ਮੋਗਾ (ਆਜ਼ਾਦ) : ਬਾਘਾ ਪੁਰਾਣਾ ਨੇੜਲੇ ਪਿੰਡ ਮਾਹਲਾ ਕਲਾਂ ਦੇ ਕੋਲ ਤੇਜ਼ ਰਫਤਾਰ ਗੱਡੀ ਦੀ ਲਪੇਟ ਵਿਚ ਆਉਣ ਕਾਰਣ ਮੋਟਰਸਾਈਕਲ ਸਵਾਰ ਸੁਖਵਿੰਦਰ ਸਿੰਘ ਨਿਵਾਸੀ ਮਾਹਲਾ ਕਲਾਂ ਦੇ ਜ਼ਖਮੀ ਹੋਣ ਦਾ ਪਤਾ ਲੱਗਾ ਹੈ, ਜਿਸ ਨੂੰ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਸਬੰਧ ਵਿਚ ਕਥਿਤ ਮੁਲਜ਼ਮ ਰਾਹੁਲ ਨਿਵਾਸੀ ਬਾਘਾ ਪੁਰਾਣਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਕਿਹਾ ਕਿ ਉਹ ਆਪਣੇ ਮੋਟਰ ਸਾਈਕਲ ’ਤੇ ਬਾਘਾ ਪੁਰਾਣਾ ਤੋਂ ਪਿੰਡ ਮਾਹਲਾ ਕਲਾਂ ਨੂੰ ਜਾ ਰਿਹਾ ਸੀ ਤਾਂ ਕਥਿਤ ਮੁਲਜ਼ਮ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦਿਆਂ ਪਹਿਲਾਂ ਮੇਰੇ ਮੋਟਰ ਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਇਕ ਸਕਾਰਪੀਓ ਗੱਡੀ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਇਸ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਅਤੇ ਮੋਟਰਸਾਈਕਲ ਦਾ ਵੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਉਸ ਨੂੰ ਜ਼ਖਮੀ ਹਾਲਤ ਵਿਚ ਮੁੱਦਕੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੋਗਾ ਰੈਫਰ ਕਰ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਪਹਿਲਾਂ ਦੋਹਾਂ ਧਿਰਾਂ ਵਿਚਕਾਰ ਰਾਜੀਨਾਮੇ ਦੀ ਗੱਲ ਚੱਲ ਰਹੀ ਸੀ ਜੋ ਸਿਰੇ ਨਹੀਂ ਚੜ੍ਹ ਸਕੀ।
ਜੂਆ ਖੇਡਦੇ 5 ਵਿਅਕਤੀ ਗ੍ਰਿਫ਼ਤਾਰ, ਹਜ਼ਾਰਾਂ ਦੀ ਨਕਦੀ ਬਰਾਮਦ
NEXT STORY