ਚੰਡੀਗੜ੍ਹ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਵਿਧਾਨ ਸਭਾ ਦੇ ਆਗਾਮੀ ਬਜਟ ਸੈਸ਼ਨ 'ਚ ਪੇਪਰ ਲੀਕ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ। ਹੁੱਡਾ ਨੇ ਕਿਹਾ ਕਿ ਪੂਰੇ ਸੂਬੇ 'ਚ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਪੇਪਰ ਲੀਕ ਮਾਫੀਆ ਨੂੰ ਸੁਰੱਖਿਆ ਦੇ ਰਹੀ ਹੈ। ਇਕ ਤੋਂ ਬਾਅਦ ਇਕ ਪੇਪਰ ਲੀਕ ਹੋ ਰਹੇ ਹਨ ਅਤੇ ਇਸ ਸਰਕਾਰ ਦੌਰਾਨ ਬੋਰਡ ਪ੍ਰੀਖਿਆਵਾਂ ਤੋਂ ਲੈ ਕੇ ਭਰਤੀ ਪ੍ਰੀਖਿਆਵਾਂ ਤੱਕ ਹਰ ਪੇਪਰ ਵਿਚ ਘਪਲੇ ਹੋਏ ਹਨ ਪਰ ਅਜੇ ਤੱਕ ਕਿਸੇ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।
ਕਾਂਗਰਸ ਵੱਲੋਂ ਜਾਰੀ ਬਿਆਨ ਮੁਤਾਬਕ ਹੁੱਡਾ ਨੇ ਕਿਹਾ ਕਿ ਮਾਈਨਿੰਗ ਘੁਟਾਲੇ ਸਮੇਤ ਕਈ ਘੁਟਾਲੇ ਸਾਹਮਣੇ ਆ ਰਹੇ ਹਨ। ਸੂਬੇ 'ਚ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਅਪਰਾਧ ਲਗਾਤਾਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਉਣ ਵਾਲੇ ਬਜਟ ਤੋਂ ਕੋਈ ਉਮੀਦ ਨਹੀਂ ਹੈ ਕਿਉਂਕਿ ਭਾਜਪਾ ਨੇ ਪਿਛਲੇ 10 ਸਾਲਾਂ 'ਚ ਸੂਬੇ ਦਾ ਕਰਜ਼ਾ ਵਧਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ। ਹੁੱਡਾ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਅਜੇ ਤੱਕ ਆਪਣਾ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਹਰਿਆਣਾ 'ਚ ਕੋਈ ਵੀ ਵੱਡਾ ਉਦਯੋਗ, ਪ੍ਰਾਜੈਕਟ, ਯੂਨੀਵਰਸਿਟੀ, ਮੈਡੀਕਲ ਕਾਲਜ ਜਾਂ ਕੋਈ ਵੱਡਾ ਇੰਸਟੀਚਿਊਟ ਨਹੀਂ ਬਣਾਇਆ। ਭਾਜਪਾ ਲਗਾਤਾਰ ਲੋਕਾਂ ਨਾਲ ਧੋਖਾ ਕਰ ਰਹੀ ਹੈ।
ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 7 ਮਾਰਚ ਤੋਂ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਆਰਜ਼ੀ ਸ਼ਡਿਊਲ ਮੁਤਾਬਕ ਸੈਸ਼ਨ 25 ਮਾਰਚ ਤੱਕ ਚੱਲੇਗਾ। ਹਰਿਆਣਾ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ 'ਤੇ ਟਿੱਪਣੀ ਕਰਦਿਆਂ ਹੁੱਡਾ ਨੇ ਕਿਹਾ ਕਿ ਕਾਂਗਰਸ ਨੇ ਬੈਲਟ ਪੇਪਰਾਂ ਰਾਹੀਂ ਵੋਟਿੰਗ ਦੀ ਮੰਗ ਕੀਤੀ ਹੈ। ਹੁੱਡਾ ਨੇ ਕਿਹਾ ਅੱਜ ਅਮਰੀਕਾ ਵਰਗੇ ਵਿਕਸਿਤ ਦੇਸ਼ਾਂ 'ਚ ਵੀ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਈਆਂ ਜਾਂਦੀਆਂ ਹਨ ਕਿਉਂਕਿ ਕਿਸੇ ਵੀ ਇਲੈਕਟ੍ਰਾਨਿਕ ਮਸ਼ੀਨ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ। ਅਜਿਹੇ 'ਚ ਸਾਡੇ ਦੇਸ਼ 'ਚ ਵੀ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
EPFO ਦੇ ਖ਼ਾਤਾਧਾਰਕਾਂ ਲਈ ਵੱਡੀ ਖ਼ਬਰ, ਜਾਣੋ ਕਦੋਂ ਆਵੇਗੀ 7 ਕਰੋੜ ਮੈਂਬਰਾਂ ਦੇ ਖ਼ਾਤਿਆਂ 'ਚ ਵਿਆਜ ਦੀ ਰਕਮ
NEXT STORY