ਬਠਿੰਡਾ (ਵਿਜੈ ਵਰਮਾ) : ਪੰਜਾਬ 'ਚ ਲਗਾਤਾਰ ਵੱਧ ਰਹੇ ਬਿਜਲੀ ਸੰਕਟ ਅਤੇ ਅਣ-ਐਲਾਨੇ ਕੱਟਾਂ ਨੂੰ ਲੈ ਕੇ ਆਮ ਲੋਕਾਂ ਦਾ ਗੁੱਸਾ ਹੁਣ ਸੜਕਾਂ 'ਤੇ ਨਜ਼ਰ ਆਉਣ ਲੱਗਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪੱਧਰੀ ਸੱਦੇ 'ਤੇ ਭਾਜਪਾ ਸ਼ਹਿਰੀ ਜ਼ਿਲ੍ਹਾ ਬਠਿੰਡਾ ਵੱਲੋਂ ਵੀਰਵਾਰ ਨੂੰ ਹਨੂਮਾਨ ਚੌਂਕ ਸਥਿਤ ਪਾਵਰ ਗਰਿੱਡ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਭਾਜਪਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕੀਤੀ। ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਜਲੀ ਪ੍ਰਬੰਧਨ ਨੂੰ ਸੰਭਾਲਣ 'ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਭਿਆਨਕ ਗਰਮੀ ਦੇ ਇਸ ਦੌਰ 'ਚ ਸ਼ਹਿਰਾਂ ਅਤੇ ਪਿੰਡਾਂ 'ਚ ਘੰਟਿਆਂ ਤੱਕ ਅਣ-ਐਲਾਨੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਹਾਲਾਤ ਇਹ ਹਨ ਕਿ ਲੋਕ ਦਿਨ-ਰਾਤ ਬਿਜਲੀ ਲਈ ਪਰੇਸ਼ਾਨ ਹੋ ਰਹੇ ਹਨ। ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਸਮੇਂ ਸਭ ਤੋਂ ਵੱਡੇ ਸੰਕਟ ਵਿੱਚੋਂ ਲੰਘ ਰਹੇ ਹਨ। ਝੋਨੇ ਦੀ ਫ਼ਸਲ ਨੂੰ ਜਦੋਂ ਸਭ ਤੋਂ ਵੱਧ ਪਾਣੀ ਦੀ ਲੋੜ ਹੈ, ਉਸ ਸਮੇਂ ਨਾ ਤਾਂ ਲੋੜੀਂਦਾ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਤੱਕ ਬਿਜਲੀ ਮਿਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਥਾਵਾਂ 'ਤੇ ਕਿਸਾਨਾਂ ਨੂੰ ਮੁਸ਼ਕਿਲ ਨਾਲ ਇੱਕ-ਦੋ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਖੇਤਾਂ ਵਿੱਚ ਝੋਨੇ ਦੀ ਫ਼ਸਲ ਸੁੱਕਣ ਲੱਗ ਪਈ ਹੈ ਅਤੇ ਕਈ ਕਿਸਾਨ ਮਜਬੂਰੀ 'ਚ ਆਪਣੀ ਫ਼ਸਲ 'ਤੇ ਹਲ ਚਲਾਉਣ ਲਈ ਮਜਬੂਰ ਹੋ ਗਏ ਹਨ।
ਸਿੰਗਲਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਨੇ ਬਿਜਲੀ ਉਤਪਾਦਨ ਵਧਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਨਵੀਆਂ ਬਿਜਲੀ ਉਤਪਾਦਨ ਇਕਾਈਆਂ ਸਥਾਪਿਤ ਨਾ ਹੋਣ ਕਾਰਨ ਅੱਜ ਪੰਜਾਬ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਸਿਰਫ਼ ਪ੍ਰਚਾਰ ਅਤੇ ਦਿਖਾਵੇ ਦੀ ਰਾਜਨੀਤੀ 'ਚ ਹੀ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਵਪਾਰੀ, ਕਰਮਚਾਰੀ ਅਤੇ ਆਮ ਨਾਗਰਿਕ ਸਮੇਤ ਸਮਾਜ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਸੂਬੇ 'ਚ ਵਿਕਾਸ ਕਾਰਜ ਪ੍ਰਭਾਵਿਤ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਭਾਜਪਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਪ੍ਰਣਾਲੀ 'ਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਪਾਰਟੀ ਪੂਰੇ ਸੂਬੇ 'ਚ ਵੱਡਾ ਜਨ ਅੰਦੋਲਨ ਸ਼ੁਰੂ ਕਰੇਗੀ। ਇਸ ਦੌਰਾਨ ਸ਼ਹਿਰ 'ਚ ਬਿਜਲੀ ਸੰਕਟ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁੱਧਵਾਰ ਰਾਤ ਕਰੀਬ ਦੋ ਵਜੇ ਤੋਂ ਲੈ ਕੇ ਵੀਰਵਾਰ ਸ਼ਾਮ ਤੱਕ ਸ਼ਹਿਰ ਦੇ ਕਈ ਇਲਾਕਿਆਂ 'ਚ ਬਿਜਲੀ ਸਪਲਾਈ ਪ੍ਰਭਾਵਿਤ ਰਹੀ। ਲੋਕ ਭਿਆਨਕ ਗਰਮੀ 'ਚ ਬਿਨਾਂ ਪੱਖਿਆਂ ਅਤੇ ਪਾਣੀ ਦੇ ਰਹਿਣ ਲਈ ਮਜਬੂਰ ਰਹੇ।
ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਬਿਜਲੀ ਵਿਭਾਗ ਖ਼ਪਤਕਾਰਾਂ ਤੋਂ ਪੂਰਾ ਬਿੱਲ ਵਸੂਲ ਕਰਦਾ ਹੈ ਅਤੇ ਭੁਗਤਾਨ 'ਚ ਦੇਰੀ ਹੋਣ 'ਤੇ ਕੁਨੈਕਸ਼ਨ ਕੱਟਣ ਤੱਕ ਦੀ ਕਾਰਵਾਈ ਕਰਦਾ ਹੈ ਪਰ ਨਿਯਮਤ ਬਿਜਲੀ ਸਪਲਾਈ ਦੇਣ 'ਚ ਅਸਫਲ ਸਾਬਤ ਹੋ ਰਿਹਾ ਹੈ। ਸ਼ਹਿਰ ਦੇ ਕਈ ਇਲਾਕਿਆਂ 'ਚ ਬੁੱਧਵਾਰ ਦੇਰ ਰਾਤ ਤੋਂ ਬਿਜਲੀ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਵਿਭਾਗ ਦੇ ਸੁਵਿਧਾ ਕੇਂਦਰਾਂ ਦੇ ਫੋਨ ਬੰਦ ਰਹੇ ਅਤੇ ਸ਼ਿਕਾਇਤਾਂ ਸੁਣਨ ਵਾਲਾ ਕੋਈ ਨਹੀਂ ਸੀ। ਸ਼ਿਕਾਇਤ ਕੇਂਦਰਾਂ 'ਤੇ ਪਹੁੰਚਣ 'ਤੇ ਖ਼ਪਤਕਾਰਾਂ ਨੂੰ ਇੱਕ-ਦੋ ਘੰਟਿਆਂ 'ਚ ਬਿਜਲੀ ਬਹਾਲ ਹੋਣ ਦਾ ਭਰੋਸਾ ਦਿੱਤਾ ਗਿਆ ਪਰ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸ਼ਹਿਰ ਦੇ ਕਈ ਹਿੱਸਿਆਂ 'ਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਆਮ ਨਹੀਂ ਹੋ ਸਕੀ। ਇਸ ਕਾਰਨ ਲੋਕਾਂ 'ਚ ਸਰਕਾਰ ਅਤੇ ਬਿਜਲੀ ਵਿਭਾਗ ਪ੍ਰਤੀ ਨਾਰਾਜ਼ਗੀ ਲਗਾਤਾਰ ਵੱਧ ਰਹੀ ਹੈ।
ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
NEXT STORY