ਦੋਰਾਹਾ/ਪਾਇਲ, (ਵਿਨਾਇਕ): ਖੰਨਾ ਪੁਲਸ ਜ਼ਿਲੇ ਦੇ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਦੋਰਾਹਾ, ਪਾਇਲ, ਸਮਰਾਲਾ ਅਤੇ ਖੰਨਾ ਨਗਰ ਕੌਂਸਲ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ ਕਰੀਬ 410 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਦਕਿ 2 ਐੱਸ.ਪੀ. ਅਤੇ 9 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਨੂੰ ਵੀ ਵਿਸ਼ੇਸ਼ ਡਿਊਟੀ ‘ਤੇ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਗਿਣਤੀ ਵਾਲੇ ਇਲਾਕਿਆਂ ਵਿੱਚ ਪੈਟਰੋਲਿੰਗ ਪਾਰਟੀਆਂ ਵੱਲੋਂ ਲਗਾਤਾਰ ਗਸ਼ਤ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਇਸਦੇ ਨਾਲ ਹੀ ਪੁਲਸ ਵੱਲੋਂ ਸੋਸ਼ਲ ਮੀਡੀਆ ‘ਤੇ ਵੀ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਐੱਸ.ਐੱਸ.ਪੀ. ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਗਲਤ ਜਾਣਕਾਰੀ, ਅਫਵਾਹ ਜਾਂ ਭੜਕਾਊ ਸਮੱਗਰੀ ਫੈਲਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਬਾਹਰ 200 ਮੀਟਰ ਤੱਕ ਦੇ ਇਲਾਕੇ ਨੂੰ “ਨੋ ਵਹੀਕਲ ਜ਼ੋਨ” ਐਲਾਨਿਆ ਗਿਆ ਹੈ। ਸਿਰਫ਼ ਪਛਾਣ ਪੱਤਰ ਦੇ ਆਧਾਰ ‘ਤੇ ਹੀ ਗਿਣਤੀ ਕੇਂਦਰਾਂ ਵਿੱਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਵਲ ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ ਕਾਊਂਟਿੰਗ ਏਜੰਟਾਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇਗੀ।
ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ, ਤਾਂ ਜੋ ਹਰ ਗਤੀਵਿਧੀ ‘ਤੇ ਕੜੀ ਨਜ਼ਰ ਰੱਖੀ ਜਾ ਸਕੇ। ਇਸਦੇ ਨਾਲ ਹੀ ਗਿਣਤੀ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਅਨੁਸ਼ਾਸਨਹੀਨਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐੱਸ.ਐੱਸ.ਪੀ. ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਹਾਰ ਅਤੇ ਜਿੱਤ ਇੱਕ ਆਮ ਪ੍ਰਕਿਰਿਆ ਹੈ, ਇਸ ਲਈ ਸਾਰੇ ਲੋਕ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੱਲੋਂ ਹਥਿਆਰਾਂ ਦੀ ਨੁਮਾਇਸ਼ ਕੀਤੀ ਗਈ ਜਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਦੇ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਨੂੰ ਵੀ ਗਿਣਤੀ ਕੇਂਦਰ ਦੇ ਅੰਦਰ ਮੋਬਾਈਲ ਫੋਨ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਮੀਡੀਆ ਲਈ ਵਿਸ਼ੇਸ਼ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ, ਜੋ ਹਰ ਰਾਊਂਡ ਦੀ ਅਧਿਕਾਰਤ ਜਾਣਕਾਰੀ ਮੀਡੀਆ ਨਾਲ ਸਾਂਝੀ ਕਰੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਚੋਣ ਆਯੋਗ, ਲੁਧਿਆਣਾ ਪ੍ਰਸ਼ਾਸਨ ਜਾਂ ਅਧਿਕਾਰਤ ਮੀਡੀਆ ਅਦਾਰਿਆਂ ਵੱਲੋਂ ਜਾਰੀ ਕੀਤੀ ਜਾਣਕਾਰੀ ‘ਤੇ ਹੀ ਭਰੋਸਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਾਉਣ ਤੋਂ ਬਚਣ।
ਨਗਰ ਨਿਗਮ, ਨਗਰ ਕੌਂਸਲ ਤੇ ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
NEXT STORY