ਨਵੀਂ ਦਿੱਲੀ, (ਏਜੰਸੀਆਂ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਸ ਨੂੰ ਬੰਗਲਾਦੇਸ਼ੀ ਤੇ ਰੋਹਿੰਗਿਆ ਘੁਸਪੈਠੀਆਂ ਨੂੰ ਭਾਰਤ ’ਚ ਦਾਖਲ ਹੋਣ ਵਿਚ ਮਦਦ ਕਰਨ ਵਾਲੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸ਼ੁੱਕਰਵਾਰ ਕਿਹਾ ਕਿ ਇਹ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ। ਇਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।
ਰਾਸ਼ਟਰੀ ਰਾਜਧਾਨੀ ’ਚ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਲਗਾਤਾਰ ਮਾੜਾ ਪ੍ਰਦਰਸ਼ਨ ਕਰਨ ਵਾਲੇ ਥਾਣਿਆਂ ਤੇ ਸਬ-ਡਿਵੀਜ਼ਨਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦਿੱਲੀ ਪੁਲਸ ਦੀ ਪਹਿਲ ਹੋਣੀ ਚਾਹੀਦੀ ਹੈ ਕਿ ਉਹ ਸ਼ਹਿਰ ’ਚ ਅੰਤਰ-ਰਾਜੀ ਗੈਂਗਾਂ ਨੂੰ ਸਖ਼ਤੀ ਨਾਲ ਖਤਮ ਕਰੇ।
ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ’ਚ ‘ਉੱਪਰ ਤੋਂ ਹੇਠਾਂ ਤੇ ਹੇਠਾਂ ਤੋਂ ਉੱਪਰ’ ਤਕ ਕਾਰਵਾਈ ਹੋਣੀ ਚਾਹੀਦੀ ਹੈ। ਅਜਿਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਮੀਟਿੰਗ ’ਚ ਕਿਹਾ ਕਿ ਬੰਗਲਾਦੇਸ਼ੀ ਅਤੇ ਰੋਹਿੰਗਿਆ ਘੁਸਪੈਠੀਆਂ ਨੂੰ ਦੇਸ਼ ’ਚ ਦਾਖਲ ਹੋਣ, ਉਨ੍ਹਾਂ ਦੇ ਦਸਤਾਵੇਜ਼ ਬਣਾਉਣ ਤੇ ਇੱਥੇ ਰਹਿਣ ’ਚ ਮਦਦ ਕਰਨ ਵਾਲੇ ਪੂਰੇ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੀ ਪਛਾਣ ਕਰ ਕੇ ਦੇਸ਼ ਨਿਕਾਲਾ ਦਿੱਤਾ ਜਾਣਾ ਚਾਹੀਦਾ ਹੈ।
ਇਸ ਮੀਟਿੰਗ ’ਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ, ਪੁਲਸ ਕਮਿਸ਼ਨਰ ਸੰਜੇ ਅਰੋੜਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਕੇਂਦਰੀ ਗ੍ਰਹਿ ਮੰਤਰੀ ਨੇ 26 ਸਾਲਾਂ ਬਾਅਦ ਦਿੱਲੀ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦਿੱਲੀ ’ਚ ‘ਡਬਲ ਇੰਜਣ’ ਦੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਮੀਦ ਅਨੁਸਾਰ ਵਿਕਸਤ ਅਤੇ ਸੁਰੱਖਿਅਤ ਰਾਜਧਾਨੀ ਲਈ ਦੁੱਗਣੀ ਰਫਤਾਰ ਨਾਲ ਕੰਮ ਕਰੇਗੀ।
ਸ਼ਾਹ ਨੇ ਸਪੱਸ਼ਟ ਕੀਤਾ ਕਿ ਦਿੱਲੀ ਸਰਕਾਰ ਨੂੰ ਉਸਾਰੀ ਨਾਲ ਸਬੰਧਤ ਮਾਮਲਿਆਂ ਤੇ 2020 ਦੇ ਦੰਗਿਆਂ ਦੇ ਮਾਮਲਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵਿਸ਼ੇਸ਼ ਵਕੀਲ ਨਿਯੁਕਤ ਕਰਨੇ ਚਾਹੀਦੇ ਹਨ। ਦਿੱਲੀ ਪੁਲਸ ਨੂੰ ਜਲਦੀ ਹੀ ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ। ਡੀ.ਸੀ.ਪੀ. ਪੱਧਰ ਦੇ ਅਧਿਕਾਰੀਆਂ ਨੂੰ ਪੁਲਸ ਥਾਣਿਆਂ ਦਾ ਦੌਰਾ ਕਰਨਾ ਚਾਹੀਦਾ ਹੈ। ਜਨਤਕ ਸੁਣਵਾਈ ਲਈ ਕੈਂਪ ਲਾਉਣੇ ਚਾਹੀਦੇ ਹਨ ਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ।
ਨਵੀਆਂ ਸੁਰੱਖਿਆ ਕਮੇਟੀਆਂ ਬਣਾਉਣ ਦਾ ਸੁਝਾਅ
ਅਮਿਤ ਸ਼ਾਹ ਨੇ ਸੁਝਾਅ ਦਿੱਤਾ ਕਿ ਝੁੱਗੀਆਂ-ਝੌਂਪੜੀਆਂ ’ਚ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ ਨਵੀਆਂ ਸੁਰੱਖਿਆ ਕਮੇਟੀਆਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ।
ਉਨ੍ਹਾਂ ਇਹ ਵੀ ਨਿਰਦੇਸ਼ ਦਿੱਤਾ ਕਿ ਦਿੱਲੀ ਪੁਲਸ ਉਨ੍ਹਾਂ ਥਾਵਾਂ ਦੀ ਪਛਾਣ ਕਰੇ ਜਿੱਥੇ ਰੋਜ਼ਾਨਾ ਟ੍ਰੈਫਿਕ ਜਾਮ ਹੁੰਦਾ ਹੈ । ਦਿੱਲੀ ਪੁਲਸ ਦੇ ਕਮਿਸ਼ਨਰ ਤੇ ਮੁੱਖ ਸਕੱਤਰ ਇਕ ਮੀਟਿੰਗ ਕਰ ਕੇ ਇਸ ਦਾ ਜਲਦੀ ਹੱਲ ਕੱਢਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਭਾਰਤ ਦੀ ਨੀਂਹ ਹੈ ਸਨਾਤਨ ਧਰਮ ’ਚ : ਧਨਖੜ
NEXT STORY