ਚੌਂਕੀਮਾਨ (ਗਗਨਦੀਪ)- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਮਗਰੋਂ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਅਟੁੱਟ ਸ਼ਰਧਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸ਼ਾਨ ਹੈ ਅਤੇ ਉਹ ਇਕ ਨਿਮਾਣੇ ਸਿੱਖ ਵਜੋਂ ਨਿਰਧਾਰਿਤ ਮਿਤੀ ਨੂੰ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਤੀਤ ਵਾਂਗ ਭਵਿੱਖ ਵਿਚ ਵੀ ਤਖ਼ਤ ਸਾਹਿਬ ਦੇ ਹਰ ਆਦੇਸ਼ ਦੀ ਇੰਨ-ਬਿਨ ਪਾਲਣਾ ਕੀਤੀ ਜਾਵੇਗੀ।
ਬੇਅਦਬੀ ਵਿਰੋਧੀ ਕਾਨੂੰਨ ਬਾਰੇ ਸਥਿਤੀ ਕੀਤੀ ਸਪੱਸ਼ਟ
ਵਿਧਾਨ ਸਭਾ ਵਿਚ ਪਾਸ ਹੋਏ ਬੇਅਦਬੀ ਕਾਨੂੰਨ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦਾ ਬਿੱਲ ਸਦਨ ਵਿਚ ਆਇਆ, ਉਦੋਂ ਨਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਆਦੇਸ਼ ਸੀ ਅਤੇ ਨਾ ਹੀ ਐੱਸ.ਜੀ.ਪੀ.ਸੀ ਨੇ ਕੋਈ ਇਤਰਾਜ਼ ਜਾਂ ਸੁਝਾਅ ਦਿੱਤਾ ਸੀ। ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸਮੁੱਚੇ ਸਦਨ ਨੇ ਇਸ ਦਾ ਸਮਰਥਨ ਕੀਤਾ ਸੀ। ਉਨ੍ਹਾਂ ਨੇ ਉਸੇ ਵੇਲੇ ਸਦਨ ਵਿਚ ਕਿਹਾ ਸੀ ਕਿ ਜੇਕਰ ਇਸ ਕਾਨੂੰਨ ਵਿਚ ਕੋਈ ਖ਼ਾਮੀ ਹੈ ਤਾਂ ਭਵਿੱਖ ਵਿਚ ਸੋਧਾਂ ਦਾ ਰਾਹ ਖੁੱਲ੍ਹਾ ਰੱਖਿਆ ਜਾਵੇ ਅਤੇ ਇਸ ਕਾਨੂੰਨ ਦੀ ਦੁਰਵਰਤੋਂ ਨਾ ਹੋਵੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ।
ਤਖ਼ਤ ਸਾਹਿਬ ਦੀ ਮਰਿਆਦਾ ਅਤੇ ਹੁਕਮਨਾਮੇ ਦੀ ਪਾਲਣਾ 'ਤੇ ਦਿੱਤਾ ਜ਼ੋਰ
ਇਯਾਲੀ ਨੇ ਪੰਥਕ ਲੀਡਰਸ਼ਿਪ ਅਤੇ ਮਰਿਆਦਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਤੀਤ ਵਿਚ ਸੁਖਬੀਰ ਸਿੰਘ ਬਾਦਲ ਦੇ ਦਬਾਅ ਹੇਠ ਡੇਰਾ ਮੁਖੀ ਨੂੰ ਦਿੱਤੀ ਗਈ ਮੁਆਫ਼ੀ ਨੇ ਸਿੱਖ ਕੌਮ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਈ ਸੀ।ਉਨ੍ਹਾਂ ਦੋਸ਼ ਲਾਇਆ ਕਿ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮੇ ਦੀ ਪਾਲਣਾ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੇ ਪ੍ਰਧਾਨ ਵੱਲੋਂ ਵੀ ਪੂਰੀ ਤਰ੍ਹਾਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਆਗੂ ਭਾਵੇਂ ਕੋਈ ਵੀ ਹੋਵੇ ਤਖ਼ਤ ਸਾਹਿਬ ਦੀ ਮਰਿਆਦਾ ਸਭ ਲਈ ਬਰਾਬਰ ਹੈ ਅਤੇ ਹਰ ਇਕ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ।
ਸਰਕਾਰ ਨੂੰ ਟਕਰਾਅ ਦੀ ਨੀਤੀ ਤਿਆਗਣ ਦੀ ਸਲਾਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਇਯਾਲੀ ਨੇ ਕਿਹਾ ਕਿ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਨੀਤੀ ਤਿਆਗ ਦੇਣੀ ਚਾਹੀਦੀ ਹੈ। ਜੇਕਰ ਸਰਕਾਰ ਆਪਣੀ ਜਗ੍ਹਾ ਸਹੀ ਹੈ ਤਾਂ ਮੁੱਖ ਮੰਤਰੀ ਨੂੰ ਖੁਦ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਅਤੇ ਸਬੂਤ ਰੱਖਣੇ ਚਾਹੀਦੇ ਹਨ ਅਤੇ ਮਰਿਆਦਾ ਅਨੁਸਾਰ ਜੋ ਵੀ ਫ਼ੈਸਲਾ ਆਵੇ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ।
ਸੰਜਮ ਅਤੇ ਸਿਆਣਪ ਨਾਲ ਹੱਲ ਕੱਢਣ ਦੀ ਅਪੀਲ
ਇਯਾਲੀ ਨੇ ਕਿਹਾ ਕਿ ਇਸ ਸਾਰੇ ਘਟਨਾਕ੍ਰਮ 'ਤੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਨਜ਼ਰ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਰੀਆਂ ਧਿਰਾਂ ਨੂੰ ਸੰਜਮ ਅਤੇ ਸਿਆਣਪ ਤੋਂ ਕੰਮ ਲੈਣਾ ਚਾਹੀਦਾ ਹੈ ਤਾਂ ਜੋ ਪੰਥਕ ਸੰਸਥਾਵਾਂ ਦੀ ਮਾਣ-ਮਰਿਆਦਾ ਕਾਇਮ ਰਹੇ ਅਤੇ ਇਸ ਵਿਵਾਦ ਦਾ ਕੋਈ ਸਨਮਾਨਜਨਕ ਹੱਲ ਨਿਕਲ ਸਕੇ।
ਬਿਜਲੀ ਬੋਰਡ ਦੇ ਲਾਈਨਮੈਨ ਦੀ ਕੁੱਟਮਾਰ ਕਰਨ ’ਤੇ 3 ਖ਼ਿਲਾਫ਼ ਮੁਕੱਦਮਾ ਦਰਜ
NEXT STORY