ਫਿਰੋਜ਼ਪੁਰ : ਪੰਜਾਬ ਸਰਕਾਰ ਹਵਾ, ਪਾਣੀ ਤੇ ਧਰਤੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਡੇ- ਵੱਡੇ ਉਪਰਾਲੇ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਉਧਰ ਦੂਜੇ ਪਾਸੇ ਜ਼ੀਰਾ ਤੋਂ ਫਰੀਦਕੋਟ ਰੋਡ 'ਤੇ ਪੈਂਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਲੋਕਾਂ ਵਲੋਂ ਪਿਛਲੇ 10 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡ 'ਚ ਬਣੀ ਸ਼ਰਾਬ ਦੀ ਫੈਕਟਰੀ ਦੇ ਕਾਰਨ ਪਿੰਡ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਕੈਂਸਰ ਵਰਗੀਆਂ ਨਾ-ਮੁਰਾਦ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਫੈਕਟਰੀ 'ਚੋਂ ਆ ਰਹੇ ਗੰਦੇ ਪਦਾਰਥਾਂ ਕਾਰਨ ਹਵਾ ਤੇ ਪਾਣੀ ਲਗਾਤਾਰ ਦੂਸ਼ਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ- ਸੰਗਰੂਰ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਮਾਨ ਨੇ ਕਹੀਆਂ ਅਹਿਮ ਗੱਲਾਂ
ਦੱਸ ਦੇਈਏ ਕਿ ਇਹ ਸ਼ਰਾਬ ਫੈਕਟਰੀ ਦੀਪ ਮਲਹੋਤਰਾ ਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਫੈਕਟਰੀ ਸਿਆਸੀ ਦਬਾਅ ਹੇਠਾਂ ਚੱਲ ਰਹੀ ਹੈ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ 14 ਸਾਲਾਂ ਤੋਂ ਫੈਕਟਰੀ ਲੱਗੀ ਹੋਈ ਹੈ ਤੇ ਜਦੋਂ ਇਹ ਫੈਕਟਰੀ ਲਾਈ ਗਈ ਸੀ ਉਸ ਵੇਲੇ ਪਿੰਡ ਵਾਸੀਆਂ 'ਚ ਘੱਟ ਜਾਗਰੂਕਤਾ ਹੋਣ ਕਾਰਨ ਕਿਸੇ ਨੇ ਇਸ 'ਤੇ ਇਤਰਾਜ਼ ਨਹੀਂ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸਾਬਣ ਜਾਂ ਕਿਸੇ ਹੋਰ ਚੀਜ਼ ਦੀ ਫੈਕਟਰੀ ਦੱਸ ਕੇ ਸਬੰਧਿਤ ਅਧਿਕਾਰੀਆਂ ਤੋਂ ਐੱਨ.ਓ.ਸੀ. ਲਈ ਗਈ ਸੀ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਹ ਲਗਾਤਾਰ ਦਰਖ਼ਾਸਤਾਂ ਦਿੰਦੇ ਆ ਰਹੇ ਹਨ ਪਰ ਕਿਸੇ ਵੀ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਗੱਲ 'ਤੇ ਗੌਰ ਨਹੀਂ ਕੀਤਾ ਗਿਆ, ਜਿਸ ਦੇ ਚਲਦਿਆਂ ਉਹ ਧਰਨਾ ਲਾਉਣ ਲਈ ਮਜਬੂਰ ਹੋਏ ਹਨ। ਇਸ ਮੌਕੇ ਧਰਨਾਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਮਸਲੇ ਵੱਲ ਧਿਆਨ ਦੇਣ ਤੇ ਜਲਦ ਤੋਂ ਜਲਦ ਮਸਲੇ ਦਾ ਹੱਲ ਕਰਨ ਨਹੀਂ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅੰਦਰ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਸੋਚ-ਸਮਝ ਕੇ ਘਰੋਂ ਨਿਕਲੋ
NEXT STORY