ਕਰਨਾਲ (ਕੰਬੋਜ) : ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ, ਵਿਧਾਇਕ ਸਰਵਜੀਤ ਸਿੰਘ ਤੇ ਆਮ ਆਦਮੀ ਪਾਰਟੀ ਦੇ ਯੁਵਾ ਵਿੰਗ ਦੀ ਉਪ-ਪ੍ਰਧਾਨ ਅਨਮੋਲ ਗਗਨ ਕਰਨਾਲ ਜੇਲ੍ਹ ਵਿਚ ਬੰਦ ਨੌਦੀਪ ਕੌਰ ਨੂੰ ਮਿਲਣ ਪਹੁੰਚੇ ਪਰ ਜੇਲ੍ਹ ਪ੍ਰਸ਼ਾਸਨ ਨੇ ਵਿਧਾਇਕਾਂ ਨੂੰ ਕੋਰੋਨਾ ਕਾਲ ਅਤੇ 2 ਮੁਲਾਕਾਤਾਂ ਦਾ ਹਵਾਲਾ ਦੇ ਕੇ ਮੁਲਾਕਾਤ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੌਦੀਪ ਨਾਲ ਮਿਲਣ ਨਹੀਂ ਦਿੱਤਾ ਗਿਆ, ਜੋ ਸੰਵਿਧਾਨ ਅਤੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਹੈ। ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਲ ਗੱਲ ਕਰ ਕੇ ਨੌਦੀਪ ਨੂੰ ਜੇਲ੍ਹ ’ਚੋਂ ਰਿਹਾਅ ਕਰਵਾਉਣਾ ਚਾਹੀਦਾ ਸੀ ਪਰ ਮੁੱਖ ਮੰਤਰੀ ਕੈਪਟਨ ਆਪਣੀ ਡਿਊਟੀ ਨਿਭਾਉਣ ਵਿਚ ਅਸਫਲ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਅੰਦਰ ਹਿਟਲਰ ਦੀ ਆਤਮਾ ਆ ਚੁੱਕੀ ਹੈ। ਅੱਜ ਕਿਸਾਨ ਤਿੰਨੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਨ ਪਰ ਪੀ. ਐੱਮ. ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਪੀ. ਐੱਮ. ਪੂੰਜੀਪਤੀਆਂ ਦਾ ਪੀ. ਐੱਮ. ਹੈ।
ਐਡਵੋਕੇਟ ਅਸ਼ਵਨੀ ਨਾਗਰਾ ਨੇ ਦੱਸਿਆ ਕਿ ਕਰਨਾਲ ਜ਼ਿਲ੍ਹੇ ਦੀ ਜੇਲ੍ਹ ਵਿਚ ਬੰਦ ਨੌਦੀਪ ਦੀ ਜ਼ਮਾਨਤ ਪਟੀਸ਼ਨ ’ਤੇ ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਨਹੀਂ ਹੋ ਸਕੀ ਕਿਉਂਕਿ ਪੰਜਾਬ-ਹਰਿਆਣਾ ਹਾਈ ਕੋਰਟ ਨੇ 12 ਫਰਵਰੀ ਨੂੰ ਨੌਦੀਪ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਸੀ। ਮਾਮਲੇ ਦੀ ਸੁਣਵਾਈ 24 ਫਰਵਰੀ ਨੂੰ ਤੈਅ ਕੀਤੀ ਗਈ ਸੀ। ਨੌਦੀਪ ਦੀ ਜ਼ਮਾਨਤ ਪਟੀਸ਼ਨ ’ਤੇ 22 ਫਰਵਰੀ ਨੂੰ ਕੋਰਟ ਵਿਚ ਸੁਣਵਾਈ ਹੋਣੀ ਸੀ। ਜਦੋਂ ਸੁਣਵਾਈ ਚੱਲੀ ਤਾਂ ਸਰਕਾਰੀ ਵਕੀਲ ਨੇ ਕੋਰਟ ਨੂੰ ਦੱਸਿਆ ਕਿ ਮਾਮਲੇ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਖੁਦ ਨੋਟਿਸ ਲਿਆ ਹੈ ਅਤੇ ਮਾਮਲੇ ਦੀ ਸੁਣਵਾਈ 24 ਫਰਵਰੀ ਨੂੰ ਹੋਣੀ ਤੈਅ ਹੈ। ਇਸ ’ਤੇ ਕੋਰਟ ਨੇ ਸੁਣਵਾਈ ਮੁਲਤਵੀ ਕਰ ਕੇ ਦੋਵਾਂ ਮਾਮਲਿਆਂ ਦੀ ਸੁਣਵਾਈ ਲਈ 24 ਫਰਵਰੀ ਦੀ ਤਰੀਕ ਤੈਅ ਕਰ ਦਿੱਤੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
'ਯੋਰ ਆਨਰ' ਕਹੇ ਜਾਣ 'ਤੇ ਬੋਲੇ ਚੀਫ ਜਸਟਿਸ ਬੋਬਡੇ- ਇਹ ਅਮਰੀਕਾ ਦੀ ਅਦਾਲਤ ਨਹੀਂ
NEXT STORY