾਣੇ ਦੇ ਮੁਖੀ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਉਹਨਾਂ ਕਿਹਾ ਕਿ ਏਐਸਆਈ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਪਿੰਡ ਹਮੀਦੀ ਅਤੇ ਗੁਰਮ ਦੇ ਵਿਚਕਾਰ ਲੰਘਦੀ ਡਰੇਨ ਦੇ ਪੁਲ ਕੋਲੋਂ ਇੱਕ ਵਿਅਕਤੀ ਤੋਂ 10 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ। ਗ੍ਰਿਫਤਾਰ ਵਿਅਕਤੀ ਦੀ ਪਛਾਣ ਸੋਬੀ ਸਿੰਘ ਵਾਸੀ ਖਲੀਲ ਪੱਤੀ (ਸ਼ੇਰਪੁਰ) ਵਜੋਂ ਹੋਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 66, ਧਾਰਾ 15/61/85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਠੁੱਲੀਵਾਲ ਵਿੱਚ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਹਾਇਕ ਥਾਣੇਦਾਰ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਵਿੱਚ ਲੋਕਾਂ ਨੂੰ ਪੁਲਸ ਨਾਲ ਸਹਿਯੋਗ ਦੇਣਾ ਚਾਹੀਦਾ ਹੈ। ਇਸ ਕਾਰਵਾਈ ਦੌਰਾਨ ਸਹਾਇਕ ਥਾਣੇਦਾਰ ਅਮਰਜੀਤ ਸਿੰਘ, ਮੁਨਸੀ ਸਿੰਘ, ਹਵਾਲਦਾਰ ਦੀਪ ਸਿੰਘ ਅਤੇ ਬੁੱਧ ਸਿੰਘ ਵੀ ਮੌਜੂਦ ਸਨ।
ਰੇਲਵੇ ਰਜਵਾਹੇ 'ਚ ਲਾਸ਼ ਬਰਾਮਦ
NEXT STORY