ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਪਰਗਟ ਸਿੰਘ ਨੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਦੋਵੇਂ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਲੋਕਾਂ 'ਚ ਅਸੁਰੱਖਿਆ ਦੀ ਭਾਵਨਾ ਵੱਧ ਰਹੀ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੂਬੇ 'ਚ ਕਾਨੂੰਨ-ਵਿਵਸਥਾ ਸਭ ਤੋਂ ਵੱਡਾ ਮੁੱਦਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੇ ਮਾਤਾ-ਪਿਤਾ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਖਹਿਰਾ ਨੇ ਦੋਸ਼ ਲਗਾਇਆ ਕਿ ਕਈ ਬੇਗੁਨਾਹ ਨੌਜਵਾਨ ਝੂਠੇ ਪੁਲਸ ਮੁਕਾਬਲਿਆਂ 'ਚ ਮਾਰੇ ਗਏ ਹਨ, ਜਦੋਂ ਕਿ ਨਰੇਗਾ ਵਰਕਰਾਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਵੀ ਪੁਲਸ ਵੱਲੋਂ ਸਖ਼ਤ ਰਵੱਈਆ ਅਪਣਾਇਆ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਲਸ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਮਾਈਨਿੰਗ ਮਾਫੀਆ ਤੇ ਨਸ਼ਾ ਮਾਫੀਆ ਖੁੱਲ੍ਹੇਆਮ ਸਰਗਰਮ ਹਨ। ਖਹਿਰਾ ਨੇ ਦਾਅਵਾ ਕੀਤਾ ਕਿ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਆਸਾਨੀ ਨਾਲ ਮਿਲ ਰਿਹਾ ਹੈ। ਉਨ੍ਹਾਂ ਪੇਪਰ ਲੀਕ ਦੇ ਮਾਮਲੇ ਦਾ ਵੀ ਜ਼ਿਕਰ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ। ਇਸ ਮੌਕੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਹੌਲੀ-ਹੌਲੀ ਪੁਲਸ ਸਟੇਟ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਸ ਦਾ ਕੰਮ ਲੋਕਾਂ ਦੀ ਸੁਰੱਖਿਆ ਕਰਨਾ ਹੈ, ਨਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਕ ਮੁੱਦਿਆਂ 'ਤੇ ਬੋਲਣਾ ਅਤੇ ਸਰਕਾਰ ਤੋਂ ਸਵਾਲ ਪੁੱਛਣਾ ਵਿਰੋਧੀ ਧਿਰ ਦਾ ਹੱਕ ਹੈ ਅਤੇ ਇਸ ਹੱਕ ਨੂੰ ਕਿਸੇ ਵੀ ਕੀਮਤ 'ਤੇ ਦਬਾਇਆ ਨਹੀਂ ਜਾ ਸਕਦਾ। ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਆਲੋਚਨਾ ਤੋਂ ਘਬਰਾ ਕੇ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਹੋਰ ਜਨਤਕ ਮੁੱਦਿਆਂ 'ਤੇ ਸਰਕਾਰ ਨੂੰ ਜਵਾਬਦੇਹ ਬਣਨਾ ਪਵੇਗਾ।
ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ
NEXT STORY