ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪਾਕਿਸਤਾਨ ਤੇ ਉਸ ਦੀ ਏਜੰਸੀ ਆਈ. ਐੱਸ. ਆਈ. ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਸ ਕਿਸੇ ਨੂੰ ਵੀ ਸੂਬੇ ਦੀ ਮਿਹਨਤ ਨਾਲ ਸਥਾਪਤ ਕੀਤੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਤੇ ਇਸ ਦੀ ਕੋਸ਼ਿਸ਼ ਕਰਨ ਵਾਲੇ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਬੀਤੇ ਦਿਨੀਂ ਅੰਮ੍ਰਿਤਸਰ ਦੇ ਠਾਕੁਰ ਦੁਆਰਾ ਮੰਦਰ ’ਤੇ ਹਮਲੇ ’ਚ ਸ਼ਾਮਲ ਮੁੱਖ ਮੁਲਜ਼ਮ ਨੂੰ ਪੁਲਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ’ਚ ਢਹਿ-ਢੇਰੀ ਕਰ ਦਿੱਤਾ ਗਿਆ ।
ਵਿਸ਼ੇਸ਼ ਡੀ. ਜੀ. ਪੀ., ਏ. ਡੀ. ਜੀ. ਪੀ. ਤੇ ਆਈ. ਜੀ. ਸਮੇਤ ਉੱਚ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਫ਼ੈਸਲਾਕੁੰਨ ਮੁਹਿੰਮ ਨੇ ਡਰੱਗ ਕੋਰੀਅਰਾਂ ਤੇ ਸਮੱਗਲਰਾਂ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ ਹੈ। ਪੁਲਸ ਦਾ ਖੁਫ਼ੀਆ ਤੰਤਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਨਸ਼ੇ ਵਾਲੇ ਪਦਾਰਥ ਭੇਜਣ ਵਾਲੇ ਹੁਣ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੇ ਗਏ ਹੈਰੋਇਨ ਦੇ ਪੈਕੇਟ ਲੈਣ ਤੋਂ ਵੀ ਝਿਜਕ ਰਹੇ ਹਨ, ਜਿਸ ਨਾਲ ਹੈਰੋਇਨ ਦੀ ਸਪਲਾਈ ਲੜੀ ਕਾਫ਼ੀ ਹੱਦ ਤੱਕ ਟੁੱਟੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅਸਲ ਨਸ਼ਾ ਸਮੱਗਲਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜਦਕਿ ਨਸ਼ਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਬੇਲੋੜਾ ਤੰਗ ਨਹੀਂ ਕੀਤਾ ਜਾ ਰਿਹਾ ਤੇ ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸੂਬੇ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਾਰੇ ਵਿਭਾਗਾਂ ਨੂੰ ਇਕਜੁੱਟ ਕਰਨ ਹਿੱਤ ਕੈਬਨਿਟ ਸਬ-ਕਮੇਟੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਪੁਲਸ ਵੱਲੋਂ ਵਿਆਪਕ ਜ਼ਿਲਾ ਪੱਧਰੀ ਮੈਪਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ। ਪੁਲਸ ਕਮਿਸ਼ਨਰਾਂ ਤੇ ਜ਼ਿਲਾ ਪੁਲਸ ਮੁਖੀ ਤੋਂ ਲੈ ਕੇ ਐੱਸ. ਐੱਚ. ਓ. ਤੱਕ ਸਾਰੇ ਅਧਿਕਾਰੀਆਂ ਨੂੰ ਟੀਚੇ ਦਿੱਤੇ ਜਾ ਰਹੇ ਹਨ।
‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਦਿਨਾਂ ਦੇ ਨਤੀਜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਨੇ 1 ਮਾਰਚ ਤੋਂ 2575 ਨਸ਼ਾ ਸਮੱਗਲਰਾਂਂ ਨੂੰ ਗ੍ਰਿਫ਼ਤਾਰ ਕਰ ਕੇ ਸੂਬੇ ਭਰ ’ਚ 1651 ਐੱਫ. ਆਈ. ਆਰ. ਦਰਜ ਕੀਤੀਆਂ ਹਨ। ਇਸ ਦੌਰਾਨ ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 95 ਕਿੱਲੋ ਹੈਰੋਇਨ, 52 ਕਿੱਲੋ ਅਫ਼ੀਮ, 1129 ਕਿੱਲੋ ਭੁੱਕੀ, 13.79 ਕਿੱਲੋ ਗਾਂਜਾ, 7.25 ਲੱਖ ਨਸ਼ੇ ਦੀਆਂ ਗੋਲੀਆਂ/ਟੀਕੇ, 1 ਕਿੱਲੋ ਆਈ. ਸੀ. ਈ., 1.37 ਕਿੱਲੋ ਕੋਕੀਨ ਤੇ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਨਵੀਂ ਸ਼ੁਰੂ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ 9779100200 ਰਾਹੀਂ ਨਾਗਰਿਕ ਨਸ਼ਾ ਸਮੱਗਲਰਾਂ ਦੀ ਗੁਪਤ ਰੂਪ ’ਚ ਰਿਪੋਰਟ ਕਰ ਸਕਦੇ ਹਨ।
ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੰਜਾਬ ਪੁਲਸ ਦੇ ਸਮਰਥਨ ਵਾਸਤੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਾ ਦੇ ਸਮਰਥਨ ਤੋਂ ਬਿਨਾਂ ਇਹ ਮੁਹਿੰਮ ਸਫਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਲੋਕਾਂ ਤੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰ ਕੇ ਜਨਤਾ ਤੱਕ ਪਹੁੰਚ ਕਰ ਰਹੀ ਹੈ। ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਯੁਵਾ ਸਾਂਝ ਤੇ ਖੇਡ ਪਹਿਲਕਦਮੀਆਂ ਸਮੇਤ ਵੱਖ-ਵੱਖ ਜਨਤਕ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਕਮੇਟੀ ਵਫਦ ਨੇ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਨਾਲ ਕੀਤੀ ਮੁਲਾਕਾਤ
NEXT STORY