ਨਵੀਂ ਦਿੱਲੀ, (ਭਾਸ਼ਾ)– ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ’ਤੇ ਸ਼ੁੱਕਰਵਾਰ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਧੇ ਤੋਂ ਵੱਧ ਸੂਬੇ ਨੂੰ ਮੋਦੀ ਸਰਕਾਰ ਨੂੰ ਸਮਰਪਿਤ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਬੁੱਧਵਾਰ ਬੀ. ਐੱਸ. ਐੱਫ. ਦੀਆਂ ਤਾਕਤਾਂ ਵਿਚ ਵਾਧਾ ਕਰਦੇ ਹੋਏ ਪੰਜਾਬ ਵਿਚ ਉਸਦੇ ਅਧਿਕਾਰ ਖੇਤਰ ਦਾ ਪਸਾਰ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਦੇ ਘੇਰੇ ਵਿਚ ਕਰ ਦਿੱਤਾ ਸੀ। ਪੰਜਾਬ ਵਿਚ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਵੱਲੋਂ ਰਾਸ਼ਟਰੀ ਸੁਰੱਖਿਆ ਦੇ ਨਾਂ ’ਤੇ ਬੀ. ਐੱਸ. ਐੱਫ. ਦੀਆਂ ਸ਼ਕਤੀਆਂ ਵਿਚ ਵਾਧਾ ਲਗਭਗ ਅੱਧਾ ਪੰਜਾਬ ਕੇਂਦਰ ਅਧੀਨ ਲਿਆਉਣ ਲਈ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੇ ਪਾਰਟੀ ਹੈੱਡਕੁਆਰਟਰ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਹੋਰਨਾਂ ਸੂਬਿਆਂ ਵਿਚ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਦਾ ਪਸਾਰ ਦੇਸ਼ ਦੇ ਫੈੱਡਰਲ ਢਾਂਚੇ ’ਤੇ ਸਿੱਧਾ ਹਮਲਾ ਹੈ।
ਦੱਸਣਯੋਗ ਹੈ ਕਿ ਚੱਢਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸਿਆਸੀ ਮਾਮਲਿਆਂ ਦੇ ਸਹਿ ਮੁਖੀ ਹਨ, ਜਿਥੇ ਕਾਂਗਰਸ ਦੀ ਸਰਕਾਰ ਹੈ। ਚੱਢਾ ਨੇ ਕਿਹਾ ਕਿ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਕੇ ਮੋਦੀ ਸਰਕਾਰ ਨੇ ਇਕ ਤਰ੍ਹਾਂ ਨਾਲ ਅੱਧੇ ਤੋਂ ਵੱਧ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿਚ ਹੁਣ ਭਾਜਪਾ ਅਤੇ ਨਰਿੰਦਰ ਮੋਦੀ ਦੀ ਸਰਕਾਰ ਰਾਜ ਕਰੇਗੀ। ਇਹ ਸਿੱਧੇ ਤੌਰ ’ਤੇ ਪੰਜਾਬ ’ਤੇ ਰਾਜ ਕਰਨ ਲਈ ਕੀਤਾ ਗਿਆ ਹੈ ਕਿਉਂਕਿ ਭਾਜਪਾ ਸਮਝ ਚੁੱਕੀ ਹੈ ਕਿ ਉਹ ਸੂਬੇ ਵਿਚ ਆਪਣੀ ਸਰਕਾਰ ਨਹੀਂ ਬਣਾ ਸਕਦੀ।
ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਇਸਦਾ ਵਿਰੋਧ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦਾ ਫੈਸਲਾ ਲਾਗੂ ਹੁੰਦਿਆਂ ਹੀ ਪੰਜਾਬ ਦੇ 23 ਜ਼ਿਲਿਆਂ ’ਚੋਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ 6 ਜ਼ਿਲੇ ਲਗਭਗ ਪੂਰੀ ਤਰ੍ਹਾਂ ਮੋਦੀ ਸਰਕਾਰ ਦੇ ਕੰਟਰੋਲ ਵਿਚ ਆ ਜਾਣਗੇ। ਹੁਸ਼ਿਆਰਪੁਰ, ਜਲੰਧਰ ਅਤੇ ਕਪੂਰਥਲਾ ਸਮੇਤ 6 ਹੋਰਨਾਂ ਜ਼ਿਲਿਆਂ ’ਤੇ ਕੇਂਦਰ ਦਾ ਅੰਸ਼ਿਕ ਕੰਟਰੋਲ ਹੋਵੇਗਾ। ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਵਿਚ ਵਾਧਾ ਕੌਮੀ ਸੁਰੱਖਿਆ ਲਈ ਨਹੀਂ, ਸਗੋਂ ਸਿਆਸਤ ਲਈ ਹੈ। ਸਾਨੂੰ ਖਦਸ਼ਾ ਹੈ ਕਿ ਬੀ. ਐੱਸ. ਐੱਫ. ਐਕਟ ਵਿਚ ਦਰਜ ਸ਼ਕਤੀਆਂ ਦੀ ਦੁਰਵਰਤੋਂ ਕਰ ਕੇ ਭਾਜਪਾ ਪੰਜਾਬ ਵਿਚ ਡਰ, ਵੰਡ ਅਤੇ ਧਰੁਵੀਕਰਨ ਦੀ ਕੋਸ਼ਿਸ਼ ਕਰੇਗੀ। ਕਿਸਾਨਾਂ ਨੂੰ ਸੂਬਾ ਸਰਕਾਰ ਨਾਲ ਸਲਾਹ ਕੀਤੇ ਬਿਨਾਂ ਹੀ ਗ੍ਰਿਫ਼ਤਾਰ ਕਰੇਗੀ। ਅਸੀਂ ਇੰਝ ਨਹੀਂ ਹੋਣ ਦਿਆਂਗੇ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਮੁੱਖ ਵਿਰੋਧੀ ਪਾਰਟੀ ਹੈ। ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ’ਤੇ ਹਮਲਾ ਕਰਦਿਆਂ ਦੋਸ਼ ਲਾਇਆ ਕਿ ਚੰਨੀ ਸਾਹਿਬ ਨੇ ਪੰਜਾਬ ਦੇ ਅੱਧੇ ਤੋਂ ਵੱਧ ਇਲਾਕੇ ਨੂੰ ਮੋਦੀ ਸਰਕਾਰ ਨੂੰ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਇਸ ਦੇ ਨਾਲ ਹੀ ਇਸ ਮਹੀਨੇ ਦੇ ਸ਼ੁਰੂ ਵਿਚ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਘਟਨਾਚੱਕਰ ਨੂੰ ਸਮਝੋ। ਚੰਨੀ 1 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਦੇ ਹਨ। 4 ਅਕਤੂਬਰ ਨੂੰ ਉਹ ਪੰਜਾਬ ਦੇ ਰਾਜਪਾਲ ਨੂੰ ਮਿਲਦੇ ਹਨ। 5 ਅਕਤੂਬਰ ਨੂੰ ਉਨ੍ਹਾਂ ਦੀ ਮੁਲਾਕਾਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੁੰਦੀ ਹੈ। 14 ਅਕਤੂਬਰ ਨੂੰ ਮੋਦੀ ਸਰਕਾਰ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦਾ ਫੈਸਲਾ ਕਰਦੀ ਹੈ।
ਰਾਘਵ ਚੱਢਾ ਨੇ ਕਿਹਾ ਕਿ ਚੰਨੀ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਅੱਧਾ ਪੰਜਾਬ ਮੋਦੀ ਸਰਕਾਰ ਨੂੰ ਸੌਂਪਣ ਦੇ ਬਦਲੇ ਵਿਚ ਕੀ ਮਿਲਿਆ? ਉਨ੍ਹਾਂ ਦੋਸ਼ ਲਾਇਆ ਕਿ ਨਰਿੰਦਰ ਮੋਦੀ ਸਰਕਾਰ ਲਗਾਤਾਰ ਉਨ੍ਹਾਂ ਸੂਬਿਆਂ ਵਿਚ ਫੈੱਡਰਲ ਢਾਂਚੇ ’ਤੇ ਹਮਲੇ ਕਰ ਰਹੀ ਹੈ, ਜਿਥੇ ਭਾਜਪਾ ਦੀ ਸਰਕਾਰ ਬਣਾ ਸਕਣੀ ਔਖੀ ਹੈ। ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਪੂਰਨ ਬਹੁਮਤ ਨਾਲ ਬਣੀ। ਉਥੇ ਗ੍ਰਹਿ ਮੰਤਰਾਲਾ ਲਗਾਤਾਰ ਸਿੱਧੇ ਢੰਗ ਨਾਲ ਜਾਂ ਦਿੱਲੀ ਦੇ ਉਪ ਰਾਜਪਾਲ ਦੇ ਦਫਤਰ ਰਾਹੀਂ ਫੈੱਡਰਲ ਢਾਂਚੇ ’ਤੇ ਹਮਲੇ ਕਰ ਰਿਹਾ ਹੈ। ਸਾਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਰਨਜੀਤ ਸਿੰਘ ਚੰਨੀ ਵਰਗੇ ਨਹੀਂ ਹਨ, ਜਿਨ੍ਹਾਂ ਮੋਦੀ ਜੀ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ। ਕੇਜਰੀਵਾਲ ਕਾਰਨ ਦਿੱਲੀ ਵਿਚ ਫੈਡਰਲ ਢਾਂਚਾ ਬਣਿਆ ਹੋਇਆ ਹੈ।
ਕੋਰੋਨਾ ਮਾਮਲਿਆਂ ’ਚ ਗਿਰਾਵਟ ਜਾਰੀ, ਦੇਸ਼ ’ਚ ਪਿਛਲੇ 24 ਘੰਟਿਆਂ ’ਚ 15981 ਨਵੇਂ ਮਾਮਲੇ ਆਏ ਸਾਹਮਣੇ
NEXT STORY