ਨਵੀਂ ਦਿੱਲੀ : ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਬਣੇ ਗੰਭੀਰ ਹਾਲਾਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੱਤ ਪ੍ਰਭਾਵਿਤ ਰਾਜਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ 2,117.85 ਕਰੋੜ ਰੁਪਏ ਦੀ ਰਾਸ਼ੀ ਐਡਵਾਂਸ (ਅਗਾਊਂ) ਵਿੱਚ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਹ ਮਦਦ ਰਾਜ ਆਫ਼ਤ ਪ੍ਰਤੀਕਿਰਿਆ ਫੰਡ (SDRF) ਦੇ ਤਹਿਤ ਦਿੱਤੀ ਗਈ ਹੈ ਤਾਂ ਜੋ ਰਾਹਤ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ।
ਕੇਂਦਰ ਸਰਕਾਰ ਨੇ ਹਰੇਕ ਰਾਜ ਦੀ ਸਥਿਤੀ ਅਤੇ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੰਡ ਜਾਰੀ ਕੀਤੇ ਹਨ। ਗੁਜਰਾਤ, ਮਹਾਰਾਸ਼ਟਰ ਅਤੇ ਓਡੀਸ਼ਾ ਨੂੰ 500-500 ਕਰੋੜ ਰੁਪਏ ਦੀ ਅਗਾਊਂ ਮਦਦ ਦਿੱਤੀ ਗਈ ਹੈ। ਹੜ੍ਹ ਦੀ ਮਾਰ ਝੱਲ ਰਹੇ ਅਸਾਮ ਨੂੰ 379.35 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਹਿਮਾਚਲ ਨੂੰ ਦੂਜੀ ਕਿਸ਼ਤ ਵਜੋਂ 193.95 ਕਰੋੜ ਰੁਪਏ ਦਿੱਤੇ ਗਏ ਹਨ। ਅਰੁਣਾਚਲ ਪ੍ਰਦੇਸ਼ ਲਈ 44.55 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਸਰਕਾਰ ਅਨੁਸਾਰ, ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਉਣ ਲਈ ਅੰਤਰ-ਮੰਤਰਾਲਾ ਕੇਂਦਰੀ ਟੀਮਾਂ (IMCT) ਪਹਿਲਾਂ ਹੀ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਭੇਜੀਆਂ ਜਾ ਚੁੱਕੀਆਂ ਹਨ। ਅਸਾਮ ਵਿੱਚ ਸਥਿਤੀ ਜ਼ਿਆਦਾ ਗੰਭੀਰ ਹੋਣ ਕਾਰਨ ਉੱਥੇ ਟੀਮ ਨੇ ਦੋ ਵਾਰ ਦੌਰਾ ਕੀਤਾ ਹੈ, ਜਿੱਥੇ ਹੁਣ ਤੱਕ ਹੜ੍ਹਾਂ ਕਾਰਨ 82 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲਗਭਗ 1.92 ਲੱਖ ਲੋਕ ਪ੍ਰਭਾਵਿਤ ਹਨ। ਨਾਗਾਲੈਂਡ ਸਰਕਾਰ ਦੀ ਬੇਨਤੀ 'ਤੇ ਉੱਥੇ ਵੀ ਕੇਂਦਰੀ ਟੀਮ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਮਾਨਸੂਨ ਦੇ ਸ਼ੁਰੂ ਹੋਣ ਤੋਂ ਬਾਅਦ ਹੀ ਸਾਰੇ ਪ੍ਰਭਾਵਿਤ ਰਾਜਾਂ ਦੇ ਲਗਾਤਾਰ ਸੰਪਰਕ ਵਿੱਚ ਹੈ। ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋੜ ਪੈਣ 'ਤੇ ਤੁਰੰਤ ਵਾਧੂ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪ੍ਰਭਾਵਿਤ ਰਾਜਾਂ ਨੂੰ ਰਾਹਤ, ਬਚਾਅ ਅਤੇ ਮੁੜ ਵਸੇਬੇ ਦੇ ਕੰਮਾਂ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਰਾਮ ਮੰਦਰ ਦਾਨ ਚੋਰੀ ਮਾਮਲਾ: ਨਵੀਂ SIT ਦਾ ਵੱਡਾ ਐਕਸ਼ਨ, ਚੰਪਤ ਰਾਏ ਸਣੇ ਕਈ ਟਰੱਸਟੀਆਂ ਨੂੰ ਨੋਟਿਸ ਜਾਰੀ
NEXT STORY