ਇੰਟਰਨੈਸ਼ਨਲ ਡੈਸਕ- ਆਸਾਮ 'ਚ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਸ਼ੁੱਕਰਵਾਰ ਨੂੰ ਇਕ ਮਿੰਨੀ ਬੱਸ ਅਤੇ ਕੰਟੇਨਰ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ 26 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਕਈ ਕਾਲਜ ਦੇ ਵਿਦਿਆਰਥੀ ਹਨ, ਜੋ ਕਲਾਸਾਂ ਖ਼ਤਮ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਕੌਮੀ ਮਾਰਗ-715 ’ਤੇ ਕੋਹੋਰਾ ਰੇਂਜ ਸਥਿਤ ਹਾਥੀਕੁਲੀ ਚਾਹ ਬਾਗ਼ ਨੇੜੇ ਰੰਗਾਜਾਨ ਵਿਖੇ ਵਾਪਰਿਆ।
ਗੋਲਾਘਾਟ ਜ਼ਿਲੇ ਦੇ ਇਕ ਕਾਰਜਕਾਰੀ ਮੈਜਿਸਟ੍ਰੇਟ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਨਵੀਂ ਜਾਣਕਾਰੀ ਅਨੁਸਾਰ, ਡਾਕਟਰਾਂ ਨੇ 26 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਪਹਿਲਾਂ ਤੋਂ ਹੀ 9 ਐਂਬੂਲੈਂਸਾਂ ਤਾਇਨਾਤ ਹਨ। ਇੱਥੋਂ ਦੇ ਡਾਕਟਰਾਂ ਨੇ 20 ਲੋਕਾਂ ਨੂੰ ਬਿਹਤਰ ਇਲਾਜ ਲਈ ਜੋਰਹਾਟ ਭੇਜਿਆ ਹੈ।
ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ ਬੱਸ
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਾਰਕ ਨੇੜੇ ਲਾਗੂ ਰਫ਼ਤਾਰ ਪਾਬੰਦੀਆਂ ਦੀ ਉਲੰਘਣਾ ਕਰਦੇ ਹੋਏ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਸਾਡਾ ਮੰਨਣਾ ਹੈ ਕਿ ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਮਿੰਨੀ ਬੱਸ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਉਹ ਕੰਟੇਨਰ ਟਰੱਕ ਨਾਲ ਜਾ ਟਕਰਾਈ।
ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਕਿਹਾ ਕਿ ਕਾਜ਼ੀਰੰਗਾ ਵਿਚ ਹੋਏ ਇਸ ਹਾਦਸੇ ਤੋਂ ਉਹ ਬੇਹੱਦ ਦੁਖੀ ਹਨ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50,000-50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਦੁਬਈ ਏਅਰਪੋਰਟ ਨੇ ਰੱਦ ਕੀਤੀਆਂ SpiceJet ਦੀਆਂ ਫਲਾਈਟਾਂ ! ਭਾਰਤ ਆਉਣ ਵਾਲੇ ਯਾਤਰੀ ਹੋ ਰਹੇ ਖੱਜਲ
NEXT STORY