ਅਹਿਮਦਾਬਾਦ, (ਏਜੰਸੀ)-ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ ’ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਅਪੀਲ ਮੰਗਲਵਾਰ ਨੂੰ ਖਾਰਿਜ ਕਰ ਦਿੱਤੀ। ਕੇਜਰੀਵਾਲ ਨੇ ਆਪਣੀ ਅਪੀਲ ’ਚ ਹਾਈ ਕੋਰਟ ਦੀ ਸਿੰਗਲ ਬੈਂਚ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ’ਚ ਮੋਦੀ ਦੀ ਅਕਾਦਮਿਕ ਡਿਗਰੀ ਜਨਤਕ ਕਰਨ ਲਈ ਗੁਜਰਾਤ ਯੂਨੀਵਰਸਿਟੀ ਨੂੰ ਦਿੱਤੇ ਗਏ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਸੀ।
ਚੀਫ ਜਸਟਿਸ ਸੁਨੀਤਾ ਅਗਰਵਾਲ ਅਤੇ ਜਸਟਿਸ ਡੀ. ਐੱਨ. ਰੇਅ ਦੀ ਬੈਂਚ ਨੇ ਸਿੰਗਲ ਜੱਜ ਦੇ ਹੁਕਮ ਨੂੰ ਬਰਕਰਾਰ ਰੱਖਿਆ। ਬੈਂਚ ਨੇ ਕਿਹਾ ਕਿ ਕੇਂਦਰੀ ਸੂਚਨਾ ਕਮਿਸ਼ਨ (ਸੀ. ਆਈ. ਸੀ.) ਦੇ 2016 ਦੇ ਹੁਕਮ ਨੂੰ ਰੱਦ ਕਰਨ ਅਤੇ ਕੇਜਰੀਵਾਲ ’ਤੇ 25,000 ਰੁਪਏ ਦਾ ਜੁਰਮਾਨਾ ਲਾਉਣ ਵਾਲੇ ਫੈਸਲੇ ’ਚ ਦਖਲ ਦੇਣ ਦਾ ਕੋਈ ਆਧਾਰ ਨਹੀਂ ਹੈ। ਹਾਈ ਕੋਰਟ ਨੇ ਆਪਣੇ ਹੁਕਮ ’ਚ ਕਿਹਾ, ‘‘ਇਸ ਮਾਮਲੇ ਦੇ ਸਾਰੇ ਤੱਥਾਂ ਅਤੇ ਹਾਲਾਤ ਨੂੰ ਦੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਅਪੀਲਕਰਤਾ ਨੇ ਸੁਣਵਾਈ ਦੌਰਾਨ ਜੋ ਵੀ ਦਲੀਲਾਂ ਦਿੱਤੀਆਂ, ਉਨ੍ਹਾਂ ’ਚੋਂ ਕਿਸੇ ਤੋਂ ਵੀ ਇਹ ਸਾਬਤ ਨਹੀਂ ਹੁੰਦਾ ਕਿ ਪਹਿਲਾਂ ਦੇ ਫੈਸਲੇ ’ਚ ਕੋਈ ਤਰੁੱਟੀ ਸੀ। ਇਸ ਲਈ ਅਪੀਲ ਖਾਰਿਜ ਕੀਤੀ ਜਾਂਦੀ ਹੈ ਅਤੇ ਇਸ ’ਤੇ ਕੋਈ ਵਾਧੂ ਖਰਚਾ ਨਹੀਂ ਲਗਾਇਆ ਜਾਵੇਗਾ।’’
ਹਾਈ ਕੋਰਟ ਦੀ ਸਿੰਗਲ ਬੈਂਚ ਨੇ 31 ਮਾਰਚ, 2023 ਨੂੰ ਕੇਂਦਰੀ ਸੂਚਨਾ ਕਮਿਸ਼ਨ (ਸੀ. ਆਈ. ਸੀ.) ਦੇ ਹੁਕਮ ਨੂੰ ਰੱਦ ਕਰਦੇ ਹੋਏ ਕੇਜਰੀਵਾਲ ’ਤੇ 25,000 ਰੁਪਏ ਦਾ ਜੁਰਮਾਨਾ ਵੀ ਲਾਇਆ ਸੀ। ਬੈਂਚ ਨੇ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਐਕਟ ਦੇ ਉਪਬੰਧਾਂ ਦੀ ਦੁਰਵਰਤੋਂ ਨੂੰ ਲੈ ਕੇ ਉਨ੍ਹਾਂ ਨੂੰ ਫਟਕਾਰ ਲਾਈ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦਾ ਰਵੱਈਆ ਗੰਭੀਰ ਨਹੀਂ ਸੀ।
ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ FASTag ਦਾ ਸਾਲਾਨਾ ਪਾਸ
NEXT STORY